ਛੁਰਾ ਮਾਰ ਕੇ ਜ਼ਖ਼ਮੀ ਕੀਤੇ ਪਿੰਡ ਜੋਧਪੁਰ ਦੇ ਨੌਜਵਾਨ ਦੀ ਅੰਮ੍ਰਿਤਸਰ 'ਚ ਇਲਾਜ ਦੌਰਾਨ ਮੌਤ, ਨਸ਼ਾ ਦੇਣ ਤੋਂ ਕੀਤਾ ਸੀ ਇਨਕਾਰ
ਡੀਐੱਸਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਸਬੰਧੀ ਪਹਿਲਾਂ ਜਾਨਲੇਵਾ ਹਮਲਾ ਕਰਨ ਸਬੰਧੀ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਕਤਲ ਦੀ ਧਾਰਾ ਦਾ ਵਾਧਾ ਕਰਦਿਆਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Publish Date: Tue, 19 May 2026 02:59 PM (IST)
Updated Date: Tue, 19 May 2026 03:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਪਿੰਡ ਜੋਧਪੁਰ ਵਿਖੇ ਨਸ਼ਾ ਦੇਣ ਤੋਂ ਇਨਕਾਰ ਕਰਨ ’ਤੇ ਛੁਰਾ ਮਾਰ ਕੇ ਜ਼ਖ਼ਮੀ ਕੀਤੇ ਨੌਜਵਾਨ ਨੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਮੰਗਲਵਾਰ ਨੂੰ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ।
ਗੁਰਦੇਵ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਜੋਧਪੁਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਸੀ ਕਿ ਉਸਦਾ ਲੜਕਾ ਏਕਨੂਰ ਸਿੰਘ ਨੂਰ ਜਦੋਂ ਪਿੰਡ ਦੇ ਗੁਰਦੁਆਰਾ ਸਾਹਿਬ ਕੋਲ ਖੜ੍ਹਾ ਸੀ ਤਾਂ ਗਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਨੇ ਏਕਨੂਰ ਨੂੰ ਛੁਰਾ ਮਾਰ ਕੇ ਗੰਭੀਰ ਜ਼ਖ਼ਮੀ ਦਿੱਤਾ। ਗਿੰਦਰ ਇਸੇ ਪਿੰਡ ਦਾ ਹੀ ਰਹਿਣ ਵਾਲਾ ਹੈ। ਉਸਨੇ ਦੱਸਿਆ ਕਿ ਗਿੰਦਰ ਸਿੰਘ ਉਸਦੇ ਲੜਕੇ ਤੋਂ ਨਸ਼ਾ ਮੰਗਦਾ ਸੀ ਤੇ ਇਨਕਾਰ ਕਰਨ ’ਤੇ ਹੀ ਉਸ ਨੇ ਉਸਦੇ ਲੜਕੇ ਦੀ ਕੁੱਟਮਾਰ ਕੀਤੀ ਤੇ ਛੁਰਾ ਮਾਰਿਆ। ਉਸਨੇ ਦੱਸਿਆ ਕਿ ਨੂਰ ਦਾ ਇਲਾਜ ਅੰਮ੍ਰਿਤਸਰ ਦੇ ਹਸਪਤਾਲ 'ਚ ਚੱਲ ਰਿਹਾ ਸੀ ਤੇ ਅੱਜ ਉਸ ਨੇ ਦਮ ਤੋੜ ਦਿੱਤਾ। ਡੀਐੱਸਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਸਬੰਧੀ ਪਹਿਲਾਂ ਜਾਨਲੇਵਾ ਹਮਲਾ ਕਰਨ ਸਬੰਧੀ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਕਤਲ ਦੀ ਧਾਰਾ ਦਾ ਵਾਧਾ ਕਰਦਿਆਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।