ਸਿਲੰਡਰ ਲੈਣ ਜਾ ਰਹੇ ਐਕਟਿਵਾ ਸਵਾਰ ਵਿਅਕਤੀ ਨੂੰ ਥਾਰ ਨੇ ਟੱਕਰ ਮਾਰੀ, ਮੌਤ
ਹਾਦਸੇ ’ਚ ਨੁਕਸਾਨੀ ਗਈ ਐਕਟਿਵਾ ਤੇ ਥਾਰ ਗੱਡੀ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ
Publish Date: Tue, 31 Mar 2026 07:16 PM (IST)
Updated Date: Wed, 01 Apr 2026 04:13 AM (IST)

ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ, ਝਬਾਲ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਝਬਾਲ ਵਿਖੇ ਏਜੰਸੀ ਤੋਂ ਸਿਲੰਡਰ ਲੈਣ ਜਾ ਰਹੇ ਐਕਟਿਵਾ ਸਵਾਰ ਵਿਅਕਤੀ ਨੂੰ ਥਾਰ ਗੱਡੀ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਐਕਟਿਵਾ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਦੂਜੇ ਪਾਸੇ ਮੌਕੇ ’ਤੇ ਪੁੱਜੀ ਥਾਣਾ ਝਬਾਲ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਾਰਜ ਸਿੰਘ ਫ਼ੌਜੀ (60) ਪੁੱਤਰ ਸੁਰਜੀਤ ਸਿੰਘ ਵਾਸੀ ਮੰਨਣ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਝਬਾਲ ਤੋਂ ਰਸੋਈ ਗੈਸ ਸਿਲੰਡਰ ਲੈਣ ਲਈ ਜਾ ਰਿਹਾ ਸੀ। ਜਦੋਂ ਉਹ ਮੰਨਣ ਟੋਲ ਪਲਾਜ਼ਾ ਕੋਲ ਪੁੱਜਾ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਥਾਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਐਕਟਿਵਾ ਸਵਾਰ ਕਾਰਜ ਸਿੰਘ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਮੌਕੇ ’ਤੇ ਹੀ ਦਮ ਤੋੜ ਦਿੱਤਾ। ਜਦੋਂਕਿ ਥਾਰ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਦੀ ਪੁਲਿਸ ਘਟਨਾ ਸਥਾਨ ’ਤੇ ਪੁੱਜ ਗਈ। ਥਾਣਾ ਮੁਖੀ ਨੇ ਦੱਸਿਆ ਕਿ ਹਾਦਸੇ ’ਚ ਨੁਕਸਾਨੀ ਗਈ ਐਕਟਿਵਾ ਤੇ ਥਾਰ ਗੱਡੀ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।