ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਤਰਨਤਾਰਨ ’ਚ ਸਜਿਆ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਤਰਨਤਾਰਨ ’ਚ ਸਜਿਆ ਅਲੌਕਿਕ ਨਗਰ ਕੀਰਤਨ
Publish Date: Mon, 23 Nov 2026 07:44 PM (IST)
Updated Date: Mon, 23 Nov 2026 07:46 PM (IST)
ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਭਰੀ ਹਾਜਰੀ, ਸਕੂਲਾਂ ਦੇ ਵਿਦਆਰਥੀਆਂ ਨੇ ਵੀ ਕੀਤੀ ਸ਼ਮੂਲੀਅਤ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ ਤਰਨਤਾਰਨ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਜਾਇਆ ਗਿਆ। ਇਹ ਨਗਰ ਕੀਰਤਨ ਸਥਾਨਕ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤੋਂ ਆਰੰਭ ਹੋਇਆ, ਜਿਥੇ ਪੰਜਾਬ ਪੁਲਿਸ ਦੀ ਟੁਕੜੀ ਨੇ ਗੁਰੂ ਸਾਹਿਬ ਜੀ ਨੂੰ ਸਤਿਕਾਰ ਵਜੋਂ ਸਲਾਮੀ ਭੇਟ ਕੀਤੀ। ਉਪਰੰਤ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਹਰਜਿੰਦਰ ਸਿੰਘ ਪੱਟੀ ਨੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਜੋੜਾ ਘਰ ਸੇਵਕ ਜਥਾ ਵਲੋਂ ਮੈਨੇਜਰ ਅਤੇ ਸੰਗਤ ਦੇ ਸਹਿਯੋਗ ਨਾਲ ਸਜਾਏ ਗਏ ਇਸ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਵੇਰੇ ਕਰੀਬ ਸਾਢੇ 11 ਵਜੇ ਹੋਈ। ਉਪਰੰਤ ਇਹ ਨਗਰ ਕੀਰਤਨ ਗੁਰਦੁਆਰਾ ਭਗਤ ਨਾਮਦੇਵ ਜੀ, ਨੂਰਦੀ ਬਾਜ਼ਾਰ, ਚੌਂਕ ਭਾਨ ਸਿੰਘ ਵਾਲਾ, ਗੁਰੂ ਬਾਜ਼ਾਰ, ਗਾਰਦ ਬਾਜ਼ਾਰ, ਚੌਕ ਚਾਰ ਖੰਬਾ, ਤਹਿਸੀਲ ਚੌਕ, ਸ੍ਰੀ ਦਰਬਾਰ ਸਾਹਿਬ ਬਾਜ਼ਾਰ, ਅੱਡਾ ਬਾਜ਼ਾਰ, ਬੋਹੜੀ ਚੌਕ, ਪੁਰਾਣੀ ਝਬਾਲ ਰੋਡ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿਚ ਜਿੱਥੇ ਹਜਾਰਾਂ ਦੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ, ਉਥੇ ਹੀ ਚੌਕੀ ਸਾਹਿਬ ਸ਼ਬਦੀ ਜਥੇ ਦੇ ਮੁੱਖ ਸੇਵਾਦਾਰ ਭਾਈ ਮਨਜਿੰਦਰ ਸਿੰਘ ਬਹਿਲਾ ਦੀ ਅਗਵਾਈ ਹੇਠ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਨਗਾਰੇ ਦੀ ਸੇਵਾ ਅਮਰਜੀਤ ਸਿੰਘ ਬਿੱਲਾ ਨੇ ਨਿਭਾਈ। ਜਦੋਂਕਿ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਸਮੇਤ ਹਿੱਸਾ ਲਿਆ। ਕਈ ਵਿਦਿਆਰਥੀ ਪੰਜ ਪਿਆਰਿਆਂ ਦੇ ਰੂਪ ਵਿਚ ਵੀ ਸਜੇ ਹੋਏ ਸਨ। ਇਸ ਤੋਂ ਇਲਾਵਾ ਫੌਜੀ ਬੈਂਡ ਨੇ ਵੀ ਨਗਰ ਕੀਰਤਨ ਦੀ ਸ਼ੋਭਾ ਵਧਾਈ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਨਗਰ ਕੀਰਤਨ ਦੇ ਪਹੁੰਚਣ ’ਤੇ ਸੰਗਤਾਂ ਵਲੋਂ ਗੁਰੂ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਜਦੋਂਕਿ ਕਈ ਪੜਾਵਾਂ ’ਤੇ ਸ਼ਰਧਾਲੂਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਸੰਗਤ ਵਿਚ ਵਰਤਾਏ ਗਏ। ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸ ਅਸਥਾਨਕ ਸਰਾਂ ਵਿਖੇ ਪਹੁੰਚਣ ’ਤੇ ਜੋੜਾ ਘਰ ਸੇਵਕ ਜਥਾ, ਮੈਨੇਜਰ ਸ੍ਰੀ ਦਰਬਾਰ ਸਾਹਿ ਅਤੇ ਹੋਰ ਸ਼ਖਸੀਅਤਾਂ ਵਲੋਂ ਨਗਰ ਕੀਰਤਨ ਵਿਚ ਸ਼ਾਮਲ ਸਕੂਲਾਂ, ਸ਼ਬਦੀ ਜਥਿਆਂ ਤੇ ਹੋਰ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ---------- ਬਾਕਸ- ਸ੍ਰੀ ਦਰਬਾਰ ਸਾਹਿਬ ’ਚ ਅੱਜ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਜੋੜਾ ਘਰ ਸੇਵਕ ਜਥੇ ਦੇ ਸੇਵਾਦਾਰ ਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਹਾਲ ਵਿਚ ਗੁਰਮਿਤ ਸਮਾਗਮ ਕਰਵਾਇਆ ਜਾਵੇਗਾ। ਦੁਪਹਿਰ 12 ਤੋਂ ਰਾਤ ਸਾਢੇ 10 ਵਜੇ ਤਕ ਹੋਣ ਵਾਲੇ ਇਸ ਸਮਾਗਮ ਵਿਚ ਵੱਖ-ਵੱਖ ਜਥੇ ਸੰਗਤ ਨੂੰ ਹਰਿ ਜਸ ਸਰਵਣ ਕਰਵਾ ਕੇ ਨਿਹਾਲ ਕਰਨਗੇ।