ਜਨਗਣਨਾ ਸਬੰਧੀ ਜ਼ਿਲ੍ਹੇ ’ਚ ਡਿਜੀਟਲ ਵੈਨ ਰਾਹੀਂ ਫ਼ੈਲਾਈ ਜਾ ਰਹੀ ਹੈ ਜਾਗਰੂਕਤਾ ਜਨਗਣਨਾ ਸਬੰਧੀ ਜ਼ਿਲ੍ਹੇ ’ਚ ਡਿਜੀਟਲ ਵੈਨ ਰਾਹੀਂ ਫ਼ੈਲਾਈ ਜਾ ਰਹੀ ਹੈ ਜਾਗਰੂਕਤਾ
Publish Date: Wed, 25 Nov 2026 05:59 PM (IST)
Updated Date: Wed, 25 Nov 2026 06:01 PM (IST)
ਨਾਗਰਿਕ ਘਰ ਬੈਠੇ 30 ਨਵੰਬਰ ਤਕ ਕਰ ਸਕਦੇ ਹਨ ਆਪਣੀ ਆਨਲਾਈਨ ਸਵੈ-ਗਣਨਾ ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਜਨਗਣਨਾ-2027 ਸਬੰਧੀ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਅਤੇ ਇਸ ਕੌਮੀ ਮਹੱਤਵ ਵਾਲੇ ਕਾਰਜ ’ਚ ਹਰੇਕ ਨਾਗਰਿਕ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਤਰਨਤਾਰਨ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡਿਜੀਟਲ ਐੱਲਈਡੀ ਵੈਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੇ ਪਿੰਡਾਂ ’ਚ ਆਡੀਓ-ਵੀਡੀਓ ਸੰਦੇਸ਼ਾਂ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ, ਜਨਗਣਨਾ ਦੀ ਪ੍ਰਕਿਰਿਆ, ਇਸ ਦੇ ਮਹੱਤਵ ਤੇ ਇਸ ਨਾਲ ਜੁੜੀਆਂ ਆਨਲਾਈਨ ਸਹੂਲਤਾਂ ਬਾਰੇ ਜਾਣਕਾਰੀ ਦੇ ਰਹੀ ਹੈ। ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਇਹ ਵੈਨ ਲੋਕਾਂ ਨੂੰ ਜਨਗਣਨਾ-2027 ਦੇ ਅਹਿਮ ਕਾਰਜ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰੇਰਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਡਿਜੀਟਲ ਵੈਨ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਵਿਚ ਭਾਸ਼ਣ, ਲੇਖ, ਪੇਂਟਿੰਗ, ਪੋਸਟਰ ਮੇਕਿੰਗ ਮੁਕਾਬਲੇ ਅਤੇ ਪੈਂਫਲਿਟ ਵੰਡ ਸਮੇਤ ਹੋਰ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਜਨਗਣਨਾ ਸਬੰਧੀ ਜਾਣਕਾਰੀ ਹਰ ਵਰਗ ਦੇ ਲੋਕਾਂ ਤਕ ਪਹੁੰਚਾਈ ਜਾ ਸਕੇ। ਇਸੇ ਤਰ੍ਹਾਂ ਪ੍ਰੈੱਸ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ, ਫਲੈਕਸ ਬੋਰਡਾਂ ਅਤੇ ਪ੍ਰਚਾਰ ਦੇ ਹੋਰਨਾਂ ਸਾਧਨਾਂ ਰਾਹੀਂ ਵੀ ਘਰ-ਘਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ-2027 ਤਹਿਤ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਉਪਲੱਬਧ ਹੈ। ਇਸ ਸਹੂਲਤ ਰਾਹੀਂ ਨਾਗਰਿਕ ਘਰ ਬੈਠੇ ਅਧਿਕਾਰਤ ਪੋਰਟਲ ’ਤੇ ਜਾ ਕੇ ਆਪਣੇ ਪਰਿਵਾਰ ਸਬੰਧੀ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਪਰਿਵਾਰ ਨੂੰ ਇਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ ਐੱਸਈ ਆਈਡੀ ਮਿਲੇਗਾ, ਜਿਸ ਨੂੰ ਬਾਅਦ ’ਚ ਘਰ-ਘਰ ਆਉਣ ਵਾਲੇ ਅਧਿਕਾਰਤ ਜਨਗਣਨਾ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ। ਉਨ੍ਹਾਂ ਨਾਗਰਿਕਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਵੈ-ਗਣਨਾ ਦੀ ਸਹੂਲਤ ਦਾ ਲਾਭ ਉਠਾਉਣ, ਸਹੀ ਜਾਣਕਾਰੀ ਦਰਜ ਕਰਵਾਉਣ ਅਤੇ ਇਸ ਪ੍ਰਕਿਰਿਆ ’ਚ ਆਪਣਾ ਯੋਗਦਾਨ ਪਾ ਕੇ ਇਸ ਕੌਮੀ ਕਾਰਜ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।