ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਨਹੀਂ ਪਿਆ ਬੂਰ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਗਣਤੰਤਰ ਦਿਵਸ ਮੌਕੇ ਰੋਸ ਪੱਤਰ ਭੇਜੇਗਾ
Publish Date: Thu, 22 Jan 2026 04:53 PM (IST)
Updated Date: Fri, 23 Jan 2026 04:04 AM (IST)

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਗਣਤੰਤਰ ਦਿਵਸ ਮੌਕੇ ਰੋਸ ਪੱਤਰ ਭੇਜੇਗਾ, ਐੱਨਪੀਐੱਸ ਦੀ ਕਟੌਤੀ ਬੰਦ ਕਰਕੇ ਪੁਰਾਣੀ ਪੈਨਸ਼ਨ ਅਧੀਨ ਖਾਤੇ ਚਾਲੂ ਕੀਤੇ ਜਾਣ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ-ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਤੇ ਤਰਨਤਾਰਨ ਸਾਹਿਬ ਤੋ ਅੰਮ੍ਰਿਤਪਾਲ ਸਿੰਘ ਬਾਕੀਪੁਰ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂ ਅੰਮ੍ਰਿਤਪਾਲ ਸਿੰਘ ਬਾਕੀਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਰੋਸ ਵਜੋਂ ਗਣਤੰਤਰ ਦਿਵਸ ਮੌਕੇ ਸਾਰੇ ਜ਼ਿਲ੍ਹਿਆਂ ਵਿਚ ਤਿਰੰਗਾ ਲਹਿਰਾਉਣ ਸਮੇਂ ਪੰਜਾਬ ਸਰਕਾਰ ਦੇ ਨਾਮ ਰੋਸ ਪੱਤਰ ਭੇਜੇ ਜਾਣਗੇ। ਆਗੂਆਂ ਨੇ ਭਗਵੰਤ ਮਾਨ ਦੀ ਸਰਕਾਰ ਤੇ ਮੁਲਾਜ਼ਮਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਦੋ ਲੱਖ ਐੱਨਪੀਐੱਸ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ। ਪਰ ਸਰਕਾਰ ਦੇ 4 ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਇਕ ਵੀ ਮੁਲਾਜ਼ਮ ਦਾ ਜੀਪੀਐੱਫ ਦਾ ਖਾਤਾ ਨਹੀਂ ਖੋਲਿਆ ਹੈ। ਜਦ ਕਿ ਰਾਜਸਥਾਨ, ਛੱਤੀਸਗੜ੍ਹ, ਝਾੜਖੰਡ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਨੇ ਨਵੀਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ। ਆਗੂਆਂ ਨੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੂਜੇ ਰਾਜਾਂ ਵਿਚ ਜਾ ਕੇ ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਜ਼ੋਰਦਾਰ ਪ੍ਰਚਾਰ ਕਰਦੀ ਹੈ, ਪਰ ਦੂਜੇ ਪਾਸੇ ਪੰਜਾਬ ਦੇ ਐੱਨਪੀਐੱਸ ਮੁਲਾਜ਼ਮਾਂ ਨਾਲ ਬੇਈਮਾਨੀ ਵਾਲੀ ਨੀਤੀ ’ਤੇ ਚੱਲ ਰਹੀ ਹੈ। ਜਿਸ ਨਾਲ ਮੁਲਾਜ਼ਮਾਂ ਵਿਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਨਵੰਬਰ 2022 ਵਿਚ ਪੰਜਾਬ ਦੇ ਐੱਨਪੀਐੱਸ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫੀਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਪਰ ਸਰਕਾਰ ਸਰਮਾਏਦਾਰੀ ਪੱਖੀ ਨੀਤੀਆਂ ਉਪਰ ਚੱਲਦੇ ਹੋਏ ਆਪਣੇ ਵਲੋਂ ਕੀਤੀ ਗਏ ਨੋਟੀਫੀਕੇਸ਼ਨ ਨੂੰ ਲਾਗੂ ਕਰਨ ਤੋਂ ਡਰ ਰਹੀ ਹੈ। ਮੋਰਚੇ ਦੇ ਆਗੂਆਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਲਦ ਤੋ ਜਲਦ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਨਹੀਂ ਤਾਂ ਪੁਰਾਣੀ ਪੈਨਸ਼ਨ ਮੋਰਚੇ ਵਲੋਂ ਐੱਨਪੀਐਸ ਮੁਲਾਜ਼ਮਾਂ ਦੀ ਲਾਮਬੰਦੀ ਕਰਕੇ ਤਕੜਾ ਸ਼ਘੰਰਸ਼ ਕੀਤਾ ਜਾਵੇਗਾ।