- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਬਚਾਉਣ ਵਾਸਤੇ ਖੇਤਰੀ ਪਾਰਟੀ ਅਕਾਲੀ ਦਲ ਦੀ ਚੋਣ ਜਰੂਰੀ : ਸੁਖਬੀਰ ਬਾਦਲ

ਤਰਨਤਾਰਨ ’ਚ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ, ਮਸਲੇ ਸੁਣੇ
- ਕਿਹਾ- ਰੇਤਾ ਵਾਜਬ ਕੀਮਤਾਂ ’ਤੇ ਮਿਲੇਗਾ, ਬਿਜਲੀ ਪੰਜ ਰੁਪਏ ਪ੍ਰਤੀ ਯੂਨਿਟ ਮਿਲੇਗੀ
- ਰਾਹਤ ਸਕੀਮ ਮੁੜ ਸ਼ੁਰੂ ਕਰਨ ਦੇ ਨਾਲ-ਨਾਲ ਕਾਨੂੰਨ ਵਿਵਸਥਾ ਵਾਸਤੇ ਹੋਵੇਗੀ ਸਖ਼ਤ ਨਿਗਰਾਨੀ
ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ
ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਦੀ ਚੋਣ ਕਰਨ ਵੇਲੇ ਸਹੀ ਫੈਸਲਾ ਲੈਣ, ਜੋ ਸੂਬੇ ਦੇ ਮਸਲਿਆਂ ਨੂੰ ਹੱਲ ਕਰਨ ਵਾਸਤੇ ਬਹੁਤ ਜ਼ਰੂਰੀ ਹੈ। ਉਹ ਸੋਮਵਾਰ ਨੂੰ ਤਰਨਤਾਰਨ ਵਿਚ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਵਪਾਰੀਆਂ, ਉਦਯੋਗਪਤੀਆਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰ ਰਹੇ ਸਨ।
ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਮੇਂ ਦੀ ਜ਼ਰੂਰਤ ਹੈ ਕਿ ਪੰਜਾਬ ਨੂੰ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਸਤੇ ਜ਼ਰੂਰੀ ਹੈ ਕਿ ਪੰਜਾਬੀ ਪਹਿਲਾਂ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ, ਆਮ ਆਦਮੀ ਪਾਰਟੀ ਤੇ ਹੋਰ ਪਾਰਟੀਆਂ ਤਾਂ ਸਿਰਫ ਪੰਜਾਬ ਨੂੰ ਲੁੱਟਣ ਆਈਆਂ ਹਨ, ਜਿਨ੍ਹਾਂ ਨੂੰ ਸੂਬੇ ਦੀ ਕੋਈ ਅਸਲ ਚਿੰਤਾ ਨਹੀਂ ਹੈ।
ਬਿਲਡਿੰਗ ਮਟੀਰੀਅਲ ਟਰੇਡਰਜ਼ ਯੂਨੀਅਨ ਦੇ ਮੁਖੀ ਗੁਰਸ਼ਰਨਜੀਤ ਸਿੰਘ ਨੇ ਦੱਸਿਆ ਕਿ 10 ਸਾਲਾਂ ਵਿਚ ਰੇਤੇ ਦੀਆਂ ਕੀਮਤਾਂ 2400 ਰੁਪਏ ਤੋਂ ਵੱਧ ਕੇ 10 ਹਜ਼ਾਰ ਰੁਪਏ ਹੋ ਗਈਆਂ ਹਨ। ਜਿਸਦੇ ਜਵਾਬ ਵਿਚ ਬਾਦਲ ਨੇ ਭਰੋਸਾ ਦੁਆਇਆ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਰੇਤਾ ਵਾਜਬ ਕੀਮਤਾਂ ’ਤੇ ਮਿਲੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਾਲਿਆਂ ਵੱਲੋਂ ਰੇਤ ਮਾਇਨਿੰਗ ਰਾਹੀਂ ਕੀਤੀ ਜਾ ਰਹੀ ਲੁੱਟ ਬੰਦ ਕੀਤੀ ਜਾਵੇਗੀ ਤੇ ਉਸ ਵੱਲੋਂ ਲੁੱਟਿਆ ਪੈਸਾ ਵਸੂਲਿਆ ਜਾਵੇਗਾ। ਇੰਡਸਟਰੀ ਯੂਨੀਅਨ ਦੇ ਹਰਭਜਨ ਸਿੰਘ ਨੇ ਮੰਗ ਰੱਖੀ ਕਿ ਫੋਕਲ ਪੁਆਇੰਟ ਵਿਚ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਵਾਰ-ਵਾਰ ਬਿਜਲੀ ਕੱਟ ਲੱਗਣ ’ਤੇ ਰੋਸ ਪ੍ਰਗਟਾਇਆ ਤਾਂ ਬਾਦਲ ਨੇ ਯਾਦ ਕਰਵਾਇਆ ਕਿ ਫੋਕਲ ਪੁਆਇੰਟਾਂ ਦਾ ਨਿਰਮਾਣ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੋਇਆ ਸੀ। ਉਨ੍ਹਾਂ ਭਰੋਸਾ ਦੁਆਇਆ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਾ ਸਿਰਫ ਇਨ੍ਹਾਂ ਦੀ ਮੁਰੰਮਤ ਕੀਤੀ ਜਾਵੇਗੀ, ਬਲਕਿ ਇਨ੍ਹਾਂ ਦਾ ਮੁੜ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਡੇਢ ਸਾਲ ਦੇ ਅੰਦਰ ਅੰਦਰ ਪੰਜਾਬ ਨੂੰ ਮੁੜ ਤੋਂ ਬਿਜਲੀ ਸਰਪਲੱਸ ਸੂਬਾ ਬਣਾਇਆ ਜਾਵੇਗਾ।
ਇਲੈਕਟ੍ਰਾਨਿਕਸ ਗੁੱਡਜ਼ ਟਰੇਡਰਜ਼ ਯੂਨੀਅਨ ਦੇ ਨਰੇਸ਼ ਚਾਵਲਾ ਨੇ ਦੁਕਾਨਾਂ ਵਾਸਤੇ ਕਿਫਾਇਤੀ ਬਿਜਲੀ ਦੀ ਮੰਗ ਕੀਤੀ,
ਐਡਵੋਕੇਟ ਆਦੇਸ਼ ਅਗਨੀਹੋਤਰੀ ਨੇ ਜੀਐੱਸਟੀ ਕਾਰਨ ਹੁੰਦੀ ਤੰਗ ਪਰੇਸ਼ਾਨੀ ਤੇ ਮਾੜੀ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ, ਜਿਸ ’ਤੇ ਬਾਦਲ ਨੇ ਰਾਹਤ ਸਕੀਮ ਮੁੜ ਸ਼ੁਰੂ ਕਰਨ, ਦੁਕਾਨਦਾਰਾਂ ਤੋਂ ਯਕਮੁਸ਼ਤ ਨਿਗੂਣਾ ਟੈਕਸ ਲੈਣ, ਗੈਂਗਸਟਰਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਰਿੰਦਰ ਅਗਰਵਾਲ, ਸੁਰਜੀਤ ਆਹੂਜਾ, ਪਰਮਿੰਦਰਜੀਤ ਸਿੰਘ ਤੇ ਸੁਭਾਸ਼ ਕੁਮਾਰ ਨੇ ਵੀ ਆਪਣੇ ਸੁਝਾਅ ਰੱਖੇ ਜਿਸ ’ਤੇ ਅਕਾਲੀ ਦਲ ਪ੍ਰਧਾਨ ਨੇ ਭਰੋਸਾ ਦੁਆਇਆ ਕਿ ਇਹ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰ ਦੀ ਹਮਾਇਤ ਦੀ ਅਪੀਲ ਕਰਦਿਆਂ ਕਿਹਾ ਕਿ ਕੰਚਨਪ੍ਰੀਤ ਕੌਰ ਦੀ ਚੋਣ ਇਸ ਹਲਕੇ ਤੋਂ ਕੀਤੀ ਜਾਵੇ। ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਬਾਵਜੂਦ ਵੀ ਕੰਚਨਪ੍ਰੀਤ ਕੌਰ ਹਲਕੇ ਦੇ ਲੋਕਾਂ ਵਾਸਤੇ ਲੜ ਰਹੇ ਹਨ। ਇਸ ਮੌਕੇ ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਅਮਿਤ ਕਪੂਰ ਨੇ ਵੀ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰਨ ਤੇ ਪਾਰਟੀ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਤੋਂ ਇਲਾਵਾ ਤਰਨਤਾਰਨ ਵਿਧਾਨ ਸਭਾ ਹਲਕੇ ਨਾਲ ਸਬੰਧਤ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਆਗੂ ਤੇ ਵਰਕਰ ਵੀ ਮੌਜੂਦ ਰਹੇ।