ਸ਼ਰਧਾ ਨਾਲ 27 ਨੂੰ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
ਸ਼ੁਕਰਵਾਰ ਨੂੰ ਆਰੰਭ ਕਰਵਾਏ ਗਏ ਅੱਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਐਤਵਾਰ ਨੂੰ ਪਾਏ ਜਾਣ ਉਪਰੰਤ 21 ਹੋਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ।
Publish Date: Sat, 24 Jan 2026 04:42 PM (IST)
Updated Date: Sun, 25 Jan 2026 04:04 AM (IST)

ਜਸਪਾਲ ਸਿੰਘ ਜੱਸੀ•,ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ 27 ਜਨਵਰੀ ਨੂੰ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਸੰਗਤ ਦੇ ਸਹਿਯੋਗ ਨਾਲ ਨੌਜਵਾਨ ਸਭਾ ਵੱਲੋਂ ਸਮਾਗਮ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ। ਜਦੋਂਕਿ ਗੁਰਦੁਆਰਾ ਸਾਹਿਬ ’ਚ ਸ਼ਰਧਾਲੂਆਂ ਵੱਲੋਂ ਸ਼ੁਕਰਵਾਰ ਨੂੰ ਆਰੰਭ ਕਰਵਾਏ ਗਏ ਅੱਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਐਤਵਾਰ ਨੂੰ ਪਾਏ ਜਾਣ ਉਪਰੰਤ 21 ਹੋਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਾਲ ਸਬੰਧਤ ਇਸ ਪਵਿੱਤਰ ਅਸਥਾਨ ’ਤੇ ਹਰ ਸਾਲ 27 ਜਨਵਰੀ ਨੂੰ ਬਾਬਾ ਜੀ ਦਾ ਜਨਮ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾਂਦਾ ਹੈ ਤੇ ਸ਼ਰਧਾਲੂਆਂ ਵੱਲੋਂ ਇੱਥੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਂਦੇ ਹਨ। ਜਿਸ ਤਹਿਤ ਸ਼ੁੱਕਰਵਾਰ ਨੂੰ 8 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਸਨ। ਜਿਨ੍ਹਾਂ ਦੇ ਭੋਗ ਅੱਜ ਐਤਵਾਰ ਨੂੰ ਪਾਏ ਜਾਣਗੇ। ਜਦੋਂਕਿ ਦੀਵਾਨ ਹਾਲ ’ਚ 21 ਹੋਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 27 ਜਨਵਰੀ ਨੂੰ ਸਵੇਰੇ 11 ਵਜੇ ਪਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸ਼ਾਮ ਸਾਢੇ 3 ਵਜੇ ਤੋਂ ਰਾਤ 9 ਵਜੇ ਤੱਕ ਮਹਾਨ ਕੀਰਤਨ ਤੇ ਗੁਰਮਤਿ ਸਮਾਗਮ ਹੋਵੇਗਾ। ਜਿਸ ’ਚ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤੋਂ ਬੀਬੀਆਂ ਦਾ ਕੀਰਤਨੀ ਜਥਾ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਲਕੀਰ ਸਾਹਿਬ. ਭਾਈ ਹੀਰਾ ਸਿੰਘ ਕੰਗ ਹਜ਼ੂਰੀ ਕਥਾ ਵਾਚਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ, ਭਾਈ ਗੁਰਪਾਲ ਸਿੰਘ ਰਬਾਬੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਕੀਰਤਨੀ ਜਥਾ, ਭਾਈ ਗੁਰਪ੍ਰੀਤ ਸਿੰਘ ਕਥਾ ਵਾਚਕ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਤੇ ਭਾਈ ਸਰਬਜੀਤ ਸਿੰਘ ਪਟਨਾ ਵਾਲਿਆਂ ਦਾ ਕੀਰਤਨੀ ਜਥਾ ਸੰਗਤ ਨੂੰ ਕਥਾ ਵਿਚਾਰ ਤੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ। ਉਨ੍ਹਾਂ ਅੱਗੇ ਦੱਸਿਆ ਇਸ ਮੌਕੇ ਗੁਰੂ ਕੇ ਲੰਗਰ ਅਤੁੱਤ ਵਰਤਾਏ ਜਾਣਗੇ। ਉਨ੍ਹਾਂ ਇਲਾਕੇ ਭਰ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਇਸ ਸਮਾਗਮ ’ਚ ਹਾਜ਼ਰੀ ਭਰਨ। ਦੱਸ ਦਈਏ ਕਿ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਗੁਰਦੁਆਰਾ ਸਾਹਿਬ ਦੀ ਅਲੌਕਿਕ ਸਜਾਵਟ ਕੀਤੀ ਜਾਂਦੀ ਹੈ ਤੇ ਬਾਬਾ ਦੀਪ ਸਿੰਘ ਜੀ ਨੌਜਵਾਨ ਸੇਵਕ ਜਥੇ ਦੇ ਸੇਵਾਦਾਰਾਂ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾਂਦੀਆਂ ਹਨ।