ਭਾਜਪਾ ਮੁੱਖ ਦਫ਼ਤਰ ‘ਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਭਾਜਪਾ ਸਰਕਾਰ ਹਮੇਸ਼ਾ ਹੀ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਸਕੀਮਾਂ ਦਾ ਲਾਭ ਹਰ ਘਰ ਤਕ ਪਹੁੰਚਾਉਣਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ।
Publish Date: Sat, 09 May 2026 07:02 PM (IST)
Updated Date: Sun, 10 May 2026 04:10 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਮੁੱਖ ਦਫ਼ਤਰ ਤਰਨਤਾਰਨ ਸ਼ਹਿਰ ਅਤੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਲੋਕਾਂ ਨਾਲ ਰਾਬਤਾ ਬਣਾਈ ਰੱਖਦੇ ਹੋਏ ਵਰਕਰਾਂ ਅਤੇ ਆਮ ਜਨਤਾ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਜਾ ਰਿਹਾ ਹੈ। ਲੋਕਾਂ ਦੀਆਂ ਮੁਸ਼ਕਿਲਾਂ ਸੁਨਣ ਮੌਕੇ ਉਨ੍ਹਾਂ ਨੇ ਦੱਸਿਆ ਕਿ ਭਾਜਪਾ ਸਰਕਾਰ ਹਮੇਸ਼ਾ ਹੀ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਸਕੀਮਾਂ ਦਾ ਲਾਭ ਹਰ ਘਰ ਤਕ ਪਹੁੰਚਾਉਣਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਪੂਰੀ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ ਤਾਂ ਜੋ ਕੋਈ ਵੀ ਯੋਗ ਵਿਅਕਤੀ ਸਰਕਾਰ ਦੀ ਸਹਾਇਤਾ ਤੋਂ ਵੰਚਿਤ ਨਾ ਰਹਿ ਜਾਵੇ। ਇਸੇ ਉਦੇਸ਼ ਨਾਲ ਭਾਜਪਾ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਜਿਵੇਂ ਆਯੁਸ਼ਮਾਨ ਭਾਰਤ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਉਜਵਲਾ ਯੋਜਨਾ, ਕਿਸਾਨ ਸਨਮਾਨ ਨਿਧੀ, ਅਤੇ ਹੋਰ ਭਲਾਈ ਸਕੀਮਾਂ ਬਾਰੇ ਜਾਣੂੰ ਕਰਵਾ ਰਹੇ ਹਨ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਸੱਤਾ ’ਤੇ ਰਾਜ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਵੱਡਾ ਝੂਠ ਬੋਲਿਆ ਹੈ ਅਤੇ ਜਿਨੇਂ ਵੀ ਚੋਣਾਂ ਵੇਲੇ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ ਤੇਜ਼ੀ ਨਾਲ ਵਿਕਾਸ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ। ਕੇਂਦਰ ਸਰਕਾਰ ਨੇ ਹਰ ਵਰਗ ਲਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਤਾਂ ਜੋ ਗਰੀਬ, ਕਿਸਾਨ, ਮਜ਼ਦੂਰ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਹਰ ਨਾਗਰਿਕ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਜਪਾ ਲਗਾਤਾਰ ਜਨ ਸੰਪਰਕ ਮੁਹਿੰਮ ਚਲਾ ਰਹੀ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਅਤੇ ਲੋਕਾਂ ਦੀ ਸੇਵਾ ਨੂੰ ਆਪਣਾ ਮੁੱਖ ਧਿਆਨ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦਾ ਹਰ ਇਕ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਵਰਕਰਾਂ ਦੇ ਸਨਮਾਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹੇ ਦੇ ਹੋਰ ਪਾਰਟੀ ਦੇ ਪ੍ਰਮੁੱਖ ਆਗੂ ਵੀ ਮੌਜੂਦ ਸਨ। ਕੈਪਸ਼ਨ- ਭਾਜਪਾ ਦੇ ਸਥਾਨਕ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ।