7 ਦਸੰਬਰ ਦੇ ਚੰਡੀਗੜ੍ਹ ਮੋਰਚੇ ’ਚ ਹੋਵੇਗਾ ਲਾਮਿਸਾਲ ਇਕੱਠ : ਕਿਸਾਨ ਆਗੂ 7 ਦਸੰਬਰ ਦੇ ਚੰਡੀਗੜ੍ਹ ਮੋਰਚੇ ’ਚ ਹੋਵੇਗਾ ਲਾਮਿਸਾਲ ਇਕੱਠ- ਕਿਸਾਨ ਆਗੂ
Publish Date: Sun, 29 Nov 2026 05:37 PM (IST)
Updated Date: Sun, 29 Nov 2026 05:37 PM (IST)
ਹਰੀਕੇ ਦੇ ਜੋਨ ਭਾਈ ਸੁੱਖਾ ਸਿੰਘ, ਮਹਿਤਾਬ ਸਿੰਘ ਦੀਆਂ ਤਿਆਰੀਆਂ ਜ਼ੋਰਾਂ ’ਤੇ ਪਿੰਡ-ਪਿੰਡ ਮੀਟਿੰਗਾਂ ਕਰਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੀਤਾ ਜਾ ਰਿਹਾ ਲਾਮਬੰਦ ਕਿਰਪਾਲ ਸਿੰਘ ਰੰਧਾਵਾ•, ਪੰਜਾਬੀ ਜਾਗਰਣ ਹਰੀਕੇ ਪੱਤਣ : ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਇਸ ਸਬੰਧੀ ਜਥੇਬੰਦੀ ਦੇ ਜੋਨ ਭਾਈ ਸੁੱਖਾ ਸਿੰਘ, ਮਹਿਤਾਬ ਸਿੰਘ ਦੇ ਪ੍ਰਧਾਨ ਜੁਗਰਾਜ ਸਿੰਘ ਸਭਰਾ ਨੇ ਦੱਸਿਆ ਕਿ ਆਗੂਆਂ ਵੱਲੋਂ ਪਿੰਡ ਪੱਧਰ ਤੇ ਮੀਟਿੰਗਾਂ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਵਰਗਾਂ ਨੂੰ ਮੋਰਚੇ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਇਕੱਠ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ’ਚ ਕਿਸਾਨ ਅਤੇ ਮਜ਼ਦੂਰ ਸ਼ਮੂਲੀਅਤ ਕਰਨਗੇ। ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਆਗੂਆਂ ਵੱਲੋਂ ਲੋਕਾਂ ਨੂੰ ਜਥੇਬੰਦੀ ਦੀਆਂ ਮੰਗਾਂ ਅਤੇ ਮੋਰਚੇ ਦੇ ਉਦੇਸ਼ਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਲੰਮੇ ਸਮੇਂ ਤੋਂ ਆਪਣੀਆਂ ਬੁਨਿਆਦੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰਾਂ ਵੱਲੋਂ ਮਸਲਿਆਂ ਦਾ ਸਥਾਈ ਹੱਲ ਕਰਨ ਦੀ ਬਜਾਏ ਲਾਰੇ ਲਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਇਸੇ ਕਾਰਨ ਹੁਣ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਲੋੜ ਪੈ ਗਈ ਹੈ। ਆਗੂਆਂ ਨੇ ਕਿਹਾ ਕਿ ਮੋਰਚੇ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਸਬੰਧਿਤ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਮਸਲੇ ਉਠਾਏ ਜਾਣਗੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ’ਚ ਘਰ-ਘਰ ਜਾ ਕੇ ਮੋਰਚੇ ਦਾ ਸੁਨੇਹਾ ਪਹੁੰਚਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸੰਘਰਸ਼ ਨਾਲ ਜੋੜਨ। ਜੋਨ ਆਗੂਆਂ ਅਨੁਸਾਰ ਇਹ ਮੋਰਚਾ ਸਿਰਫ਼ ਕਿਸਾਨਾਂ ਦਾ ਹੀ ਨਹੀਂ, ਸਗੋਂ ਪੰਜਾਬ ਦੇ ਹੱਕਾਂ ਅਤੇ ਲੋਕ ਮਸਲਿਆਂ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਲੋਕਾਂ ਦੀ ਆਵਾਜ਼ ਸੁਣਨ ਲਈ ਮਜ਼ਬੂਰ ਕਰਨ ਵਾਸਤੇ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ। ਇਸ ਮੌਕੇ ਦਲਜੀਤ ਸਿੰਘ, ਗੁਰਵਿੰਦਰ ਸਿੰਘ ਸਭਰਾ, ਸਵਰਨ ਸਿੰਘ ਖਹਿਰਾ, ਗੁਰਸੇਵਕ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ਹਰੀਕੇ, ਪਰਮਿੰਦਰ ਸਿੰਘ ਬੁਰਜ, ਦੇਵਾ ਸਿੰਘ, ਸਰਵਣ ਸਿੰਘ ਸੀਤੋ, ਸੁਖਬੀਰ ਸਿੰਘ ਢਿੱਲੋ ਪੱਟੀ, ਸਕੱਤਰ ਸਿੰਘ ਕੰਡਿਆਲਾ, ਬਾਜ ਸਿੰਘ ਤੁੰਗ, ਨਿਰਮਲ ਸਿੰਘ ਬੂਹ ਹਵੇਲੀਆਂ, ਕਿਰਪਾਲ ਸਿੰਘ ਬੁਰਜ ਪੂਹਲਾ ਅਤੇ ਡਾ. ਹੀਰਾ ਸਿੰਘ ਚੂਸਲੇਵੜ ਆਦਿ ਹਾਜ਼ਰ ਸਨ।