ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਕਰਕੇ ਪੰਜਾਬੀਆਂ ਨਾਲ ਕਮਾਇਆ ਧ੍ਰੋਹ : ਰਾਜਬੀਰ ਸਿੰਘ ਭੁੱਲਰ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਕਰਕੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ- ਰਾਜਬੀਰ ਸਿੰਘ ਭੁੱਲਰ
Publish Date: Fri, 27 Nov 2026 08:17 PM (IST)
Updated Date: Fri, 27 Nov 2026 08:19 PM (IST)
ਕਿਹਾ, ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਕੀਤਾ ਖਿਲਵਾੜ, ਚੋਣਾਂ ਵਿਚ ਭੁਗਤਣਾ ਪਵੇਗਾ ਖਮਿਆਜ਼ਾ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਭਾਰਤੀ ਜਨਤਾ ਪਾਰਟੀ ਨਾਲ ਮੁੜ ਗਠਜੋੜ ਕਰਨ ਦੇ ਫੈਸਲੇ ਨੇ ਪੰਜਾਬ ਦੇ ਲੋਕਾਂ ਅਤੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਸੈਂਕੜੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਅਕਾਲੀ ਦਲ ਬਾਦਲ ਨੇ ਭਾਜਪਾ ਨਾਲ ਹੱਥ ਮਿਲਾ ਕੇ ਇਕ ਵਾਰ ਫਿਰ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜੇ ਤੱਕ ਕਿਸਾਨੀ ਅੰਦੋਲਨ ਦੌਰਾਨ ਵਾਪਰੀਆਂ ਘਟਨਾਵਾਂ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਦੁੱਖ ਨੂੰ ਭੁਲਾ ਨਹੀਂ ਸਕੇ ਹਨ। ਕਿਸਾਨਾਂ ਨੇ ਆਪਣੇ ਹੱਕਾਂ ਦੀ ਰਾਖੀ ਲਈ ਲੰਮਾ ਸੰਘਰਸ਼ ਲੜਿਆ ਅਤੇ ਇਸ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਅਜਿਹੇ ਸਮੇਂ ਵਿਚ ਅਕਾਲੀ ਦਲ ਬਾਦਲ ਵੱਲੋਂ ਭਾਜਪਾ ਨਾਲ ਮੁੜ ਸਿਆਸੀ ਗਠਜੋੜ ਕਰਨਾ ਕਿਸਾਨਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਭਾਜਪਾ ਨਾਲ ਗਠਜੋੜ ਕਰਨ ਪਿੱਛੇ ਉਸ ਦੀ ਕੀ ਸਿਆਸੀ ਮਜਬੂਰੀ ਹੈ। ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਅਕਾਲੀ ਦਲ ਬਾਦਲ ਦਾ ਪਿਛਲਾ ਇਤਿਹਾਸ ਵੀ ਪੰਜਾਬੀਆਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਗੰਭੀਰ ਸਵਾਲਾਂ ਨਾਲ ਭਰਿਆ ਪਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਅਕਾਲੀ ਦਲ ਪਹਿਲਾਂ ਹੀ ਲੋਕਾਂ ਦੇ ਸਵਾਲਾਂ ਦੇ ਘੇਰੇ ਵਿਚ ਹੈ। ਹੁਣ ਭਾਜਪਾ ਨਾਲ ਮੁੜ ਗਠਜੋੜ ਕਰਕੇ ਪਾਰਟੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਸ ਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲੋਂ ਸਿਆਸੀ ਸੱਤਾ ਵਧੇਰੇ ਪਿਆਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਰ ਸਿਆਸੀ ਪਾਰਟੀ ਦੀ ਕਾਰਗੁਜ਼ਾਰੀ ਅਤੇ ਫੈਸਲਿਆਂ ’ਤੇ ਨਜ਼ਰ ਰੱਖ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਜਵਾਬ ਵੋਟ ਦੀ ਤਾਕਤ ਨਾਲ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਬਾਦਲ ਅਤੇ ਭਾਜਪਾ ਨੂੰ ਇਸ ਗਠਜੋੜ ਦਾ ਭਾਰੀ ਸਿਆਸੀ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਪਿੰਡਾਂ ਵਿਚ ਲੋਕਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਵੱਡੇ ਬਹੁਮਤ ਨਾਲ ਜਿਤਾ ਕੇ ਸੂਬੇ ਵਿਚ ਮੁੜ ਕਾਂਗਰਸ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਸੂਬੇ ਦੇ ਬਿਹਤਰ ਭਵਿੱਖ ਲਈ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇਣਗੇ। ਇਸ ਮੌਕੇ ਸ਼ਹਿਰੀ ਕਾਂਗਰਸ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਸਰਪੰਚ ਭੁਪਿੰਦਰ ਸਿੰਘ ਕੰਗ ਗੋਹਲਵੜ, ਰਜਿੰਦਰ ਭੰਡਾਰੀ, ਡਿੰਪੀ ਮਹੰਤ, ਅੰਗਰੇਜ ਸਿੰਘ ਚੱਕ ਸਿਕੰਦਰ, ਲਾਡੀ ਚੱਕ ਸਿਕੰਦਰ, ਬਲਵਿੰਦਰ ਸਿੰਘ ਝਾਮਕੇ, ਸਕੱਤਰ ਸਿੰਘ ਸਰਪੰਚ ਰਾਮਰੌਣੀ, ਹਰਭਾਗ ਸਿੰਘ ਪਹਿਲਵਾਨ, ਹੈਪੀ ਸਰਪੰਚ ਬਾਲੇਚੱਕ, ਹਰਜੀਤ ਸਿੰਘ ਬਿੱਲਾ ਸਰਪੰਚ, ਗੁਰਜੀਤ ਸਿੰਘ ਸਰਪੰਚ ਮੁਰਾਦਪੁਰਾ ਆਦਿ ਹਾਜ਼ਰ ਸਨ।