ਰਾਜ ਸਭਾ ਮੈਂਬਰਾਂ ਦੇ ਪਾਰਟੀ ਛੱਡਣ ਨਾਲ ‘ਆਪ’ ਦੀ ਪੁੱਠੀ ਗਿਣਤੀ ਸ਼ੁਰੂ : ਰਾਜਬੀਰ ਭੁੱਲਰ
ਆਮ ਆਦਮੀ ਪਾਰਟੀ ਆਪਣੇ ਸਿਧਾਤਾਂ ਤੋਂ ਭਟਕ ਚੁੱਕੀ ਹੈ ਤੇ ਆਉਣ ਵਾਲੇ ਸਮੇਂ ’ਚ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕ ਜਾਂ ਐੱਮਪੀਵੀ ਆਮ ਆਦਮੀ ਪਾਰਟੀ ਨੂੰ ਛੱਡ ਸਕਦੇ ਹਨ।
Publish Date: Sun, 26 Apr 2026 06:35 PM (IST)
Updated Date: Mon, 27 Apr 2026 04:14 AM (IST)

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਇਨਕਲਾਬ ਦੇ ਝੂਠੇ ਨਾਅਰੇ ਲਾ ਕੇ ਪੰਜਾਬ ਨੂੰ ਸੋਨੇ ਦੀ ਚਿੜੀ ਬਣਾਉਣ ਦੇ ਝੂਠੇ ਸਬਜ਼ਬਾਗ ਵਿਖਾ ਕੇ ਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ 2027 ਵਿਚ ਆਮ ਆਦਮੀ ਪਾਰਟੀ ਦਾ ਮੁਕੰਮਲ ਸਫ਼ਾਇਆ ਹੋ ਜਾਵੇਗਾ। ਕਿਉਂਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਪਾਰਟੀ ਦੇ ਮੌਜੂਦਾ ਰਾਜ ਸਭਾ ਮੈਂਬਰ ਇਕੋ ਸਮੇਂ ਪਾਰਟੀ ਛੱਡ ਕੇ ਦੂਸਰੀ ਪਾਰਟੀ ’ਚ ਚਲੇ ਗਏ ਹੋਣ। ਜਿਸ ਤੋਂ ਸਾਬਿਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਆਪਣੇ ਸਿਧਾਤਾਂ ਤੋਂ ਭਟਕ ਚੁੱਕੀ ਹੈ ਤੇ ਆਉਣ ਵਾਲੇ ਸਮੇਂ ’ਚ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕ ਜਾਂ ਐੱਮਪੀਵੀ ਆਮ ਆਦਮੀ ਪਾਰਟੀ ਨੂੰ ਛੱਡ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। ਕਾਂਗੜਾ ਵਿਖੇ ਸੰਗਠਨ ਸਿਰਜਣ ਅਭਿਆਨ ਤਹਿਤ ਟ੍ਰੇਨਿੰਗ ਕੈਂਪ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਹੋਰ ਸੀਨੀਅਰ ਲੀਡਰਾਂ ਨਾਲ ਗੱਲਬਾਤ ਕਰਦਿਆਂ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੂਠੀਆਂ ਗਾਰੰਟੀਆਂ ਦੇ ਕੇ ਜਿੱਥੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ, ਉੱਥੇ ਹੀ ਆਪਣੇ ਨਿੱਜੀ ਮੁਫ਼ਾਦਾਂ ਲਈ ਪੰਜਾਬ ਨੂੰ ਲਗਾਤਾਰ ਕਰਜ਼ਾਈ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਘਟੀਆ ਨੀਤੀਆਂ ਕਰ ਕੇ ਹੀ ਅੱਜ ਪੰਜਾਬ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਚੁੱਕੀ ਹੈ, ਲੇਕਿਨ ਕੇਜਰੀਵਾਲ ਤੇ ਭਗਵੰਤ ਮਾਨ ਦੋਵੇਂ ਮਿਲ ਕੇ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਬਰਬਾਦ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀਆਂ ਅੱਖਾਂ ’ਚ ਘੱਟਾ ਪਾਉਣ ਵਾਲੀ ਆਮ ਆਦਮੀ ਪਾਰਟੀ ਤੋਂ ਲੋਕ ਬਹੁਤ ਜ਼ਿਆਦਾ ਦੁਖੀ ਹਨ ਤੇ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਤਨ ਹੋਣਾ ਸ਼ੁਰੂ ਹੋ ਚੁੱਕਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਦਾ ਮੁਕੰਮਲ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਾਈਕਮਾਂਡ ਦੇ ਨਿਯਮਾਂ ਅਧੀਨ ਕਾਂਗਰਸ ਪਾਰਟੀ ਪੂਰੀ ਇਕਜੁੱਟਤਾ ਨਾਲ ਕੰਮ ਕਰ ਰਹੀ ਹੈ ਤੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਪੰਜਾਬ ਦੇ ਲੋਕ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ, ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਵਿਕਸਿਤ ਸੂਬਾ ਬਣਾਇਆ ਜਾ ਸਕੇ।