ਐੱਸਐੱਸਪੀ ਅਜੈ ਗਾਂਧੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੇ ਸ੍ਰੀ ਬਾਉਲੀ ਸਾਹਿਬ ਨਤਮਸਤਕ ਐੱਸਐੱਸਪੀ ਅਜੈ ਗਾਂਧੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੇ ਸ੍ਰੀ ਬਾਉਲੀ ਸਾਹਿਬ ਨਤਮਸਤਕ
Publish Date: Sun, 29 Nov 2026 05:19 PM (IST)
Updated Date: Sun, 29 Nov 2026 05:20 PM (IST)
ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਨਵ ਨਿਯੁਕਤ ਐੱਸਐੱਸਪੀ ਅਜੈ ਗਾਂਧੀ ਨੇ ਆਪਣਾ ਕਾਰਜਕਾਲ ਸ਼ੁਰੂ ਕਰਦਿਆਂ ਹੀ ਗੁਰੂ ਘਰਾਂ ’ਚ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਅਤੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਸ਼ਾਂਤੀ, ਖ਼ੁਸ਼ਹਾਲੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਐੱਸਐੱਸਪੀ ਅਜੈ ਗਾਂਧੀ ਨੇ ਗੁਰੂ ਘਰਾਂ ਦੀ ਅਧਿਆਤਮਿਕ ਮਹੱਤਤਾ ਅਤੇ ਸਿੱਖ ਇਤਿਹਾਸ ਨਾਲ ਜੁੜੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਗੁਰੂ ਸਾਹਿਬ ਜੀ ਅੱਗੇ ਅਰਦਾਸ ਕੀਤੀ ਕਿ ਸਮੁੱਚੀ ਲੋਕਾਈ ਨੂੰ ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਅਤੇ ਸ਼ਾਂਤੀ ਨਾਲ ਰਹਿਣ ਦੀ ਪ੍ਰੇਰਨਾ ਮਿਲੇ ਅਤੇ ਹਰ ਵਿਅਕਤੀ ਦੇ ਜੀਵਨ ’ਚ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਬਣੀ ਰਹੇ। ਸ੍ਰੀ ਦਰਬਾਰ ਸਾਹਿਬ ਤਰਨਤਾਰਨ ਅਤੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਸਿੱਖ ਧਰਮ ਦੇ ਇਤਿਹਾਸ ’ਚ ਵਿਸ਼ੇਸ਼ ਸਥਾਨ ਰੱਖਦੇ ਹਨ। ਇਨ੍ਹਾਂ ਪਵਿੱਤਰ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਐੱਸਐੱਸਪੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਜੀ ਅੱਗੇ ਜ਼ਿਲ੍ਹਾ ਤਰਨਤਾਰਨ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੀ ਅਰਦਾਸ ਕੀਤੀ। ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਣ ਉਪਰੰਤ ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਜਿਥੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਥੇ ਹੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਕਾਹਲਵਾਂ ਨੇ ਵੀ ਐੱਸਐੱਸਪੀ ਅਜੈ ਗਾਂਧੀ ਨੂੰ ਗੁਰੂ ਘਰ ਪਹੁੰਚਣ ’ਤੇ ਸਿਰੋਪਾਓ ਭੇਟ ਕੀਤਾ।