ਸੰਵਿਧਾਨ ਬਦਲਣ ਦੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ : ਦੇਵੀ ਕੁਮਾਰੀ ਸੰਵਿਧਾਨ ਬਦਲਣ ਦੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ : ਦੇਵੀ ਕੁਮਾਰੀ
Publish Date: Sun, 29 Nov 2026 07:22 PM (IST)
Updated Date: Sun, 29 Nov 2026 07:25 PM (IST)
3 ਦਸੰਬਰ ਨੂੰ ਵੱਡੀ ਗਿਣਤੀ ’ਚ ਖੇਤ ਮਜ਼ਦੂਰ ਪਰਿਵਾਰਾਂ ਸਮੇਤ ਗ੍ਰਿਫ਼ਤਾਰੀਆਂ ਦੇਣਗੇ : ਸੁਖਦੇਵ ਸਿੰਘ ਕੋਟ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਕਥਿਤ ਕੋਸ਼ਿਸ਼ਾਂ ਨੂੰ ਕਮਿਊਨਿਸਟ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੰਵਿਧਾਨ ਦੀ ਰਾਖੀ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ ਨੇ ਕੀਤਾ। ਉਹ 1 ਤੋਂ 3 ਦਸੰਬਰ ਤਕ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਗਾਂਧੀ ਪਾਰਕ ਤਰਨਤਾਰਨ ਵਿਖੇ ਕਾਮਰੇਡ ਜੋਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਖੇਤ ਮਜ਼ਦੂਰ ਸਭਾ ਦੀ ਜ਼ਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਕਾਮਰੇਡ ਦੇਵੀ ਕੁਮਾਰੀ ਨੇ ਕਿਹਾ ਕਿ ਖੇਤ ਮਜ਼ਦੂਰ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਆ ਰਹੇ ਹਨ। ਇਨ੍ਹਾਂ ਮੰਗਾਂ ਵਿਚ ਮਜ਼ਦੂਰਾਂ ਲਈ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨਾ, ਨਵਾਂ ਵੀਬੀ-ਜੀ ਰਾਮ ਜੀ ਕਾਨੂੰਨ ਰੱਦ ਕਰਨਾ, ਪੁਰਾਣੀ ਮਨਰੇਗਾ ਸਕੀਮ ਬਹਾਲ ਕਰਨਾ, ਹਰੇਕ ਮਜ਼ਦੂਰ ਨੂੰ ਸਾਲ ਭਰ ਕੰਮ ਅਤੇ 700 ਰੁਪਏ ਦਿਹਾੜੀ ਦੇਣਾ, ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਮੁਆਫ਼ ਕਰਨਾ, ਕਿਰਤ ਕਾਨੂੰਨਾਂ ਨੂੰ ਮੁੜ ਬਹਾਲ ਕਰਨਾ ਅਤੇ ਨਵੇਂ ਚਾਰ ਲੇਬਰ ਕੋਡ ਰੱਦ ਕਰਨਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਵਿਤਕਰੇ ਵਾਲੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਜਾਤ-ਪਾਤ ਦੇ ਵਿਤਕਰੇ, ਸਰਕਾਰੀ ਅਤੇ ਜਗੀਰੂ ਜਬਰ ਦਾ ਸਾਹਮਣਾ ਕਰਦੇ ਆ ਰਹੇ ਬੇਜ਼ਮੀਨੇ ਮਜ਼ਦੂਰ ਅੱਜ ਵੀ ਅਨੇਕਾਂ ਮੁਸ਼ਕਿਲਾਂ ਨਾਲ ਜੂਝ ਰਹੇ ਹਨ। ਅੱਤ ਦੀ ਮਹਿੰਗਾਈ ਕਾਰਨ ਉਨ੍ਹਾਂ ਲਈ ਪਰਿਵਾਰ ਦਾ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ। ਆਰਥਿਕ ਤੰਗੀ ਕਾਰਨ ਉਹ ਆਪਣੇ ਪਰਿਵਾਰਕ ਮੈਂਬਰਾਂ ਦਾ ਢੁੱਕਵਾਂ ਇਲਾਜ ਕਰਵਾਉਣ, ਬੱਚਿਆਂ ਨੂੰ ਉੱਚ ਸਿੱਖਿਆ ਦਿਵਾਉਣ ਅਤੇ ਰੋਜ਼ਾਨਾ ਜੀਵਨ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਤੋਂ ਵੀ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਮਜ਼ਦੂਰ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ, ਪਰ ਸਰਕਾਰਾਂ ਵਿਕਾਸ ਦੇ ਦਾਅਵੇ ਕਰਦਿਆਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦੇ ਰਹੀਆਂ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਖਦੇਵ ਸਿੰਘ ਕੋਟ ਧਰਮ ਚੰਦ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜਥੇਬੰਦੀ ਵੱਲੋਂ ਜੇਲ੍ਹ ਭਰੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਬੇਰੁਜ਼ਗਾਰੀ, ਗੈਂਗਸਟਰਵਾਦ, ਭ੍ਰਿਸ਼ਟਾਚਾਰ, ਨਸ਼ਿਆਂ ਦੇ ਵਧ ਰਹੇ ਪ੍ਰਭਾਵ, ਡਾਕਿਆਂ, ਕਤਲਾਂ ਅਤੇ ਫਿਰੌਤੀਆਂ ਵਰਗੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਦੋਲਨ ਦੀ ਸਫ਼ਲਤਾ ਲਈ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ 3 ਦਸੰਬਰ ਨੂੰ ਵੱਖ-ਵੱਖ ਪਿੰਡਾਂ ਤੋਂ ਕਿਰਤੀ ਲੋਕ ਆਪਣੇ ਪਰਿਵਾਰਾਂ ਸਮੇਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਦਫ਼ਤਰ ਅੱਗੇ ਪਹੁੰਚਣਗੇ ਅਤੇ ਵੱਡੀ ਗਿਣਤੀ ’ਚ ਗ੍ਰਿਫ਼ਤਾਰੀਆਂ ਦੇਣਗੇ। ਉਨ੍ਹਾਂ ਮਜ਼ਦੂਰਾਂ ਅਤੇ ਹੋਰ ਕਿਰਤੀ ਵਰਗਾਂ ਨੂੰ ਇਸ ਅੰਦੋਲਨ ਵਿਚ ਵਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਰਸ਼ਪਾਲ ਸਿੰਘ ਘੁਰਕਵਿੰਡ, ਕਾਮਰੇਡ ਹੀਰਾ ਸਿੰਘ ਖਡੂਰ ਸਾਹਿਬ, ਕਾਮਰੇਡ ਬਲਵਿੰਦਰ ਸਿੰਘ ਕੋਟ, ਕਾਮਰੇਡ ਸਵਰਨ ਸਿੰਘ ਕਿਰਤੋਵਾਲ, ਕਾਮਰੇਡ ਜਸਵੰਤ ਸਿੰਘ ਸੀਤੋ, ਕਾਮਰੇਡ ਕਸ਼ਮੀਰ ਸਿੰਘ ਗਿੱਲ ਵੜੈਚ, ਕਾਮਰੇਡ ਕੁਲਵੰਤ ਸਿੰਘ ਖਡੂਰ ਸਾਹਿਬ, ਕਾਮਰੇਡ ਸੁਖਦੇਵ ਸਿੰਘ ਮੂਸੇ, ਸੁਖਚੈਨ ਸਿੰਘ ਕਿਰਤੋਵਾਲ, ਬਲਜਿੰਦਰ ਕੌਰ ਸਰਹਾਲੀ ਕਲਾਂ, ਜੋਗਿੰਦਰ ਸਿੰਘ ਅਤੇ ਨਿਰਮਲ ਸਿੰਘ ਸੀਤੋ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।