ਈਡੀ ਰਾਹੀਂ ਵਿਰੋਧੀ ਧਿਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਭਾਜਪਾ : ਰਣਜੀਤ ਸਿੰਘ ਚੀਮਾ
ਇਨਫੋਰਸਮੈਂਟ ਡਾਇਰੈਕਟੋਰੇਟ ਈਡੀ ਤੇ ਹੋਰ ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ
Publish Date: Sun, 10 May 2026 05:42 PM (IST)
Updated Date: Mon, 11 May 2026 04:06 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਸੂਬੇ ਭਰ ’ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਜਲ ਸਰੋਤ ਨਿਗਮ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਤੰਤਰਿਕ ਸੰਸਥਾਵਾਂ ਨੂੰ ਕਮਜ਼ੋਰ ਕਰ ਕੇ ਵਿਰੋਧੀ ਧਿਰਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ ਤੇ ਹੋਰ ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਜਦੋਂ ਵੀ ਕੋਈ ਵਿਰੋਧੀ ਆਗੂ ਭਾਜਪਾ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਡਰਾਉਣ ਲਈ ਈਡੀ ਦੇ ਨੋਟਿਸ ਜਾਂ ਛਾਪੇ ਮਾਰੇ ਜਾਂਦੇ ਹਨ। ਇਹ ਤਰੀਕਾ ਲੋਕਤੰਤਰ ਲਈ ਖ਼ਤਰਨਾਕ ਹੈ ਤੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਦੀ ਸਾਖ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਤੇ ਲੋਕਤੰਤਰ ਦੀ ਰੱਖਿਆ ਲਈ ਡਟ ਕੇ ਖੜ੍ਹੀ ਰਹੇਗੀ। ਭਾਜਪਾ ਸਰਕਾਰ ਚਾਹੇ ਕਿਨੀਂ ਵੀ ਦਬਾਓ ਦੀ ਰਾਜਨੀਤੀ ਕਰ ਲਵੇ, ਪਰ ‘ਆਪ’ ਦੇ ਆਗੂ ਤੇ ਵਰਕਰ ਲੋਕਾਂ ਦੀ ਆਵਾਜ਼ ਬਣ ਕੇ ਲੜਾਈ ਜਾਰੀ ਰੱਖਣਗੇ। ਚੀਮਾ ਨੇ ਕਿਹਾ ਕਿ ਦੇਸ਼ ਦੀ ਜਨਤਾ ਹੁਣ ਭਾਜਪਾ ਦੀਆਂ ਨੀਤੀਆਂ ਨੂੰ ਸਮਝ ਚੁੱਕੀ ਹੈ ਤੇ ਆਉਣ ਵਾਲੇ ਸਮੇਂ ’ਚ ਲੋਕ ਇਸ ਦਾ ਜਵਾਬ ਲੋਕਤੰਤਰੀ ਤਰੀਕੇ ਨਾਲ ਦੇਣਗੇ। ਇਸ ਮੌਕੇ ਵਿਕਾਸ ਕੁਮਾਰ ਮਿੰਟਾ, ਸੰਜੀਵ ਮੱਘੂ, ਵਿਰਸਾ ਸਿੰਘ, ਵਿਜੇ ਕੁਮਾਰ ਆਦਿ ਹਾਜ਼ਰ ਸਨ।