ਡਿਪਟੀ ਡੀਈਓ ਰਜਿੰਦਰ ਕੌਰ ਨੇ ਕੀਤਾ ਸਰਕਾਰੀ ਸਕੂਲਾਂ ਦਾ ਦੌਰਾ ਡਿਪਟੀ ਡੀਈਓ ਰਜਿੰਦਰ ਕੌਰ ਨੇ ਕੀਤਾ ਸਰਕਾਰੀ ਸਕੂਲਾਂ ਦਾ ਦੌਰਾ
Publish Date: Tue, 24 Nov 2026 04:36 PM (IST)
Updated Date: Tue, 24 Nov 2026 04:37 PM (IST)
ਮਿਡ-ਡੇ-ਮੀਲ ਤੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ ਲਵਦੀਪ ਦੇਵਗਨ•, ਪੰਜਾਬੀ ਜਾਗਰਣ ਸਰਹਾਲੀ ਕਲਾਂ : ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਜਿੰਦਰ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਰਹਾਲੀ ਲੜਕੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸਕੂਲਾਂ ’ਚ ਚੱਲ ਰਹੀਆਂ ਸਿੱਖਿਆ ਤੇ ਵਿਦਿਆਰਥੀਆਂ ਦੀ ਭਲਾਈ ਨਾਲ ਸਬੰਧਿਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਮਿਡ-ਡੇ-ਮੀਲ ਦੇ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਦੌਰੇ ਦੌਰਾਨ ਰਜਿੰਦਰ ਕੌਰ ਨੇ ਮਿਡ-ਡੇ-ਮੀਲ ਦੀ ਗੁਣਵੱਤਾ, ਖਾਣਾ ਤਿਆਰ ਕਰਨ ਦੀ ਪ੍ਰਕਿਰਿਆ ਤੇ ਖਾਣਾ ਪਰੋਸਣ ਸਮੇਂ ਵਰਤੀ ਜਾਂਦੀ ਸਫ਼ਾਈ ਦਾ ਨਿਰੀਖਣ ਕੀਤਾ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਸਾਫ਼-ਸੁਥਰਾ, ਪੌਸ਼ਟਿਕ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਚਨ ਸ਼ੈੱਡ ਦੀ ਸਫ਼ਾਈ ਤੇ ਸੁਚੱਜੇ ਰੱਖ-ਰਖਾਅ ਦੇ ਨਾਲ-ਨਾਲ ਕਿਚਨ ਗਾਰਡਨ ਨੂੰ ਵੀ ਵਿਸ਼ੇਸ਼ ਤੌਰ ’ਤੇ ਸੰਭਾਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲਾਂ ਦੇ ਆਲੇ-ਦੁਆਲੇ ਦੀ ਸਫ਼ਾਈ, ਕੂੜੇ ਦੇ ਸੁਚੱਜੇ ਨਿਪਟਾਰੇ ਅਤੇ ਸਾਫ਼-ਸੁਥਰੇ ਵਾਤਾਵਰਨ ਨੂੰ ਬਣਾਈ ਰੱਖਣ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਦੱਸਿਆ। ਇਸ ਮੌਕੇ ਮਿਡ-ਡੇ-ਮੀਲ ਵਰਕਰਾਂ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਸਫ਼ਾਈ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਖਾਣਾ ਬਣਾਉਣ ਤੋਂ ਪਹਿਲਾਂ ਅਤੇ ਬਾਅਦ ’ਚ ਹੱਥਾਂ ਦੀ ਸਫ਼ਾਈ, ਰਸੋਈ ਦੇ ਭਾਂਡਿਆਂ ਦੀ ਸਾਫ਼-ਸਫ਼ਾਈ, ਭੋਜਨ ਨੂੰ ਢੱਕ ਕੇ ਰੱਖਣ ਤੇ ਨਿੱਜੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਸਰਹਾਲੀ ਲੜਕੀਆਂ ਦੇ ਦੌਰੇ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਲਿਖਣ ਦੇ ਗੁਰ ਸਿਖਾਏ ਅਤੇ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਦੀ ਤਿਆਰੀ ਸਬੰਧੀ ਵੀ ਵਿਸ਼ੇਸ਼ ਦਿਲਚਸਪੀ ਦਿਖਾਈ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦਾ ਇਕ ਮਹੱਤਵਪੂਰਨ ਮੌਕਾ ਹੈ। ਇਸ ਲਈ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਵਿਸ਼ੇਸ਼ ਤੇ ਯੋਜਨਾਬੱਧ ਤਿਆਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਿਯਮਤ ਅਭਿਆਸ, ਮੌਕ ਟੈਸਟ ਅਤੇ ਵਿਸ਼ੇ ਅਨੁਸਾਰ ਮਾਰਗਦਰਸ਼ਨ ਦੇ ਕੇ ਪ੍ਰੀਖਿਆ ਲਈ ਆਤਮ-ਵਿਸ਼ਵਾਸ ਨਾਲ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਉਣਾ ਵੀ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਵਿਭਾਗੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲਾਂ ਵਿਚ ਸਫ਼ਾਈ, ਸਿਹਤ, ਪੋਸ਼ਣ ਅਤੇ ਮਿਆਰੀ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬੀਰਿੰਦਰ ਸਿੰਘ ਲਹਿਰੀ ਸਹਾਇਕ ਨੋਡਲ ਇੰਚਾਰਜ ਸੈਕੰਡਰੀ ਅਤੇ ਪ੍ਰੇਮ ਸਿੰਘ ਸਹਾਇਕ ਜ਼ਿਲ੍ਹਾ ਨੋਡਲ ਇੰਚਾਰਜ ਪ੍ਰਾਇਮਰੀ ਵੀ ਮੌਜੂਦ ਸਨ।