ਗੁਰਬਰਿੰਦਰ ਸਿੰਘ/ਕੁਲਜੀਤ ਸਿੰਘ, ਸ੍ਰੀ ਗੋਇੰਦਵਾਲ ਸਾਹਿਬ/ਤਰਨਤਾਰਨ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਵਾਲੇ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਮੇਜਾ ਸਿੰਘ ਵਾਸੀ ਮੱਲਮੋਹਰੀ ਵਜੋਂ ਹੋਈ ਹੈ। ਬਲਵਿੰਦਰ ਸਿੰਘ ਖ਼ਿਲਾਫ਼ ਪਿੰਡ ਦੇ ਹੀ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਸਬੰਧੀ ਥਾਣਾ ਸਦਰ ਤਰਨਤਾਰਨ ਵਿਖੇ 22 ਮਾਰਚ ਨੂੰ ਮੁਕੱਦਮਾਂ ਦਰਜ ਹੋਇਆ ਸੀ। ਗਿ੍ਰਫ਼ਤਾਰੀ ਮਗਰੋਂ ਉਸ ਨੂੰ ਅਦਾਲਤੀ ਹਿਰਾਸਤ ’ਚ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ’ਚ ਭੇਜ ਦਿੱਤਾ ਗਿਆ ਸੀ।
ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਨਸ਼ੇ ਦੀ ਦਵਾਈ ਨਾ ਮਿਲਣ ਕਾਰਨ ਜੇਲ੍ਹ ਦੀ ਬੈਰਕ ਦੇ ਰੌਸ਼ਨਦਾਨ ਨਾਲ ਕੱਪੜਾ ਪਾ ਕੇ ਫਾਹਾ ਲੈ ਲਿਆ। ਉਸ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਕਰਾਰ ਦੇ ਦਿੱਤਾ। ਇੰਸਪੈਕਟਰ ਰਜਿੰਦਰ ਸਿੰਘ ਅਨੁਸਾਰ ਇਸ ਮਾਮਲੇ ਦੀ ਜੁਡੀਸ਼ੀਅਲ ਮੈਜਿਸਟਰੇਟ ਦੁਆਰਾ ਜਾਂਚ ਕਰਨ ਉਪਰੰਤ ਪੋਸਟਮਾਰਟਮ ਕਰਵਾ ਕੇ ਲਾਸ਼ ਉਸਦੇ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।
ਪਰਿਵਾਰ ਨੇ ਬੇਕਸੂਰ ਨੂੰ ਭੇਜਿਆ ਗਿਆ ਸੀ ਜੇਲ੍ਹ
ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਸਦਰ ਤਰਨਤਾਰਨ ਸਾਹਮਣੇ ਮੁਜ਼ਾਹਰਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਬਲਵਿੰਦਰ ਸਿੰਘ ਕਿਸੇ ਕੰਮ ਗੁਰਦੁਆਰੇ ਗਿਆ ਸੀ, ਜਿੱਥੇ ਉਸਦੀ ਕੁੱਟਮਾਰ ਕੀਤੀ ਗਈ। ਪਰਿਵਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੇਅਦਬੀ ਦਾ ਜਿਹੜਾ ਦੋਸ਼ ਲਗਾਇਆ ਗਿਆ ਹੈ, ਉਸ ਸਬੰਧੀ ਕੋਈ ਵੀਡੀਓ ਤਕ ਉਨ੍ਹਾਂ ਨੂੰ ਨਹੀਂ ਦਿਖਾਈ ਗਈ। ਬਲਵਿੰਦਰ ਸਿੰਘ ਨੂੰ ਬੇਕਸੂਰ ਹੋਣ ਦੇ ਬਾਵਜੂਦ ਜੇਲ੍ਹ ਭੇਜ ਦਿੱਤਾ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਖ਼ਬਰ ਲਿਖੇ ਜਾਣ ਤਕ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਪਰਿਵਾਰ ਨਾਲ ਗੱਲਬਾਤ ਕਰ ਰਹੇ ਸਨ।
Posted By: Tejinder Thind