- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਪੰਜਾਬ ਬੰਦ ਨੂੰ ਤਰਨਤਾਰਨ ’ਚ ਭਰਵਾਂ ਸਮਰਥਨ

ਸਮੁੱਚੇ ਬਾਜ਼ਾਰ ਤੇ ਵਪਾਰਕ ਅਦਾਰੇ ਰਹੇ ਬੰਦ, ਸਫ਼ਾਈ ਸੇਵਕਾਂ ਨੇ ਕੀਤਾ ਪ੍ਰਦਰਸ਼ਨ
ਜਸਪਾਲ ਸਿੰਘ ਜੱਸੀ •ਪੰਜਾਬੀ ਜਾਗਰਣ
ਤਰਨਤਾਰਨ : ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਸਫ਼ਾਈ ਸੇਵਕ ਯੂਨੀਅਨ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਤਰਨਤਾਰਨ ਵਿਚ ਭਰਵਾਂ ਸਮਰਥਨ ਮਿਲਿਆ। ਵੀਰਵਾਰ ਨੂੰ ਸ਼ਹਿਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਸ਼ਹਿਰ ਵਿਚ ਆਮ ਦਿਨਾਂ ਦੇ ਮੁਕਾਬਲੇ ਸੁੰਨਸਾਨ ਦ੍ਰਿਸ਼ ਦੇਖਣ ਨੂੰ ਮਿਲਿਆ। ਹਾਲਾਂਕਿ ਮੈਡੀਕਲ ਸਟੋਰਾਂ, ਹਸਪਤਾਲਾਂ ਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਸੀ। ਸਕੂਲ ਆਮ ਵਾਂਗ ਖੁੱਲ੍ਹੇ ਰਹੇ, ਪਰ ਬੱਚਿਆਂ ਦੀ ਹਾਜ਼ਰੀ ਵਿਚ ਕਾਫ਼ੀ ਕਮੀ ਦਰਜ ਕੀਤੀ ਗਈ।
ਸਫ਼ਾਈ ਸੇਵਕ ਯੂਨੀਅਨ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਰੋਜ਼ਾਨਾ ਦੀ ਤਰ੍ਹਾਂ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਯੂਨੀਅਨ ਨੇ ਦੱਸਿਆ ਕਿ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਪਿਛਲੇ ਦੋ ਦਿਨਾਂ ਤੋਂ ਸ਼ਹਿਰ ਵਿਚ ਅਨਾਊਂਸਮੈਂਟ ਕਰਕੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਜਾ ਰਹੀ ਸੀ। ਇਸ ਦਾ ਅਸਰ ਵੀਰਵਾਰ ਨੂੰ ਸਪੱਸ਼ਟ ਤੌਰ 'ਤੇ ਦੇਖਣ ਨੂੰ ਮਿਲਿਆ। ਸਵੇਰੇ ਕੁਝ ਸਮੇਂ ਲਈ ਬਾਜ਼ਾਰਾਂ ਵਿਚ ਚਹਿਲ-ਪਹਿਲ ਰਹੀ, ਪਰ ਬਾਅਦ ਵਿਚ ਦੁਕਾਨਾਂ ਦੇ ਸ਼ਟਰ ਬੰਦ ਹੋਣ ਨਾਲ ਪੂਰਾ ਸ਼ਹਿਰ ਸੁੰਨਸਾਨ ਹੋ ਗਿਆ। ਖਾਣ-ਪੀਣ ਦੀਆਂ ਦੁਕਾਨਾਂ, ਸਬਜ਼ੀਆਂ ਤੇ ਫਲਾਂ ਦੀਆਂ ਦੁਕਾਨਾਂ ਵੀ ਬੰਦ ਰਹੀਆਂ।
ਤਰਨਤਾਰਨ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਅੱਡਾ ਬਾਜ਼ਾਰ, ਸ੍ਰੀ ਦਰਬਾਰ ਸਾਹਿਬ ਬਾਜ਼ਾਰ, ਤਹਿਸੀਲ ਬਾਜ਼ਾਰ, ਗਾਰਦ ਬਾਜ਼ਾਰ, ਨਵਾਂ ਬਾਜ਼ਾਰ, ਗੁਰੂ ਬਾਜ਼ਾਰ, ਨੂਰਦੀ ਅੱਡਾ, ਚਾਰ ਖੰਬਾ ਚੌਂਕ, ਬੋਹੜੀ ਚੌਕ, ਜੰਡਿਆਲਾ ਰੋਡ, ਅੰਮ੍ਰਿਤਸਰ ਰੋਡ, ਸਰਹਾਲੀ ਰੋਡ, ਰੇਲਵੇ ਰੋਡ ਤੋਂ ਇਲਾਵਾ ਸ਼ਹਿਰ ਦੇ ਹੋਰ ਬਾਜ਼ਾਰਾਂ ਵਿਚ ਦੁਕਾਨਾਂ ’ਤੇ ਤਾਲੇ ਲਟਕਦੇ ਨਜ਼ਰ ਆਏ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਇਕਪਾਸੜ ਫ਼ੈਸਲੇ ਲਾਗੂ ਕਰ ਰਹੀ ਹੈ, ਜੋ ਕਿਸੇ ਵੀ ਹਾਲਤ ਵਿਚ ਮਨਜ਼ੂਰ ਨਹੀਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ, ਉਦੋਂ ਤਕ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਇਸ ਮੌਕੇ ਜੱਜਪਾਲ, ਤਿਲਕ ਰਾਜ, ਸਤਿਨਾਮ ਸਿੰਘ, ਰਾਜ ਕੁਮਾਰ, ਕ੍ਰਿਸ਼ਨ ਲਾਲ, ਜੋਗਿੰਦਰਪਾਲ, ਗੁਰਦਿਆਲ ਸਿੰਘ ਮਾਲੀ, ਸਲਮਾ, ਸੰਤੋਸ਼, ਕਮਲੇਸ਼, ਭੋਲੀ, ਬਬਲੀ, ਸੋਨੀਆ, ਰੇਨੂੰ, ਬੀਰੋ, ਜਗੀਰੋ, ਸ਼ਿੰਦੋ, ਬਿੰਦੋ ਸਮੇਤ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਤੇ ਯੂਨੀਅਨ ਮੈਂਬਰ ਹਾਜ਼ਰ ਸਨ। ਉੱਧਰ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਬੰਦ ਦੌਰਾਨ ਸੁਰੱਖਿਆ ਦੇ ਪ੍ਰਬੰਧ ਪੁਖ਼ਤਾ ਢੰਗ ਨਾਲ ਕੀਤੇ ਗਏ। ਚੌਕ ਚੁਰਾਹਿਆਂ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਰਹੇ। ਥਾਣਾ ਸਿਟੀ ਦੇ ਮੁਖੀ ਨੇ ਸਮੇਂ-ਸਮੇਂ ’ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਪੰਜਾਬ ਐਕਸ਼ਨ ਕਮੇਟੀ ਦੀਆਂ ਮੰਗਾਂ
ਪਿਛਲੇ 10 ਤੋਂ 15 ਸਾਲਾਂ ਤੋਂ ਘੱਟ ਤਨਖ਼ਾਹਾਂ 'ਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ
ਲੋੜ ਅਨੁਸਾਰ ਨਵੀਂ ਭਰਤੀ ਕੀਤੀ ਜਾਵੇ, ਤਾਂ ਜੋ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਹੋਰ ਸੁਚਾਰੂ ਬਣਾਈ ਜਾ ਸਕੇ
ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰਕੇ ਸਿੱਧੀ ਭਰਤੀ ਕੀਤੀ ਜਾਵੇ
ਤਰਸ ਦੇ ਆਧਾਰ 'ਤੇ ਲੰਬਿਤ ਨੌਕਰੀਆਂ ਵਾਰਸਾਂ ਨੂੰ ਬਿਨ੍ਹਾਂ ਸ਼ਰਤ ਦਿੱਤੀਆਂ ਜਾਣ
ਸਫ਼ਾਈ ਕਰਮਚਾਰੀਆਂ ਨੂੰ ਇਕ ਹਜ਼ਾਰ ਰੁਪਏ ਮਹੀਨਾਵਾਰ ਵਿਸ਼ੇਸ਼ ਭੱਤਾ ਦਿੱਤਾ ਜਾਵੇ
18 ਫ਼ੀਸਦੀ ਮਹਿੰਗਾਈ ਭੱਤਾ ਡੀਏ ਤੁਰੰਤ ਜਾਰੀ ਕੀਤਾ ਜਾਵੇ
ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ