- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨਾਲ ਗੱਲਬਾਤ ਦੌਰਾਨ ਅਗਾਂਹ ਵਧੂ ਕਿਸਾਨ ਸੁਖਵਿੰਦਰ ਸਿੰਘ ਕੀਰਤੋਵਾਲ, ਜਤਿੰਦਰ ਸਿੰਘ ਮੁੰਡਾ ਪਿੰਡ ਤੇ ਸਾਬਕਾ ਸਰਪੰਚ ਗੁਰਨਾਮ ਸਿੰਘ ਨੇ ਪਰਾਲੀ ਪ੍ਰਬੰਧਨ ਸਮੇਂ ਆਉਂਦੀਆਂ ਵਿਹਾਰਕ ਮੁਸ਼ਕਿਲਾਂ ਅਤੇ ਬੇਲਰ ਮਸ਼ੀਨਾਂ 'ਤੇ ਮਿਲਣ ਵਾਲੀ ਸਬਸਿਡੀ ਸਬੰਧੀ ਆਪਣੇ ਸੁਝਾਅ ਰੱਖੇ।

ਕਿਰਪਾਲ ਸਿੰਘ ਰੰਧਾਵਾ, •ਪੰਜਾਬੀ ਜਾਗਰਣ, ਹਰੀਕੇ : ਧਰਤੀ ਦੀ ਸਿਹਤ ਸੁਧਾਰਨ ਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੂਹ ਹਵੇਲੀਆਂ ਵਿਖੇ ਪਹੁੰਚ ਕੇ ਕਿਸਾਨਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਖੇਤਾਂ ’ਚ ਕਿਸਾਨ ਚੌਪਾਲ ਲਗਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ ਗਏ। ਕੇਂਦਰੀ ਮੰਤਰੀ ਨੇ ਪਿਛਲੇ ਛੇ ਸਾਲਾਂ ਤੋਂ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਨ ਵਾਲੇ ਅਗਾਂਹ ਵਧੂ ਕਿਸਾਨਾਂ ਤੇ ਪੰਚਾਇਤਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਸਨਮਾਨ ਵੀ ਕੀਤਾ।
ਕਿਸਾਨ ਚੌਪਾਲ ਨੂੰ ਸੰਬੋਧਨ ਕਰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਦੇ ਇਤਿਹਾਸਕ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਅਨਾਜ ਦੀ ਘਾਟ ਨਾਲ ਜੂਝ ਰਿਹਾ ਸੀ ਅਤੇ ਵਿਦੇਸ਼ਾਂ ਤੋਂ ਲਾਲ ਕਣਕ ਮੰਗਵਾਉਣੀ ਪੈਂਦੀ ਸੀ, ਉਸ ਸਮੇਂ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅਨਾਜ ਭੰਡਾਰ ਭਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਪਰ ਅੱਜ ਬੇਹੱਦ ਰਸਾਇਣਕ ਖਾਦਾਂ, ਕੀਟਨਾਸ਼ਕਾਂ ਦੀ ਵਰਤੋਂ ਤੇ ਪਰਾਲੀ ਸਾੜਨ ਕਾਰਨ ਧਰਤੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੋ ਰਹੀ ਹੈ। ਇਸ ਨਾਲ ਮਿੱਤਰ ਕੀੜੇ ਅਤੇ ਕੇਂਚੂਏ ਵੀ ਖ਼ਤਮ ਹੋ ਰਹੇ ਹਨ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਸੀਂ ਅੱਜ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਗੰਭੀਰ ਯਤਨ ਨਾ ਕੀਤੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੱਡੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਪਿੰਡ ਬੂਹ ਹਵੇਲੀਆਂ ਅਤੇ ਆਲੇ-ਦੁਆਲੇ ਦੇ ਕਿਸਾਨਾਂ ਵੱਲੋਂ ਪਿਛਲੇ ਛੇ ਸਾਲਾਂ ਤੋਂ ਪਰਾਲੀ ਨਾ ਸਾੜਨ ਅਤੇ ਹੈਪੀ ਸੀਡਰ ਤੇ ਸਿੱਧੀ ਬਿਜਾਈ ਵਰਗੀਆਂ ਆਧੁਨਿਕ ਤਕਨੀਕਾਂ ਅਪਣਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪਿੰਡ ਨੇ ਪੂਰੇ ਦੇਸ਼ ਨੂੰ ਖੇਤੀਬਾੜੀ ਤੇ ਵਾਤਾਵਰਨ ਦੀ ਸੰਭਾਲ ਲਈ ਨਵੀਂ ਦਿਸ਼ਾ ਦਿਖਾਈ ਹੈ।
---
ਖੇਤੀ ਮਸ਼ੀਨਰੀ ਦੀ ਗੁਣਵੱਤਾ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ
ਕਿਸਾਨਾਂ ਨਾਲ ਗੱਲਬਾਤ ਦੌਰਾਨ ਅਗਾਂਹ ਵਧੂ ਕਿਸਾਨ ਸੁਖਵਿੰਦਰ ਸਿੰਘ ਕੀਰਤੋਵਾਲ, ਜਤਿੰਦਰ ਸਿੰਘ ਮੁੰਡਾ ਪਿੰਡ ਤੇ ਸਾਬਕਾ ਸਰਪੰਚ ਗੁਰਨਾਮ ਸਿੰਘ ਨੇ ਪਰਾਲੀ ਪ੍ਰਬੰਧਨ ਸਮੇਂ ਆਉਂਦੀਆਂ ਵਿਹਾਰਕ ਮੁਸ਼ਕਿਲਾਂ ਅਤੇ ਬੇਲਰ ਮਸ਼ੀਨਾਂ 'ਤੇ ਮਿਲਣ ਵਾਲੀ ਸਬਸਿਡੀ ਸਬੰਧੀ ਆਪਣੇ ਸੁਝਾਅ ਰੱਖੇ। ਕੇਂਦਰੀ ਮੰਤਰੀ ਨੇ ਕਿਸਾਨਾਂ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਇਸ ਮਾਮਲੇ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨ ਦਾ ਭਰੋਸਾ ਦਿੱਤਾ। ਸਬਸਿਡੀ ’ਤੇ ਮਿਲਣ ਵਾਲੀਆਂ ਖੇਤੀ ਮਸ਼ੀਨਾਂ ਦੀ ਗੁਣਵੱਤਾ ਸਬੰਧੀ ਕਿਸਾਨਾਂ ਵੱਲੋਂ ਉਠਾਈਆਂ ਗਈਆਂ ਸ਼ਿਕਾਇਤਾਂ ’ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਇਸ ਸਾਲ ਵੀ ਪੰਜਾਬ ਸਰਕਾਰ ਨੂੰ ਲਗਭਗ 286 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ।
ਫ਼ਸਲੀ ਵਿਭਿੰਨਤਾ ਤੇ ਸਹਾਇਕ ਧੰਦਿਆਂ ਨੂੰ ਅਪਣਾਉਣ ਦਾ ਸੱਦਾ
ਕੇਂਦਰੀ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਿਸਾਨਾਂ ਨੂੰ ਉਤਪਾਦਨ ਵਧਾਉਣ ਦੇ ਨਾਲ-ਨਾਲ ਖੇਤੀ ਲਾਗਤਾਂ ਘਟਾਉਣ ਅਤੇ ਫ਼ਸਲੀ ਵਿਭਿੰਨਤਾ ਵੱਲ ਵਿਸ਼ੇਸ਼ ਧਿਆਨ ਦੇਣਾ ਪਵੇਗਾ। ਇਸ ਦੇ ਨਾਲ ਹੀ ਪਸ਼ੂ ਪਾਲਣ, ਮੱਛੀ ਪਾਲਣ ਤੇ ਮੁਰਗੀ ਪਾਲਣ ਵਰਗੇ ਸਹਾਇਕ ਧੰਦਿਆਂ ਨੂੰ ਖੇਤੀਬਾੜੀ ਨਾਲ ਜੋੜ ਕੇ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਅਤੇ ਕਣਕ ਦੀ ਘੱਟੋ-ਘੱਟ ਸਮਰਥਨ ਮੁੱਲ ਐੱਮਐੱਸਪੀ ’ਤੇ ਪੂਰੀ ਖ਼ਰੀਦ ਕੀਤੀ ਜਾਂਦੀ ਹੈ।