DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਪਰਿਵਾਰ ਪਹਿਲੀ ਵਾਰ ਆਇਆ ਸਾਹਮਣੇ, ਪਤਨੀ ਬੋਲੀ- ਝੂਠਾ ਹੈ ਕੇਸ, ਸਿਆਸੀ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਬਦਨਾਮ
ਸੁਰਿੰਦਰਪਾਲ ਕੌਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਤੀ, ਸਹੁਰੇ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਸੰਧੂ ਪੂਰੀ ਤਰ੍ਹਾਂ ਨਿਰਦੋਸ਼ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜ਼ਮੀਨਾਂ ਹੜੱਪਣ ਵਰਗੇ ਝੂਠੇ ਇਲਜ਼ਾਮ ਲਗਾ ਕੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
Publish Date: Mon, 23 Mar 2026 03:11 PM (IST)
Updated Date: Mon, 23 Mar 2026 03:12 PM (IST)
ਜਾਗਰਣ ਸੰਵਾਦਦਾਤਾ, ਤਰਨਤਾਰਨ: ਤਰਨਤਾਰਨ ਦੇ ਚਰਚਿਤ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਹੁਣ ਇੱਕ ਨਵਾਂ ਮੋੜ ਆ ਗਿਆ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪਤਨੀ ਸੁਰਿੰਦਰਪਾਲ ਕੌਰ ਭੁੱਲਰ ਪਹਿਲੀ ਵਾਰ ਜਨਤਕ ਤੌਰ 'ਤੇ ਸਾਹਮਣੇ ਆਏ ਹਨ ਅਤੇ ਉਨ੍ਹਾਂ ਨੇ ਪੂਰੇ ਮਾਮਲੇ 'ਤੇ ਆਪਣਾ ਪੱਖ ਰੱਖਿਆ। ਇੰਟਰਨੈੱਟ 'ਤੇ ਸਾਬਕਾ ਮੰਤਰੀ ਦੇ ਪੱਖ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਪਰਿਵਾਰ ਦਾ ਕੋਈ ਮੈਂਬਰ ਖ਼ੁਦ ਮੀਡੀਆ ਜਾਂ ਜਨਤਾ ਸਾਹਮਣੇ ਆਇਆ ਹੈ।
ਪੱਟੀ ਸਥਿਤ ਆਪਣੀ ਰਿਹਾਇਸ਼ 'ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਹਾ ਕਿ ਬਿਨਾਂ ਪੂਰੀ ਜਾਂਚ ਦੇ ਉਨ੍ਹਾਂ ਦੇ ਪਤੀ ਅਤੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰਨਾ ਗ਼ਲਤ ਹੈ, ਜਿਸ ਕਾਰਨ ਉਨ੍ਹਾਂ ਦਾ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਸੁਰਿੰਦਰਪਾਲ ਕੌਰ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਨੇ ਦਬਾਅ ਪਾ ਕੇ ਉਨ੍ਹਾਂ ਦੇ ਪਤੀ ਅਤੇ ਸਹੁਰੇ ਖ਼ਿਲਾਫ਼ ਝੂਠਾ ਮੁਕੱਦਮਾ ਦਰਜ ਕਰਵਾਇਆ ਹੈ।
ਪਰਿਵਾਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ
ਉਨ੍ਹਾਂ ਪਰਿਵਾਰ ਦੀ ਹਾਲਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੱਸ ਭੁਪਿੰਦਰ ਕੌਰ ਬਜ਼ੁਰਗ ਅਤੇ ਬਿਮਾਰ ਹਨ। ਅਜਿਹੇ ਇਲਜ਼ਾਮਾਂ ਕਾਰਨ ਪੂਰਾ ਪਰਿਵਾਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਇਸ ਤਣਾਅ ਕਾਰਨ ਕੋਈ ਨੁਕਸਾਨ ਹੁੰਦਾ ਹੈ, ਤਾਂ ਇਸ ਲਈ ਰੰਧਾਵਾ ਦਾ ਪਰਿਵਾਰ ਅਤੇ ਵਿਰੋਧੀ ਪਾਰਟੀਆਂ ਜ਼ਿੰਮੇਵਾਰ ਹੋਣਗੀਆਂ।
ਸੁਰਿੰਦਰਪਾਲ ਕੌਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਤੀ, ਸਹੁਰੇ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਸੰਧੂ ਪੂਰੀ ਤਰ੍ਹਾਂ ਨਿਰਦੋਸ਼ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜ਼ਮੀਨਾਂ ਹੜੱਪਣ ਵਰਗੇ ਝੂਠੇ ਇਲਜ਼ਾਮ ਲਗਾ ਕੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਸਿਆਸੀ ਕਾਰਨਾਂ ਕਰਕੇ ਬਣਾਇਆ ਜਾ ਰਿਹਾ ਨਿਸ਼ਾਨਾ
ਉਨ੍ਹਾਂ ਕਿਹਾ ਕਿ ਲਾਲਜੀਤ ਭੁੱਲਰ ਨੇ ਮੰਤਰੀ ਹੁੰਦਿਆਂ ਕੋਰੋਨਾ ਕਾਲ ਅਤੇ ਹੜ੍ਹਾਂ ਵਰਗੀਆਂ ਆਫ਼ਤਾਂ ਸਮੇਂ ਦਿਨ-ਰਾਤ ਲੋਕਾਂ ਦੀ ਸੇਵਾ ਕੀਤੀ ਹੈ। ਪਰ ਹੁਣ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਦੀ ਲੋਕਪ੍ਰਿਯਤਾ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਅੰਤ ਵਿੱਚ ਉਨ੍ਹਾਂ ਭਰੋਸਾ ਜਤਾਇਆ ਕਿ ਜਾਂਚ ਵਿੱਚ ਉਨ੍ਹਾਂ ਦਾ ਪਰਿਵਾਰ ਨਿਰਦੋਸ਼ ਸਾਬਤ ਹੋਵੇਗਾ।