ਪੰਜਾਬ ਦੇ ਲੋਕ ਗਠਜੋੜ ਦੀ ਸਿਆਸਤ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ : ਪੰਡੋਰੀ ਪੰਜਾਬ ਦੇ ਲੋਕ ਗਠਜੋੜ ਦੀ ਸਿਆਸਤ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ : ਪੰਡੋਰੀ
Publish Date: Thu, 26 Nov 2026 05:14 PM (IST)
Updated Date: Thu, 26 Nov 2026 05:16 PM (IST)
ਕਿਹਾ, ਇਹ ਫ਼ੈਸਲਾ ਪੰਜਾਬ ਦੇ ਲੋਕਾਂ, ਕਿਸਾਨ ਅੰਦੋਲਨ ਤੇ ਧਰਮ ਨਿਰਪੱਖ ਭਵਿੱਖ ਨਾਲ ਜੁੜੇ ਸਰੋਕਾਰਾਂ ਦੇ ਉਲਟ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀਆਈ ਦੀ ਮੀਟਿੰਗ ਪਾਰਟੀ ਆਗੂ ਨਰਿੰਦਰ ਸਿੰਘ ਰਟੌਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਮੁੜ ਚੋਣ ਗੱਠਜੋੜ ਕਰਨ ਦੇ ਫ਼ੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੋਕਾਂ, ਕਿਸਾਨ ਅੰਦੋਲਨ ਤੇ ਦੇਸ਼ ਦੇ ਜਮਹੂਰੀ ਤੇ ਧਰਮ ਨਿਰਪੱਖ ਭਵਿੱਖ ਨਾਲ ਜੁੜੇ ਸਰੋਕਾਰਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਸਿਧਾਂਤਕ ਸਮਝੌਤਾ ਨਹੀਂ, ਸਗੋਂ ਸਿਆਸੀ ਲਾਭ ਅਤੇ ਸੱਤਾ ਪ੍ਰਾਪਤੀ ਨੂੰ ਮੁੱਖ ਰੱਖ ਕੇ ਕੀਤਾ ਗਿਆ ਫ਼ੈਸਲਾ ਹੈ। ਪੰਡੋਰੀ ਨੇ ਕਿਹਾ ਕਿ ਜਦੋਂ ਦਿੱਲੀ ਦੀਆਂ ਸਰਹੱਦਾਂ ’ਤੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਇਤਿਹਾਸਕ ਸੰਘਰਸ਼ ਲੜ ਰਹੇ ਸਨ, ਤਾਂ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣਾ ਗੱਠਜੋੜ ਤੋੜ ਲਿਆ ਸੀ। ਪਰ ਹੁਣ ਉਸੇ ਪਾਰਟੀ ਨਾਲ ਮੁੜ ਸਿਆਸੀ ਸਾਂਝ ਪਾਉਣ ਨਾਲ ਅਕਾਲੀ ਦਲ ਦੇ ਪੁਰਾਣੇ ਫ਼ੈਸਲੇ ਤੇ ਮੌਜੂਦਾ ਸਿਆਸੀ ਪੈਂਤੜੇ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿਸਾਨ ਅੰਦੋਲਨ ਸਮੇਂ ਭਾਜਪਾ ਨਾਲੋਂ ਨਾਤਾ ਤੋੜਨ ਦਾ ਆਧਾਰ ਕੀ ਸੀ ਅਤੇ ਹੁਣ ਮੁੜ ਗੱਠਜੋੜ ਕਰਨ ਪਿੱਛੇ ਕੀ ਕਾਰਨ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਜਮਹੂਰੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਰਾਖੀ ਲਈ ਵੱਖ-ਵੱਖ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਸੰਵਿਧਾਨਕ ਸੰਸਥਾਵਾਂ ਦੀ ਕਾਰਜਪ੍ਰਣਾਲੀ, ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਧਰਮ ਨਿਰਪੱਖਤਾ ਨਾਲ ਜੁੜੇ ਮੁੱਦਿਆਂ ’ਤੇ ਲਗਾਤਾਰ ਚਰਚਾ ਹੋ ਰਹੀ ਹੈ। ਅਜਿਹੇ ਸਮੇਂ ਭਾਜਪਾ ਨਾਲ ਮੁੜ ਗੱਠਜੋੜ ਕਰਨਾ ਅਕਾਲੀ ਦਲ ਦੀ ਸਿਆਸੀ ਪਹੁੰਚ ’ਤੇ ਕਈ ਸਵਾਲ ਖੜ੍ਹੇ ਕਰਦਾ ਹੈ। ਪੰਡੋਰੀ ਨੇ ਕਿਹਾ ਕਿ ਸਿੱਖ ਇਤਿਹਾਸ ਜ਼ੁਲਮ, ਬੇਇਨਸਾਫ਼ੀ ਅਤੇ ਤਾਨਾਸ਼ਾਹੀ ਵਿਰੁੱਧ ਡਟ ਕੇ ਖੜ੍ਹਨ ਦੀ ਪ੍ਰੇਰਨਾ ਦਿੰਦਾ ਹੈ। ਇਸ ਲਈ ਸਿਆਸੀ ਪਾਰਟੀਆਂ ਨੂੰ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਿਆਸਤ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ, ਜਿਸ ਵਿਚ ਲੋਕਾਂ ਦੇ ਸੰਘਰਸ਼ਾਂ ਅਤੇ ਭਾਵਨਾਵਾਂ ਨੂੰ ਸਿਆਸੀ ਲਾਭ ਲਈ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਿਚ ਮੁੜ ਉਸ ਸਿਆਸੀ ਪਹੁੰਚ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਹੈ, ਜਿਸ ਨੂੰ ਲੋਕ ਪਹਿਲਾਂ ਵੀ ਆਪਣੇ ਸੰਘਰਸ਼ਾਂ ਰਾਹੀਂ ਚੁਣੌਤੀ ਦਿੰਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਮਹੂਰੀ ਤੇ ਸੰਘਰਸ਼ਸ਼ੀਲ ਜਨਤਾ ਅਜਿਹੀਆਂ ਸਿਆਸੀ ਨੀਤੀਆਂ ਦਾ ਵਿਰੋਧ ਕਰੇਗੀ। ਅੰਤ ਵਿਚ ਉਨ੍ਹਾਂ ਆਰਐੱਮਪੀਆਈ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਸ ਗੱਠਜੋੜ ਦੀ ਸਿਆਸੀ ਪੱਧਰ ’ਤੇ ਮੁਖਾਲਫ਼ਤ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕਤਾ ਮਜ਼ਬੂਤ ਕਰਨ ਅਤੇ ਸੰਵਿਧਾਨ, ਲੋਕਤੰਤਰ, ਧਰਮ ਨਿਰਪੱਖਤਾ ਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਸੰਘਰਸ਼ਸ਼ੀਲ ਤਾਕਤਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਜਸਬੀਰ ਕੌਰ ਕੈਰੋਵਾਲ, ਮਨਜੀਤ ਕੌਰ, ਹਰਬੰਸ ਸਿੰਘ ਕੈਰੋਵਾਲ, ਬਲਵਿੰਦਰ ਸਿੰਘ ਮੱਜੂਪੁਰ, ਵਸਣ ਸਿੰਘ ਮੱਜੂਪੁਰ, ਕੁਲਦੀਪ ਸਿੰਘ ਰਟੋਲ, ਮੰਗਲ ਸਿੰਘ ਰਟੋਲ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।