ਹਫਤਾਵਾਰੀ ਚੁਪਹਿਰਾ ਸਮਾਗਮ ਮੌਕੇ ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਜੁੜੀ ਵੱਡੀ ਗਿਣਤੀ ਸੰਗਤ
ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ।
Publish Date: Sun, 11 Jan 2026 06:30 PM (IST)
Updated Date: Mon, 12 Jan 2026 04:13 AM (IST)

ਸਟਾਫ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਧੰਨ ਧੰਨ ਬਾਬਾ ਦੀਪ ਸਿੰਘ ਜੀ ਨਾਲ ਸਬੰਧਤ ਅਸਥਾਨ ਇਤਿਹਾਸਿਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ ਵਿਖੇ ਐਤਵਾਰ ਨੂੰ ਹਫਤਾਵਾਰੀ ਚੁਪਹਿਰਾ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ਮੌਕੇ ਭਾਰੀ ਠੰਢ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਅਤੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਸੰਗਤ ਨੂੰ ਸਮੂਹਿਕ ਪਾਠ ਕਰਵਾਉਣ ਦੀ ਸੇਵਾ ਨਿਭਾਈ ਗਈ। ਇਥੇ ਦੱਸਣਾ ਬਣਦਾ ਹੈ ਕਿ ਤਰਨਤਾਰਨ ਦੇ ਫਤਹਿਚੱਕ ਇਲਾਕੇ ਵਿਚ ਸੁਸ਼ੋਭਿਤ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਹਰ ਐਤਵਾਰ ਨੂੰ ਚੁਪਹਿਰਾ ਸਮਾਗਮ ਹੁੰਦਾ ਹੈ ਅਤੇ ਹਰ ਹਫਤੇ ਇਥੇ ਵੱਡੀ ਗਿਣਤੀ ਸੰਗਤ ਹਾਜ਼ਰੀ ਭਰਨ ਲਈ ਪਹੁੰਚਦੀ ਹੈ। ਸ਼ਰਧਾਲੂਆਂ ਦੀ ਭਾਰੀ ਆਮਦ ਦੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਵੀ ਸੰਗਤ ਦੇ ਸਹਿਯੋਗ ਨਾਲ ਹਰ ਪ੍ਰਕਾਰ ਦੀਆਂ ਸਹੂਲਤਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਸ਼ਹਿਰ ਦੇ ਨਾਲ ਨਾਲ ਆਸ ਪਾਸ ਦੇ ਇਲਾਕਿਆਂ ਤੋਂ ਵੀ ਸੰਗਤ ਇੱਥੇ ਪਹੁੰਚਦੀ ਹੀ ਹੈ। ਨਾਲ ਹੀ ਪਿੰਡਾਂ ਤੋਂ ਵੀ ਸ਼ਰਧਾਲੂ ਚੁਪਹਿਰਾ ਸਮਾਗਮ ਵਿਚ ਹਾਜ਼ਰੀ ਭਰਨ ਲਈ ਪਹੁੰਚਦੇ ਹਨ। ਜਿਨ੍ਹਾਂ ਦੀ ਸਹੂਲਤ ਲਈ ਦੀਵਾਨ ਹਾਲ ਵਿਚ ਜਿਥੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ। ਉਥੇ ਹੀ ਗੁਰੂ ਕੇ ਲੰਗਰ ਵੀ ਵਿਸ਼ੇਸ਼ ਤੌਰ ’ਤੇ ਤਿਆਰ ਹੁੰਦੇ ਹਨ। ਸਾਰਾ ਦਿਨ ਛਬੀਲ ਦਾ ਪ੍ਰਬੰਧ ਸ਼ਰਧਾਲੂਆਂ ਵੱਲੋਂ ਕੀਤਾ ਜਾਂਦਾ ਹੈ ਅਤੇ ਜੋੜਾ ਘਰ ਸੇਵਕ ਜਥੇ ਦੀ ਸੰਗਤ ਤਨਦੇਹੀ ਨਾਲ ਸੇਵਾ ਨਿਭਾਉਂਦੀ ਹੈ। ਚੁਪਹਿਰਾ ਸਮਾਗਮ ਦੀ ਸਮਾਪਤੀ ਸਮੇਂ ਨੌਜਵਾਨ ਸੇਵਕ ਸਭਾ ਵੱਲੋਂ ਸਰਦੀ ਦੇ ਮੌਸਮ ’ਚ ਗਰਮ ਦੁੱਧ ਦੇ ਲੰਗਰ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਹੋਣ ਵਾਲੇ ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸੰਗਤ ਨੂੰ ਪਾਠ ਕਰਵਾਉਣ ਦੀ ਸੇਵਾ ਨਿਭਾਉਂਦੇ ਹਨ ਅਤੇ ਅਰਦਾਸ ਉਪਰੰਤ ਚੁਪਹਿਰਾ ਸਮਾਗਮ ਦੀ ਸਮਾਪਤੀ ਹੁੰਦੀ ਹੈ। ਸਰਦੀ ਹੋਵੇ ਜਾ ਗਰਮੀ, ਸੰਗਤ ਸਮਾਗਮ ਦੌਰਾਨ ਹਾਜ਼ਰੀ ਭਰਨ ਲਈ ਗੁਰੂ ਘਰ ਜਰੂਰ ਪੁੱਜਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਿੰਸੀਪਲ ਬਖਸ਼ੀਸ਼ ਸਿੰਘ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਗ੍ਰੰਥੀ ਭਾਈ ਮੁਖਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਿਮਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਜਿਥੇ ਮੌਜੂਦ ਸਨ। ਉਥੇ ਹੀ ਵੱਡੀ ਗਿਣਤੀ ਸੇਵਾਦਾਰਾਂ ਨੇ ਜੋੜਾ ਘਰ ਅਤੇ ਛਬੀਲ ਤੋਂ ਇਲਾਵ ਪਾਰਕਿੰਗ ਵਿਚ ਵੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ। === ਸੰਗਤ ਦੇ ਸਹਿਯੋਗ ਨਾਲ ਪਾਰਕਿੰਗ ਲਈ ਹੋ ਰਹੇ ਹਨ ਵੱਡੇ ਪ੍ਰਬੰਧ - ਮੈਨੇਜਰ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਿੰਸੀਪਲ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਹੋਣ ਵਾਲੇ ਚੁਪਹਿਰਾ ਸਮਾਗਮ ’ਚ ਵਿਚ ਪਹੁੰਚਣ ਵਾਲੀ ਸੰਗਤ ਨੂੰ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਜਿਥੇ ਤਿਹ ਦਿਲੋਂ ਜੀ ਆਇਆਂ ਆਖਿਆ ਜਾਂਦਾ ਹੈ। ਸੰਗਤ ਦੀ ਵਧ ਰਹੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚ ਕਈ ਤਰ੍ਹਾਂ ਦੀ ਸੇਵਾਵਾਂ ਵੀ ਸੰਗਤ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ।