ਅਕਾਲੀ ਦਲ ਅੱਜ ਕਰੇਗਾ ਖਡੂਰ ਸਾਹਿਬ ਬਿਜਲੀ ਘਰ ਅੱਗੇ ਪ੍ਰਦਰਸ਼ਨ : ਰਮਨਦੀਪ ਕੌਰ
ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਨੇ ਹਲਕਾ ਖਡੂਰ ਸਾਹਿਬ ਵਾਸੀਆਂ ਨੂੰ ਇਸ ਰੋਸ ਪ੍ਰਦਰਸ਼ਨ ’ਚ ਪਹੁੰਚਣ ਦੀ ਅਪੀਲ ਕੀਤੀ।
Publish Date: Wed, 29 Apr 2026 07:22 PM (IST)
Updated Date: Thu, 30 Apr 2026 04:14 AM (IST)

ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਗੋਇੰਦਵਾਲ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਨੇ ਦੱਸਿਆ ਕਿ ਸੂਬੇ ’ਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਨਿਯਮਾਂ ਤਹਿਤ ਵੀਰਵਾਰ ਨੂੰ ਸਵੇਰੇ ਪਾਵਰਕਾਮ ਦਫਤਰ ਖਡੂਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਬੀ ਰਮਨਦੀਪ ਕੌਰ ਨੇ ਕਿਹਾ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਦੇ ਲੋਕ ਵੱਡੇ ਪੱਧਰ ’ਤੇ ਲੱਗ ਰਹੇ ਕੱਟਾਂ ਕਾਰਨ ਸਾਰੀ ਰਾਤ ਜਾਗ ਕੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਛੋਟੇ-ਛੋਟੇ ਮਾਸੂਮ ਬੱਚੇ ਗਰਮੀ ’ਚ ਤ੍ਰਾਹ ਤ੍ਰਾਹ ਕਰ ਰਹੇ ਹਨ, ਲੰਮੇ ਲੰਮੇ ਕੱਟਾਂ ਕਾਰਨ ਖੜ੍ਹੀਆਂ ਫ਼ਸਲਾਂ ਸੁੱਕ ਰਹੀਆਂ ਹਨ, ਪਸ਼ੂਆਂ ਦਾ ਚਾਰਾ ਵੀ ਬਿਨਾ ਪਾਣੀ ਤੋਂ ਤਬਾਹ ਹੋ ਗਿਆ ਹੈ, ਸਰਕਾਰ ਦੇ ਮੰਤਰੀ ਤੇ ਵਿਧਾਇਕ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੱਤਾ ਦਾ ਅਨੰਦ ਮਾਣ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਵੱਡੇ ਪੱਧਰ ਤੇ ਸ਼ਾਮਿਲ ਹੋ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਨੇ ਹਲਕਾ ਖਡੂਰ ਸਾਹਿਬ ਵਾਸੀਆਂ ਨੂੰ ਇਸ ਰੋਸ ਪ੍ਰਦਰਸ਼ਨ ’ਚ ਪਹੁੰਚਣ ਦੀ ਅਪੀਲ ਕੀਤੀ।