ਬੱਲੂ ਮਹਿਤਾ, ਪੱਟੀ : ਪੰਜਾਬ ਰੋਡਵੇਜ਼ ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ,ਗਰਪ੍ਰਰੀਤ ਸਿੰਘ ਪੰਨੂ, ਹਰਕੇਸ਼ ਵਿੱਕੀ, ਜਗਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਅੱਕੇ ਜਦੋਂ ਮੁਲਾਜ਼ਮ ਸੰਘਰਸ਼ ਕਰਦੇ ਹਨ ਤਾਂ ਚੰਨੀ ਸਰਕਾਰ ਹੱਕ ਦੇਣ ਦੀ ਬਜਾਏ ਸੰਘਰਸ਼ਾਂ ਨੂੰ ਦਬਾਉਣ ਲਈ ਪਰਚਿਆਂ ਅਤੇ ਨੋਕਰੀਆਂ ਤੋਂ ਕੱਢਣ ਵਰਗੇ ਹਥਿਆਰ ਵਰਤ ਰਹੀ ਹੈ। ਜਿਸ ਤੋਂ ਪਨਬਸ ਅਤੇ ਪੀਆਰਟੀਸੀ ਦੇ ਮੁਲਾਜ਼ਮ ਬਿਲਕੁਲ ਨਹੀਂ ਡਰਦੇ ਤੇ ਅੱਜ ਵੀ 27 ਡਿਪੂਆਂ ਦੇ ਪ੍ਰਧਾਨ ਸੈਕਟਰੀਆਂ ਨੇ ਮੀਟਿੰਗ ਵਿਚ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਪ੍ਰਤੀ ਸੰਪੂਰਨ ਹੜਤਾਲ ਦਾ ਫੈਸਲਾ ਕੀਤਾ ਹੈ। ਕਿਉਂਕਿ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਜਾ ਰਿਹਾ। ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ ਫਿਰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ। ਜਦੋਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿਚ ਪੱਕੇ ਕੀਤਾ ਜਾਵੇਗਾ। ਪਰ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਹੈ। ਉਨਾਂ੍ਹ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਪਰ ਪੰਜਾਬ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜ਼ਾਨੇ ਵਿਚੋਂ ਨਹੀਂ ਪਾਈ ਜਾਂਦੀ। ਪਨਬਸ ਅਤੇ ਪੀਆਰਟੀਸੀ ਬੈਂਕਾਂ ਤੋਂ ਕਰਜ਼ਾ ਲੈ ਕੇ ਬੱਸਾਂ ਪਾਉਂਦੀ ਹੈ ਅਤੇ ਮੁਲਾਜ਼ਮ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ। ਖਜ਼ਾਨੇ ਦਾ ਇਸ ਨਾਲ ਦੂਰ ਦੂਰ ਸਬੰਧ ਨਹੀਂ ਹੈ ਤੇ ਸਰਕਾਰ ਆਪਣੀ ਫੋਕੀ ਵਾਹ ਵਾਹ ਖੱਟ ਰਹੀ ਹੈ। ਉਲਟਾ ਬੱਸਾਂ ਕਰਜ਼ੇ 'ਤੇ ਪਾਉਣ ਨੂੰ ਮਨਜ਼ੂਰੀ ਵੀ ਬਹੁਤ ਦੇਰੀ ਨਾਲ ਦਿੱਤੀ ਜਾਂਦੀ ਹੈ ਜਿਸ ਕਾਰਨ ਪੰਜਾਬ ਰੋਡਵੇਜ਼ ਦੀਆਂ 2407 ਬੱਸਾਂ ਵਿਚੋ 399 ਬੱਸਾਂ ਹੀ ਰਹਿ ਗਈਆਂ ਹਨ। ਜਦੋਂਕਿ ਪੰਜਾਬ ਦੀ ਅਬਾਦੀ 2 ਕਰੋੜ ਹੈ। ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਮੁਫਤ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ। ਇਹ ਹਵਾ ਵਿਚ ਤਲਵਾਰਾਂ ਮਾਰਨ ਤੇ ਚੋਣ ਜੁੰਮਲਿਆਂ ਤੋਂ ਬਿਨਾ ਕੁਝ ਵੀ ਨਹੀਂ ਹੈ। ਹੁਣ ਵੀ ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕਰਨ ਦੀ ਬਿਜਾਏ ਸਮੂਹ ਸਟਾਫ ਮੈਂਬਰਾਂ ਤੇ ਪਰਚੇ ਕਰ ਰਹੀ ਹੈ। ਜਿਸ ਨੂੰ ਟਰਾਂਸਪੋਰਟ ਕਾਮਾਂ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਅਤੇ ਆਮ ਜਨਤਾ, ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟੇ੍ਡ ਯੂਨੀਅਨਾਂ ਅਤੇ ਲੋਕਾਂ ਨੂੰ ਨਾਲ ਲੈਕੇ ਤਿੱਖਾ ਸੰਘਰਸ਼ ਕਰੇਗੀ । ਇਸ ਮੌਕੇ ਸੂਬਾ ਕਮੇਟੀ ਮੈਂਬਰ ਸਮਸ਼ੇਰ ਸਿੰਘ, ਪ੍ਰਧਾਨ ਜਸਵੀਰ ਸਿੰਘ, ਬਲਜੀਤ ਸਿੰਘ ਸਤਪਾਲ ਸਿੰਘ , ਗੁਰਬਿੰਦਰ ਸਿੰਘ ਗਿੱਲ, ਸਤਨਾਮ ਸਿੰਘ, ਗੁਰਵੇਲ ਸਿੰਘ ਆਦਿ ਵੀ ਮੌਜੂਦ ਸਨ।