- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਸ਼ਨ ਕਾਰਡ ਬਣਾਉਣ ਲਈ 11 ਤਕ ਆਨਲਾਈਨ ਜਮ੍ਹਾਂ ਹੋਣਗੀਆਂ ਅਰਜ਼ੀਆਂ - ਡੀਸੀ

ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪੁਰਾਣੇ ’ਚ ਮੈਂਬਰ ਸ਼ਾਮਿਲ ਕਰਨ ਲਈ ਕੀਤਾ ਜਾ ਸਕਦੈ ਅਪਲਾਈ
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਤੇ ਸੂਬਾ ਸਰਕਾਰ ਵੱਲੋਂ ਲਏ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਿਲ ਕਰਨ ਲਈ 22 ਜੁਲਾਈ ਤੋਂ 11 ਅਗਸਤ ਤਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ, ਲਾਭਪਾਤਰੀਆਂ ਨੂੰ ਇਕ ਪਾਰਦਰਸ਼ੀ, ਨਿਰਪੱਖ ਤੇ ਤਕਨਾਲੋਜੀ-ਆਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਿਲ ਕੀਤਾ ਜਾਵੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਿਲ ਕਰਨ ਲਈ ਫਾਰਮ-ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ’ਚ ਵਿਭਾਗੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰ, ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ਸੀਐੱਸਸੀ ਜਾ ਕੇ ਆਨਲਾਈਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ/ਸੀਐੱਸਸੀ ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ’ਤੇ ਬਿਨੈਕਾਰ ਨੂੰ ਸੌ ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ।
ਉਨ੍ਹਾਂ ਕਿਹਾ ਕਿ ਬਿਨੈਕਾਰ ਆਪਣੀ ਅਰਜ਼ੀ ਖ਼ੁਦ ਵੀ ਸਿੱਧੇ ਤੌਰ ’ਤੇ ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ। ਇਸ ਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ ਸਮੇਤ ਦਸਤਾਵੇਜ਼ ਤੇ ਸੌਂ ਰੁਪਏ ਪ੍ਰਤੀ ਫਾਰਮ ਫੀਸ ਦਫ਼ਤਰ ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਤੇ ਖ਼ਪਤਕਾਰ ਮਾਮਲੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ’ਚ ਵੀ ਜਮ੍ਹਾਂ ਕਰਵਾ ਸਕਦਾ ਹੈ।
ਫਾਰਮ ਸਫਲਤਾਪੂਰਵਕ ਆਨਲਾਈਨ ਜਮ੍ਹਾਂ ਹੋਣ ’ਤੇ ਬਿਨੈਕਾਰ ਨੂੰ ਉਸਦੇ ਮੋਬਾਈਲ ਨੰਬਰ ’ਤੇ ਫਾਰਮ ਪ੍ਰਾਪਤੀ ਦਾ ਮੈਸੇਜ ਸਮੇਤ ਰਸੀਦ ਨੰਬਰ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਅਰਜ਼ੀਆਂ 11 ਅਗਸਤ ਤਕ ਹੀ ਪ੍ਰਾਪਤ ਕੀਤੀਆਂ ਜਾਣਗੀਆਂ ਤੇ ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਆਨਲਾਈਨ ਵਿਧੀ ਰਾਹੀਂ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ਸੀਐੱਸਸੀ ’ਤੇ ਜਾਂ ਆਫਲਾਈਨ ਵਿਧੀ ਰਾਹੀਂ ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਦੇ ਜ਼ਿਲ੍ਹਾ ਦਫਤਰ ’ਚ ਫਾਰਮ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਜ਼ਿਲ੍ਹਾ ਖ਼ੁਰਾਕ, ਸਿਵਲ ਸਪਲਾਈਜ਼ ਤੇ ਖ਼ਪਤਕਾਰ ਮਾਮਲੇ ਦਫ਼ਤਰ, ਕਮਰਾ ਨੰਬਰ 301-302 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਜਾਂ ਨਜ਼ਦੀਕੀ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ ਸੀਐੱਸਸੀ ਨਾਲ ਸੰਪਰਕ ਕਰ ਸਕਦੇ ਹਨ।