ਕੌਂਸਲਰ ਲਾਲੀ ਦੀ ਪ੍ਰੇਰਨਾ ਨਾਲ ਕਾਲਜਾਂ ਦੇ ਵਿਦਿਆਰਥੀ ਹਰਮੀਤ ਸਿੰਘ ਸੰਧੂ ਨਾਲ ਜੁੜੇ ਕੌਂਸਲਰ ਲਾਲੀ ਦੀ ਪ੍ਰੇਰਨਾ ਨਾਲ ਕਾਲਜਾਂ ਦੇ ਵਿਦਿਆਰਥੀ ਹਰਮੀਤ ਸਿੰਘ ਸੰਧੂ ਨਾਲ ਜੁੜੇ
Publish Date: Sun, 29 Nov 2026 07:21 PM (IST)
Updated Date: Sun, 29 Nov 2026 07:22 PM (IST)
ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ’ਤੇ ਵਿਧਾਇਕ ਸੰਧੂ ਤੇ ਕੌਂਸਲਰ ਲਾਲੀ ਨੇ ਕੀਤਾ ਸਨਮਾਨ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਐਤਵਾਰ ਨੂੰ ਵੱਖ-ਵੱਖ ਕਾਲਜਾਂ ਨਾਲ ਸਬੰਧਿਤ ਵਿਦਿਆਰਥੀਆਂ ਨੇ ਸੀਨੀਅਰ ਕੌਂਸਲਰ ਸਰਬਜੀਤ ਸਿੰਘ ਲਾਲੀ ਦੀ ਪ੍ਰੇਰਨਾ ਸਦਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਮਰ ਚਾਹਲ ਅਤੇ ਆਦੇਸ਼ ਜੌਹਲ ਆਪਣੀ ਪੂਰੀ ਟੀਮ ਸਮੇਤ ਪਾਰਟੀ ’ਚ ਸ਼ਾਮਿਲ ਹੋਏ। ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਕੌਂਸਲਰ ਸਰਬਜੀਤ ਸਿੰਘ ਲਾਲੀ ਨੇ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਦਾ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਨੁਸਾਰ ਲੋਕ ਸੇਵਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਕੌਂਸਲਰ ਸਰਬਜੀਤ ਸਿੰਘ ਲਾਲੀ ਨੇ ਕਿਹਾ ਕਿ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਤਰਨਤਾਰਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਅਤੇ ਇਲਾਕੇ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਹਲਕੇ ਦੀ ਤਰੱਕੀ ਲਈ ਸਿਰਫ਼ ਐਲਾਨ ਕਰਨਾ ਕਾਫ਼ੀ ਨਹੀਂ ਹੁੰਦਾ, ਸਗੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਸਮਝਦਿਆਂ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਜ਼ਰੂਰੀ ਹੈ। ਉਨ੍ਹਾਂ ਅਨੁਸਾਰ ਵਿਧਾਇਕ ਸੰਧੂ ਹਲਕੇ ਦੇ ਲੋਕਾਂ ਨਾਲ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਸਬੰਧਿਤ ਵਿਭਾਗਾਂ ਰਾਹੀਂ ਉਨ੍ਹਾਂ ਦਾ ਹੱਲ ਕਰਵਾਉਣ ਲਈ ਯਤਨਸ਼ੀਲ ਹਨ। ਲਾਲੀ ਨੇ ਕਿਹਾ ਕਿ ਤਰਨਤਾਰਨ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਵਿਕਾਸ ਕਾਰਜ ਚੱਲ ਰਹੇ ਹਨ। ਇਨ੍ਹਾਂ ਤਹਿਤ ਸ਼ਹਿਰ ਦੀਆਂ ਸੜਕਾਂ ਦੇ ਨਿਰਮਾਣ, ਸੀਵਰੇਜ ਪ੍ਰਬੰਧ ਨੂੰ ਬਿਹਤਰ ਬਣਾਉਣ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਕਾਰਜ ਸ਼ਹਿਰ ਵਾਸੀਆਂ ਦੀਆਂ ਰੋਜ਼ਾਨਾ ਦੀਆਂ ਬੁਨਿਆਦੀ ਲੋੜਾਂ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਸੜਕਾਂ ਦੀ ਬਿਹਤਰ ਹਾਲਤ ਨਾਲ ਆਵਾਜਾਈ ਸੁਖਾਲੀ ਹੋਵੇਗੀ, ਸੀਵਰੇਜ ਪ੍ਰਬੰਧ ਵਿਚ ਸੁਧਾਰ ਨਾਲ ਸਫ਼ਾਈ ਦੀ ਸਮੱਸਿਆ ਘਟੇਗੀ ਅਤੇ ਪੀਣ ਵਾਲੇ ਪਾਣੀ ਤੇ ਰੌਸ਼ਨੀ ਦੀਆਂ ਸਹੂਲਤਾਂ ’ਚ ਸੁਧਾਰ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨਾਲ ਸਮਾਜਿਕ ਤੇ ਰਾਜਨੀਤਿਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲਦੀ ਹੈ। ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਨੌਜਵਾਨ ਵੀ ਆਪਣੇ ਇਲਾਕੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਨਾਲ ਜੁੜੇ ਕਾਰਜਾਂ ’ਚ ਯੋਗਦਾਨ ਪਾਉਣਾ ਚਾਹੁੰਦੇ ਹਨ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਦੀਆਂ ਗਤੀਵਿਧੀਆਂ ’ਚ ਸਰਗਰਮ ਭੂਮਿਕਾ ਨਿਭਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਕਿਹਾ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਏ ਸਮਰ ਚਾਹਲ ਤੇ ਆਦੇਸ਼ ਜੌਹਲ ਨੇ ਕਿਹਾ ਕਿ ਉਹ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਕੰਮ ਕਰਨਗੇ। ਇਸ ਮੌਕੇ ਲਵਪ੍ਰੀਤ ਸਿੰਘ ਵਰਪਾਲ ਮਾਝਾ ਜ਼ੋਨ ਪ੍ਰਧਾਨ ਏਐੱਸਏਪੀ, ਏਕਮ ਸੰਧੂ ਪ੍ਰਧਾਨ, ਹਰਮਨ ਚਾਹਲ, ਰਾਜ ਕਮਲ ਸਿੰਘ, ਸਿਮਰ ਬਰਾੜ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਅਤੇ ਪਾਰਟੀ ਵਰਕਰ ਹਾਜ਼ਰ ਸਨ।