ਹਫ਼ਤਾਵਾਰੀ ਚੁਪਹਿਰਾ ਸਮਾਗਮ ਮੌਕੇ ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਜੁੜੀ ਸੰਗਤ ਹਫਤਾਵਾਰੀ ਚੁਪਹਿਰਾ ਸਮਾਗਮ ਮੌਕੇ ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਜੁੜੀ ਸੰਗਤ
Publish Date: Sun, 29 Nov 2026 04:40 PM (IST)
Updated Date: Sun, 29 Nov 2026 04:41 PM (IST)
ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਧੰਨ ਧੰਨ ਬਾਬਾ ਦੀਪ ਸਿੰਘ ਜੀ ਨਾਲ ਸਬੰਧਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ ਵਿਖੇ ਐਤਵਾਰ ਨੂੰ ਹਫ਼ਤਾਵਾਰੀ ਚੁਪਹਿਰਾ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਅਤੇ ਸੰਗਤੀ ਰੂਪ ’ਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਸ੍ਰੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਸੰਗਤ ਨੂੰ ਸਮੂਹਿਕ ਪਾਠ ਕਰਵਾਉਣ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਹਰ ਐਤਵਾਰ ਨੂੰ ਚੁਪਹਿਰਾ ਸਮਾਗਮ ਹੁੰਦਾ ਹੈ ਅਤੇ ਹਰ ਹਫਤੇ ਇਥੇ ਵੱਡੀ ਗਿਣਤੀ ਸੰਗਤ ਹਾਜ਼ਰੀ ਭਰਨ ਲਈ ਪਹੁੰਚਦੀ ਹੈ। ਸ਼ਰਧਾਲੂਆਂ ਦੀ ਭਾਰੀ ਆਮਦ ਦੇ ਚੱਲਦਿਆਂ ਸ੍ਰੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਪ੍ਰਕਾਰ ਦੀਆਂ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ, ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਤੇ ਹੋਰ ਅਹੁਦੇਦਾਰਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਸ਼ਹਿਰ ਦੇ ਨਾਲ-ਨਾਲ ਆਸ ਪਾਸ ਦੇ ਇਲਾਕਿਆਂ ਤੋਂ ਵੀ ਸੰਗਤ ਇਥੇ ਪਹੁੰਚਦੀ ਹੀ ਹੈ। ਨਾਲ ਹੀ ਪਿੰਡਾਂ ਤੋਂ ਵੀ ਸ਼ਰਧਾਲੂ ਚੁਪਹਿਰਾ ਸਮਾਗਮ ’ਚ ਹਾਜ਼ਰੀ ਭਰਨ ਲਈ ਪਹੁੰਚਣ ਲੱਗੇ ਹਨ। ਜਿਨ੍ਹਾਂ ਦੀ ਸਹੂਲਤ ਲਈ ਦੀਵਾਨ ਹਾਲ ’ਚ ਜਿਥੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ। ਉਥੇ ਹੀ ਗੁਰੂ ਕੇ ਲੰਗਰ ਵੀ ਵਿਸ਼ੇਸ਼ ਤੌਰ ’ਤੇ ਤਿਆਰ ਹੁੰਦੇ ਹਨ। ਸਾਰਾ ਦਿਨ ਛਬੀਲ ਦਾ ਪ੍ਰਬੰਧ ਸ਼ਰਧਾਲੂਆਂ ਵੱਲੋਂ ਕੀਤਾ ਜਾਂਦਾ ਹੈ ਤੇ ਜੋੜਾ ਘਰ ਸੇਵਕ ਜਥੇ ਦੀ ਸੰਗਤ ਤਨਦੇਹੀ ਨਾਲ ਸੇਵਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਤੋਂ ਸ਼ਾਮ 4 ਵਜੇ ਤਕ ਹੋਣ ਵਾਲੇ ਇਸ ਸਮਾਗਮ ਦੌਰਾਨ ਸ੍ਰੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸੰਗਤ ਨੂੰ ਪਾਠ ਕਰਵਾਉਣ ਦੀ ਸੇਵਾ ਨਿਭਾਉਂਦੇ ਹਨ ਅਤੇ ਅਰਦਾਸ ਉਪਰੰਤ ਚੁਪਹਿਰਾ ਸਮਾਗਮ ਦੀ ਸਮਾਪਤੀ ਹੁੰਦੀ ਹੈ। ਸਰਦੀ ਹੋਵੇ ਜਾ ਗਰਮੀ, ਸੰਗਤ ਸਮਾਗਮ ਦੌਰਾਨ ਹਾਜ਼ਰੀ ਭਰਨ ਲਈ ਗੁਰੂ ਘਰ ਜ਼ਰੂਰ ਪੁੱਜਦੀ ਹੈ। ਇਸ ਮੌਕੇ ਸ੍ਰੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਿੰਸੀਪਲ ਬਖਸ਼ੀਸ਼ ਸਿੰਘ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਗ੍ਰੰਥੀ ਭਾਈ ਮੁਖਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਿਮਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਜਿਥੇ ਮੌਜੂਦ ਸਨ। ਉਥੇ ਹੀ ਵੱਡੀ ਗਿਣਤੀ ਸੇਵਾਦਾਰਾਂ ਨੇ ਜੋੜਾ ਘਰ ਅਤੇ ਛਬੀਲ ਤੋਂ ਇਲਾਵਾ ਪਾਰਕਿੰਗ ’ਚ ਵੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ। -------------- ਬਾਕਸ : ਗੁਰੂ ਘਰ ’ਚ ਚੱਲ ਰਹੀਆਂ ਸੇਵਾਵਾਂ ’ਚ ਸੰਗਤ ਲਵੇ ਹਿੱਸਾ : ਪੱਡਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਹੋਣ ਵਾਲੇ ਚੁਪਹਿਰਾ ਸਮਾਗਮ ’ਚ ਸੰਗਤ ਦੀ ਵਧ ਰਹੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਗੁਰੂ ਘਰ ਦੇ ਵਿਸਥਾਰ ਲਈ ਕਈ ਸੇਵਾਵਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਾਰਕਿੰਗ ਲਈ ਖਰੀਦੀ ਗਈ ਫਲੈਟਾਂ ਵਾਲੀ ਜਗ੍ਹਾ ਦੀ ਰਜਿਸਟਰੀ ਦਸੰਬਰ ਮਹੀਨੇ ’ਚ ਹੋਣ ਜਾ ਰਹੀ ਹੈ। ਨਾਲ ਹੀ ਗੁਰੂ ਘਰ ਅੰਦਰ ਹੋਰ ਸੇਵਾਵਾਂ ਚੱਲ ਰਹੀਆਂ ਹਨ। ਜਿਨ੍ਹਾਂ ਨੂੰ ਸੰਗਤ ਦੇ ਸਹਿਯੋਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਸੰਗਤ ਨੂੰ ਚੱਲ ਰਹੀਆਂ ਸੇਵਾਵਾਂ ਵਿਚ ਹਿੱਸਾ ਪਾਉਣ ਦੀ ਬੇਨਤੀ ਵੀ ਕੀਤੀ ਗਈ।