ਬਲਾਕ ਸੰਮਤੀ ਚੋਣਾਂ ਲਈ ਅਕਾਲੀ ਦਲ ਨੇ ਜਸਵੰਤ ਸਿੰਘ ਜੱਟਾ ਨੂੰ ਜ਼ੋਨ ਕੱਦ ਗਿੱਲ ਕਲਾਂ ਤੋਂ ਉਮੀਦਵਾਰ ਐਲਾਨਿਆ
ਬ੍ਰਹਮਪੁਰਾ ਨੇ ਜਸਵੰਤ ਸਿੰਘ ਜੱਟਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।
Publish Date: Wed, 03 Dec 2025 07:14 PM (IST)
Updated Date: Thu, 04 Dec 2025 04:08 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਇਥੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੀ ਬਲਾਕ ਸੰਮਤੀ ਖਡੂਰ ਸਾਹਿਬ ਦੇ ਜ਼ੋਨ ਕੱਦ ਗਿੱਲ ਕਲਾਂ ਜਨਰਲ ਤੋਂ ਪਾਰਟੀ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਜਸਵੰਤ ਸਿੰਘ ਜੱਟਾ ਨੂੰ ਉਮੀਦਵਾਰ ਐਲਾਨਿਆ। ਇਸ ਮੌਕੇ ਬ੍ਰਹਮਪੁਰਾ ਨੇ ਜਸਵੰਤ ਸਿੰਘ ਜੱਟਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਵੱਡੇ ਪੱਧਰ ਤੇ ਦੁਰਵਰਤੋਂ ਕਰ ਰਹੀ ਹੈ, ਜੋ ਕਿ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਮੁੱਖ ਮੰਤਰੀ ਤੇ ਵਰ੍ਹਦਿਆਂ ਕਿਹਾ, ਭਗਵੰਤ ਮਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਦਿੱਲੀ ਬੈਠੇ ਅਰਵਿੰਦ ਕੇਜਰੀਵਾਲ ਦਾ ਸਿਰਫ਼ ਪਿੱਠੂ ਬਣ ਕੇ ਰਹਿ ਗਿਆ ਹੈ ਅਤੇ ਦਿੱਲੀ ਦੇ ਇਸ਼ਾਰਿਆਂ ਤੇ ਪੰਜਾਬ ਨੂੰ ਬਰਬਾਦ ਕਰ ਰਿਹਾ ਹੈ। ਬ੍ਰਹਮਪੁਰਾ ਨੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ’ਚ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸੱਤਾਧਾਰੀ ਧਿਰ ਦੇ ਦਬਾਅ ਹੇਠ ਆ ਕੇ ਕੰਮ ਨਾ ਕਰਨ। ਉਨ੍ਹਾਂ ਸਪੱਸ਼ਟ ਕੀਤਾ, ਜਿਸ ਕਿਸੇ ਵੀ ਅਧਿਕਾਰੀ ਨੇ ਸਾਡੇ ਅਕਾਲੀ ਦਲ ਦੇ ਉਮੀਦਵਾਰਾਂ ਜਾਂ ਵਰਕਰਾਂ ਖ਼ਿਲਾਫ਼ ਕਨੂੰਨ ਦੀ ਦੁਰਵਰਤੋਂ ਕੀਤੀ ਜਾਂ ਧੱਕੇਸ਼ਾਹੀ ਕੀਤੀ, ਤਾਂ ਉਹ ਤਿਆਰ ਰਹਿਣ। ਸਮਾਂ ਬਦਲਦਿਆਂ ਦੇਰ ਨਹੀਂ ਲੱਗਦੀ ਤੇ ਕਾਨੂੰਨ ਲਾਗੂ ਕਰਨ ਵਾਲੇ ਅਜਿਹੇ ਪੱਖਪਾਤੀ ਅਧਿਕਾਰੀਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮੁਰਾਦਪੁਰਾ, ਸਾਬਕਾ ਸਰਪੰਚ ਗੁਰਬਿੰਦਰ ਸਿੰਘ ਕਲੇਰ, ਹਰਵੰਤ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਸੋਨਾ, ਅੰਤਰਪ੍ਰੀਤ ਸਿੰਘ, ਜੰਗ ਸਿੰਘ, ਸਰਪੰਚ ਦੇ ਭਰਾ ਬਲਵਿੰਦਰ ਸਿੰਘ ਬਿੱਲਾ, ਹਰਪ੍ਰੀਤ ਸਿੰਘ ਨੰਬਰਦਾਰ, ਸਰਦਾਰ ਗਿਆਨ ਸਿੰਘ ਅਤੇ ਵੱਡੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ।