ਐੱਸਐੱਸਪੀ ਅਜੈ ਗਾਂਧੀ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਕੀਤੀ ਅਚਨਚੇਤ ਚੈਕਿੰਗ ਐੱਸਐੱਸਪੀ ਅਜੈ ਗਾਂਧੀ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਕੀਤੀ ਅਚਨਚੇਤ ਚੈਕਿੰਗ
Publish Date: Sun, 29 Nov 2026 05:31 PM (IST)
Updated Date: Sun, 29 Nov 2026 05:34 PM (IST)
ਪੁਲਿਸ ਦੇ ਕੰਮਕਾਜ, ਰਿਕਾਰਡ ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਦਿੱਤੇ ਆਦੇਸ਼ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਜ਼ਿਲ੍ਹੇ ’ਚ ਪੁਲਿਸ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਪੁਲਿਸ ਥਾਣਿਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਦੇ ਮੰਤਵ ਨਾਲ ਤਰਨਤਾਰਨ ਦੇ ਨਵ ਨਿਯੁਕਤ ਐੱਸਐੱਸਪੀ ਅਜੈ ਗਾਂਧੀ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਥਾਣੇ ਦੇ ਰੋਜ਼ਾਨਾ ਕੰਮਕਾਜ, ਸਰਕਾਰੀ ਰਿਕਾਰਡ ਅਤੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਚੈਕਿੰਗ ਦੌਰਾਨ ਐੱਸਐੱਸਪੀ ਨੇ ਥਾਣੇ ’ਚ ਰੱਖੇ ਜਾਣ ਵਾਲੇ ਵੱਖ-ਵੱਖ ਰਿਕਾਰਡ ਦੀ ਜਾਂਚ ਕੀਤੀ ਅਤੇ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਥਾਣੇ ਵਿਚ ਆਉਣ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਥਾਣੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਸਨਮਾਨਜਨਕ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਨਿਯਮਾਂ ਅਨੁਸਾਰ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐੱਸਐੱਸਪੀ ਅਜੈ ਗਾਂਧੀ ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜਵਾਬਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਮੰਤਵ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ, ਕਾਨੂੰਨ ਵਿਵਸਥਾ ਕਾਇਮ ਰੱਖਣਾ ਅਤੇ ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਹੈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪ੍ਰਤੀ ਸੁਚੇਤ ਰਹਿਣ, ਥਾਣੇ ਦੇ ਰਿਕਾਰਡ ਨੂੰ ਸਹੀ ਢੰਗ ਨਾਲ ਸੰਭਾਲਣ ਅਤੇ ਸੁਰੱਖਿਆ ਪ੍ਰਬੰਧਾਂ ’ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਗੁਜ਼ਾਰੀ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਹੁਤ ਜ਼ਰੂਰੀ ਹੈ। ਇਸ ਲਈ ਹਰ ਅਧਿਕਾਰੀ ਅਤੇ ਕਰਮਚਾਰੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਲੋਕਾਂ ਦੀ ਸੇਵਾ ਨੂੰ ਪਹਿਲ ਦੇਣੀ ਚਾਹੀਦੀ ਹੈ। ਇਸ ਮੌਕੇ ਇਲਾਕੇ ਦੇ ਡੀਐੱਸਪੀ ਤੋਂ ਇਲਾਵਾ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਨਵਦੀਪ ਸਿੰਘ ਭੱਟੀ ਸਮੇਤ ਸਮੁੱਚਾ ਸਟਾਫ ਵੀ ਮੌਜੂਦ ਸੀ।