ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ: ਖੇਮਕਰਨ ਪੁਲਿਸ ਨੇ ਖੇਤਾਂ 'ਚੋਂ ਬਰਾਮਦ ਕੀਤਾ ਹੈਰੋਇਨ ਦਾ ਪੈਕੇਟ
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਖੇਮਕਰਨ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਸਰਦੂਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕਲਸ ਦੇ ਖੇਤਾਂ ਵਿਚ ਡ੍ਰੋਨ ਨਾਲ ਪੈਕੇਟ ਸੁੱਟਿਆ ਗਿਆ ਹੈ।
Publish Date: Wed, 15 Apr 2026 03:23 PM (IST)
Updated Date: Wed, 15 Apr 2026 03:25 PM (IST)
ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਕਲਸ ’ਚ ਡ੍ਰੋਨ ਨਾਲ ਸੁੱਟੀ ਗਈ ਹੈਰੋਇਨ ਦੀ ਖੇਪ ਥਾਣਾ ਖੇਮਕਰਨ ਦੀ ਪੁਲਿਸ ਨੇ ਬਰਾਮਦ ਕੀਤੀ ਹੈ। ਉਕਤ ਬਰਾਮਦਗੀ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਭਾਰਤੀ ਵਾਯੂੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਖੇਮਕਰਨ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਸਰਦੂਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕਲਸ ਦੇ ਖੇਤਾਂ ਵਿਚ ਡ੍ਰੋਨ ਨਾਲ ਪੈਕੇਟ ਸੁੱਟਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਏਐੱਸਆਈ ਦਿਲਬਾਗ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਉਕਤ ਖੇਤਾਂ ਵਿੱਚੋਂ ਪੀਲੇ ਰੰਗ ਦਾ ਪੈਕੇਟ ਬਰਾਮਦ ਕੀਤਾ, ਜਿਸ ਨੂੰ ਕੁੰਡੀ ਵੀ ਲੱਗੀ ਹੋਈ ਸੀ। ਜਦੋਂ ਪੈਕਟ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 500 ਗ੍ਰਾਮ ਹੈਰੋਇਨ ਮਿਲੀ। ਉਨ੍ਹਾਂ ਦੱਸਿਆ ਕਿ ਅਜੇ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ। ਪਰ ਜਲਦ ਹੀ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।