ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਮਜ਼ਬੂਤੀ, ਤਰੱਕੀ ਤੇ ਖੁਸ਼ਹਾਲੀ ਲਈ ਨਵੀਂ ਉਮੀਦ : ਰੁਪਿੰਦਰ ਕੌਰ ਬ੍ਰਹਮਪੁਰਾ ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੀ ਮਜ਼ਬੂਤੀ, ਤਰੱਕੀ ਤੇ ਖੁਸ਼ਹਾਲੀ ਲਈ ਨਵੀਂ ਉਮੀਦ : ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ
Publish Date: Thu, 26 Nov 2026 05:45 PM (IST)
Updated Date: Thu, 26 Nov 2026 05:46 PM (IST)
ਪੰਜਾਬ ਦੇ ਹਿੱਤਾਂ ਦੀ ਰਾਖੀ ਤੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਦੋਵਾਂ ਪਾਰਟੀਆਂ ਦੀ ਸਿਆਸੀ ਸਾਂਝ ਅਹਿਮ ਸਾਬਿਤ ਹੋਵੇਗੀ ਰਾਕੇਸ਼ ਨਈਅਰ•, ਪੰਜਾਬੀ ਜਾਗਰਣ ਚੋਹਲਾ ਸਾਹਿਬ : ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਿਆਸੀ ਸਾਂਝ ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਲੋਕ ਹਿੱਤਾਂ ਦੀ ਰਾਖੀ ਲਈ ਅਹਿਮ ਕਦਮ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ਨੂੰ ਅਜਿਹੀ ਮਜ਼ਬੂਤ ਤੇ ਤਜ਼ਰਬੇਕਾਰ ਅਗਵਾਈ ਦੀ ਲੋੜ ਹੈ, ਜੋ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇ ਅਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਹਰ ਵਰਗ ਦੀ ਭਲਾਈ ਲਈ ਲੰਮਾ ਇਤਿਹਾਸ ਰਿਹਾ ਹੈ, ਜਦਕਿ ਭਾਜਪਾ ਨਾਲ ਗੱਠਜੋੜ ਸੂਬੇ ਦੇ ਵਿਕਾਸ ਤੇ ਲੋਕਾਂ ਦੀਆਂ ਭਲਾਈ ਯੋਜਨਾਵਾਂ ਨੂੰ ਨਵੀਂ ਦਿਸ਼ਾ ਦੇਣ ਵਿਚ ਸਹਾਈ ਹੋ ਸਕਦਾ ਹੈ। ਰੁਪਿੰਦਰ ਕੌਰ ਬ੍ਰਹਮਪੁਰਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਆਪਸੀ ਤਾਲਮੇਲ, ਇਕਜੁੱਟਤਾ ਅਤੇ ਮਜ਼ਬੂਤ ਇਰਾਦੇ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਮਨ-ਸ਼ਾਂਤੀ, ਰੁਜ਼ਗਾਰ, ਕਿਸਾਨੀ ਦੀ ਮਜ਼ਬੂਤੀ, ਨੌਜਵਾਨਾਂ ਦੇ ਸੁਨਹਿਰੇ ਭਵਿੱਖ ਅਤੇ ਸੂਬੇ ਦੀ ਆਰਥਿਕ ਤਰੱਕੀ ਚਾਹੁੰਦੀ ਹੈ। ਇਸ ਗੱਠਜੋੜ ਦਾ ਮੁੱਖ ਮਕਸਦ ਵੀ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਵੱਲ ਲਿਜਾਣਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਕਾਲੀ ਦਲ-ਭਾਜਪਾ ਗੱਠਜੋੜ ਆਉਣ ਵਾਲੇ ਸਮੇਂ ’ਚ ਪੰਜਾਬ ਦੀ ਸਿਆਸਤ ’ਚ ਅਹਿਮ ਭੂਮਿਕਾ ਨਿਭਾਏਗਾ ਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਯਤਨਸ਼ੀਲ ਰਹੇਗਾ।