ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ, ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਨਸ਼ਿਆਂ ਦੇ ਖ਼ਾਤਮੇ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
Publish Date: Sat, 02 May 2026 06:36 PM (IST)
Updated Date: Sun, 03 May 2026 04:14 AM (IST)

ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ, ਪੱਟੀ ਦੀ ਵਿਸ਼ੇਸ਼ ਮੀਟਿੰਗ ਸੇਵਾ ਮੁਕਤ ਡੀਐੱਸਪੀ ਗੁਰਮੇਜ਼ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ । ਮੀਟਿੰਗ ’ਚ ਇਲਾਕੇ ਦੇ ਸਾਬਕਾ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ ਤੇ ਆਪਣੇ ਹੱਕਾਂ, ਸਮੱਸਿਆਵਾਂ ਅਤੇ ਸਮਾਜਿਕ ਮਸਲਿਆਂ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪੰਜਾਬ ’ਚ ਵਧ ਰਹੇ ਨਸ਼ਿਆਂ ਦੇ ਪ੍ਰਕੋਪ ’ਤੇ ਗੰਭੀਰ ਚਿੰਤਾ ਜਤਾਈ ਗਈ। ਸਮੂਹ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਅਤੇ ਭ੍ਰਿਸ਼ਟ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਖ਼ਤਰੇ ਵਿਚ ਪੈ ਰਿਹਾ ਹੈ ਅਤੇ ਸਮਾਜ ਵਿਚ ਅਪਰਾਧ ਵੀ ਵੱਧ ਰਹੇ ਹਨ। ਇਸ ਲਈ ਸਮੇਂ ਦੀ ਲੋੜ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਸੰਬੋਧਨ ਕਰਦਿਆਂ ਸੇਵਾ ਮੁਕਤ ਡੀਐੱਸਪੀ ਗੁਰਮੇਜ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਮਾਜ ਦੇ ਹਰ ਵਰਗ ਵੱਲੋਂ ਮਿਲ ਕੇ ਯਤਨ ਕੀਤੇ ਜਾਣ ਤਾਂ ਨਸ਼ਿਆਂ ਦੇ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਬਕਾ ਪੁਲਿਸ ਮੁਲਾਜ਼ਮ ਆਪਣੇ ਤਜ਼ਰਬੇ ਦੇ ਆਧਾਰ ’ਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਹਮੇਸ਼ਾ ਤਿਆਰ ਹਨ। ਮੀਟਿੰਗ ਦੌਰਾਨ ਸਾਬਕਾ ਪੁਲਿਸ ਮੁਲਾਜ਼ਮਾਂ ਨੇ ਆਪਣੇ ਵਿਭਾਗੀ ਅਤੇ ਆਰਥਿਕ ਮਸਲਿਆਂ ਨੂੰ ਵੀ ਉਠਾਇਆ। ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਰਿਟਾਇਰਡ ਮੁਲਾਜ਼ਮਾਂ ਦੀਆਂ ਲੰਬਿਤ ਸ਼ਿਕਾਇਤਾਂ ਅਤੇ ਮਸਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਪੈਨਸ਼ਨ ਸਬੰਧੀ ਮੁਸ਼ਕਿਲਾਂ ਨੂੰ ਹੱਲ ਕਰਨ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਾਬਕਾ ਮੁਲਾਜ਼ਮਾਂ ਨੇ ਆਪਣੀ ਪੂਰੀ ਸੇਵਾ ਦੌਰਾਨ ਇਮਾਨਦਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਹੁਣ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਦੇ ਹੱਕਾਂ ਅਤੇ ਸੁਵਿਧਾਵਾਂ ਦਾ ਪੂਰਾ ਧਿਆਨ ਰੱਖਿਆ ਜਾਵੇ। ਇਸ ਮੌਕੇ ਜਨਰਲ ਸਕੱਤਰ ਵਿਕਰਮਜੀਤ ਸਿੰਘ ਬੇਦੀ ਨੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਮੈਂਬਰਾਂ ਨੂੰ ਇਕਜੁੱਟ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਆਪਣੇ ਮੈਂਬਰਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਰਹੇਗੀ। ਮੀਟਿੰਗ ਵਿਚ ਸਲਵਿੰਦਰ ਸਿੰਘ, ਰਣਜੀਤ ਸਿੰਘ, ਗੁਰਮੁਖ ਸਿੰਘ, ਚਰਨ ਸਿੰਘ, ਵਿਰਸਾ ਸਿੰਘ, ਸੁਖਦੇਵ ਸਿੰਘ, ਹਰਨੂਰ ਸਿੰਘ, ਸਲਵੰਤ ਸਿੰਘ, ਤਰਲੋਚਨ ਸਿੰਘ, ਅਮਰੀਕ ਸਿੰਘ, ਪ੍ਰੇਮਪਾਲ, ਲਖਵਿੰਦਰ ਸਿੰਘ ਅਤੇ ਦੀਪ ਸਿੰਘ ਸਮੇਤ ਹੋਰ ਮੈਂਬਰ ਵੀ ਹਾਜਰ ਸਨ। ਅੰਤ ਵਿਚ ਸਮੂਹ ਮੈਂਬਰਾਂ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਇਕਜੁੱਟ ਹੋ ਕੇ ਲੜਾਈ ਜਾਰੀ ਰੱਖਣ ਦਾ ਸੰਕਲਪ ਲਿਆ ਅਤੇ ਸਰਕਾਰ ਤੋਂ ਲੋਕ ਹਿੱਤ ਵਿਚ ਤੁਰੰਤ ਕਾਰਵਾਈ ਦੀ ਮੰਗ ਕੀਤੀ। ਕੈਪਸ਼ਨ - ਮੀਟਿੰਗ ਮੌਕੇ ਜਾਣਕਾਰੀ ਦਿੰਦੇ ਹੋਏ ਸੇਵਾ ਮੁਕਤ ਮੁਲਾਜ਼ਮ।