ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਏਡੀਸੀ ਨੇ ਲਿਆ ਜਾਇਜ਼ਾ
ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਮੁਆਇਨਾ ਕੀਤਾ।
Publish Date: Sat, 24 Jan 2026 05:23 PM (IST)
Updated Date: Sun, 25 Jan 2026 04:10 AM (IST)

ਜਸਪਾਲ ਸਿੰਘ ਜੱਸੀ,•ਪੰਜਾਬੀ ਜਾਗਰਣ, ਤਰਨਤਾਰਨ : 26 ਜਨਵਰੀ ਨੂੰ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ਼ਨਿਚਰਵਾਰ ਨੂੰ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਦਾ ਨਿਰੀਖਣ ਏਡੀਸੀ ਰਾਜਦੀਪ ਸਿੰਘ ਬਰਾੜ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਜਨਰਲ ਡਾ. ਕਰਨਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਮੁਆਇਨਾ ਕੀਤਾ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨਸੀਸੀ ਕੈਡਿਟ, ਪੰਜਾਬ ਪੁਲਿਸ ਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਨੇ ਮਾਰਚ ਪਾਸਟ ’ਚ ਹਿੱਸਾ ਲਿਆ। ਇਸ ਪਰੇਡ ਦੀ ਅਗਵਾਈ ਐੱਸਆਈ ਪ੍ਰਗਟ ਸਿੰਘ ਵੱਲੋਂ ਕੀਤੀ ਗਈ। ਉਪਰੰਤ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਪਰੇਡ ਦੇ ਨਿਰੀਖਣ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਆਪਣਾ ਸੰਦੇਸ਼ ਦਿੱਤਾ ਜਾਵੇਗਾ ਤੇ ਬਾਅਦ ’ਚ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨਸੀਸੀ ਕੈਡਿਟ ਤੇ ਭਾਰਤੀ ਫ਼ੌਜ ਦੇ ਜਵਾਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਤੇ ਵੱਖ-ਵੱਖ ਸੁਰੱਖਿਆ ਸੈਨਾਵਾਂ ’ਚ ਸੇਵਾ ਨਿਭਾਉਂਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਖੇਤਰਾਂ ’ਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਬਾਕਸ- ਏਡੀਸੀ ਨੇ ਸਮਾਗਮ ਵਿਚ ਸ਼ਾਮਲ ਹੋਣ ਦਾ ਦਿੱਤਾ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਏਡੀਸੀ ਜਨਰਲ ਰਾਜਦੀਪ ਸਿੰਘ ਬਰਾੜ ਨੇ ਕਿਹਾ ਕਿ 77ਵੇਂ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਪੁਲਿਸ ਸਟੇਡੀਅਮ ਤਰਨਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ ਸ਼ਾਨਦਾਰ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਗਣਤੰਤਰ ਦਿਵਸ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਬਾਕਸ- ਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐੱਸਐੱਸਪੀ ਇਸੇ ਦੌਰਾਨ ਐੱਸਐੱਸਪੀ ਸੁਰਿੰਦਰ ਲਾਂਭਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐੱਸਪੀਜ ਅਤੇ ਡੀਐੱਸਪੀਜ਼ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟਰੈਫ਼ਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੈਪਸ਼ਨ- ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਕੀਤੀ ਗਈ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਂਦੇ ਹੋਏ ਏਡੀਸੀ ਰਾਜਦੀਪ ਸਿੰਘ ਬਰਾੜ। ਕੈਪਸ਼ਨ- ਪਰੇਡ ਦਾ ਨਰੀਖਣ ਕਰਦੇ ਹੋਏ ਏਡੀਸੀ ਬਰਾੜ। ਕੈਪਸ਼ਨ- ਮਾਰਚ ਪਾਸਟ ਕਰਦੀਆਂ ਹੋਈਆਂ ਮਹਿਲਾ ਪੁਲਿਸ ਕਰਮਚਾਰੀ। ਕੈਪਸ਼ਨ- ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ। ਕੈਪਸ਼ਨ- ਰਿਹਰਸਲ ਦੌਰਾਨ ਗਿੱਧਾ ਪੇਸ਼ ਕਰਦੀਆਂ ਹੋਈਆਂ ਵਿਦਿਆਰਥਣਾਂ। ਕੈਪਸ਼ਨ- ਸੁਰਿੰਦਰ ਲਾਂਬਾ ਐੱਸਐੱਸਪੀ ਤਰਨਤਾਰਨ।