- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਕਿਰਪਾਲ ਸਿੰਘ ਰੰਧਾਵਾ, ਪੰਜਾਬੀ ਜਾਗਰਣ, ਹਰੀਕੇ ਪੱਤਣ : ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਦੀ ਪਛਾਣ ਕੁਲਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ। ਇਸ ਵਾਰਦਾਤ ਨੇ ਇਲਾਕੇ ਵਿਚ ਸਨਸਨੀ ਫੈਲਾਅ ਦਿੱਤੀ ਹੈ। ਘਟਨਾ ਦੇ ਪਿੱਛੇ ਕੀ ਕਾਰਨ ਹਨ ਅਤੇ ਹਮਲਾਵਰ ਕੌਣ ਸਨ, ਇਸ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਨੌਸ਼ਹਿਰਾ ਪੰਨੂਆਂ ਦੇ ਅੱਡੇ ’ਤੇ ਸਥਿਤ ਇਕ ਸੈਲੂਨ ਵਿਚ ਵਾਲ ਕਟਵਾਉਣ ਲਈ ਆਇਆ ਹੋਇਆ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਸ ਮਾਮਲੇ ਨੂੰ ਇਸ ਕਰਕੇ ਵੀ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ ਕਿ ਮ੍ਰਿਤਕ ਕੁਲਦੀਪ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਦਾ ਨਾਂ ਨੌਸ਼ਹਿਰਾ ਪੰਨੂੰਆਂ ਵਿਖੇ ਹੀ ਏਐੱਸਆਈ ਇਕਬਾਲ ਸਿੰਘ ਦੇ ਕਤਲ ਮਾਮਲੇ ’ਚ ਸਾਹਮਣੇ ਆਇਆ ਸੀ। ਮਨਪ੍ਰੀਤ ਸਿੰਘ ’ਤੇ ਏਐੱਸਆਈ ਇਕਬਾਲ ਸਿੰਘ ਦੀ ਰੇਕੀ ਕਰਵਾਉਣ ਦੇ ਦੋਸ਼ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹੈ। ਇਨ੍ਹਾਂ ਦੋਸ਼ਾਂ ਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਂਚ ਕੀਤੀ ਜਾਣੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨੌਸ਼ਹਿਰਾ ਪੰਨੂਆਂ ਵਿਖੇ ਏਐੱਸਆਈ ਇਕਬਾਲ ਸਿੰਘ ਦਾ ਵੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਹੁਣ ਕੁਲਦੀਪ ਸਿੰਘ ਦੇ ਕਤਲ ਤੋਂ ਬਾਅਦ ਏਐੱਸਆਈ ਇਕਬਾਲ ਸਿੰਘ ਦੇ ਪੁੱਤਰ ਕੋਮਲ ਪੰਨੂ ਅਤੇ ਸੱਤਾ ਨੌਸ਼ਹਿਰਾ ਦੇ ਨਾਂ ਵੀ ਇਸ ਘਟਨਾਕ੍ਰਮ ਦੇ ਸੰਦਰਭ ਵਿਚ ਚਰਚਾ ‘ਚ ਆ ਰਹੇ ਹਨ ਅਤੇ ਉਨ੍ਹਾਂ ’ਤੇ ਸ਼ੱਕ ਹੋਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ, ਉਨ੍ਹਾਂ ਦੀ ਇਸ ਤਾਜ਼ਾ ਕਤਲ ਦੀ ਵਾਰਦਾਤ ਵਿਚ ਸ਼ਮੂਲੀਅਤ ਬਾਰੇ ਕੋਈ ਪੁਸ਼ਟੀਸ਼ੁਦਾ ਜਾਣਕਾਰੀ ਉਪਲਬਧ ਨਹੀਂ ਹੈ। ਪੁਲਿਸ ਦੀ ਜਾਂਚ ਅਤੇ ਅਧਿਕਾਰਤ ਬਿਆਨ ਤੋਂ ਬਾਅਦ ਹੀ ਇਸ ਮਾਮਲੇ ਵਿਚ ਸਥਿਤੀ ਸਪੱਸ਼ਟ ਹੋ ਸਕੇਗੀ। ਨੌਸ਼ਹਿਰਾ ਪੰਨੂਆਂ ਵਿਚ ਲਗਾਤਾਰ ਸਾਹਮਣੇ ਆ ਰਹੀਆਂ ਗੋਲੀਬਾਰੀ ਅਤੇ ਕਤਲ ਦੀਆਂ ਘਟਨਾਵਾਂ ਨੇ ਇਲਾਕੇ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਸਰਹਾਲੀ ਪੁਲਿਸ ਹਰ ਪਹਿਲੂ ਤੋਂ ਕਰ ਰਹੀ ਹੈ ਜਾਂਚ- ਡੀਐੱਸਪੀ
ਇਸ ਸਬੰਧੀ ਡੀਐਸਪੀ ਪੱਟੀ ਰਵੀ ਸ਼ੇਰ ਸਿੰਘ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਘਟਨਾ ਸਥਾਨ ਤੋਂ ਕੁਝ ਅਹਿਮ ਸਬੂਤ ਹੱਥ ਲੱਗੇ ਹਨ ਜਿਸ ਦੇ ਆਧਾਰ ਤੇ ਸਰਹਾਲੀ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਕਾਤਲਾਂ ਦੀ ਭਾਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਨੌਸ਼ਹਿਰਾ ਪੰਨੂੰਆਂ ’ਚ ਘਟੀ ਘਟਨਾ ਸਬੰਧੀ ਜਾਂਚ ਵਿਚ ਕਸਰ ਨਹੀਂ ਛੱਡੀ ਜਾਵੇਗੀ