ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਸਕੂਲ ਆਫ਼ ਐਮੀਨੈਂਸ ਵਿਚ ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ਵਿਚੋਂ ਹਟ ਕੇ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਪੜ੍ਹਾਈ ਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨਾਲੋਂ ਵੀ ਅੱਗੇ ਹਨ।
Publish Date: Sun, 18 Jan 2026 06:13 PM (IST)
Updated Date: Mon, 19 Jan 2026 04:12 AM (IST)

ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਹਲਕਾ ਵਾਸੀਆਂ ਦੇ ਹਰ ਸੁੱਖ-ਦੁੱਖ ’ਚ ਉਨ੍ਹਾਂ ਨਾਲ ਹਨ ਤੇ ਹਲਕੇ ਦੇ ਸਰਬਪੱਖੀ ਵਿਕਾਸ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਹਮੇਸ਼ਾ ਆਪਣੇ ਹਲਕਾ ਵਾਸੀਆਂ ਲਈ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਇਹ ਯਤਨ ਕੀਤੇ ਜਾ ਰਹੇ ਹਨ ਕਿ ਸਮਾਜ ਦੇ ਹਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਵੇ ਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਈਆਂ ਜਾਣ। ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਦੇਸ਼ ’ਚ ਪੰਜਾਬ ਪਹਿਲਾ ਸੂਬਾ ਹੋਵੇਗਾ। ਜੋ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ’ਚ ਸਿਹਤ ਖੇਤਰ ਦਾ ਜ਼ਿਕਰ ਤੱਕ ਨਹੀਂ ਹੁੰਦਾ ਸੀ। ਜਿਸ ਕਰ ਕੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ’ਤੇ ਛੱਡ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਸਨ ਕਿ ਪਿੰਡਾਂ ’ਚ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਇਲਾਜ ਕਰਵਾਉਣਾ ਹੀ ਨਹੀਂ ਚਾਹੁੰਦੇ ਸਨ, ਕਿਉਂਕਿ ਇਲਾਜ ਮਹਿੰਗਾ ਹੋਣ ਕਰ ਕੇ ਉਹ ਆਪਣੇ ਪਰਿਵਾਰਾਂ ਨੂੰ ਕਰਜ਼ਾਈ ਨਹੀਂ ਦੇਖਣਾ ਚਾਹੁੰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਦੇਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਤੇ ਮਾਨ ਸਰਕਾਰ ਸਮਰਪਣ ਭਾਵਨਾ ਨਾਲ ਇਹ ਫ਼ਰਜ਼ ਨਿਭਾ ਰਹੀ ਹੈ। ਮੁਫ਼ਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਆਮ ਲੋਕਾਂ ਦੇ ਜੀਵਨ ’ਚ ਵੱਡਾ ਪਰਿਵਰਤਨ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ’ਚ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਕਾਰੀ ਸੰਸਥਾਵਾਂ ਵਿਚ ਵਿਸ਼ਵਾਸ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿਚ ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ਵਿਚੋਂ ਹਟ ਕੇ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਪੜ੍ਹਾਈ ਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨਾਲੋਂ ਵੀ ਅੱਗੇ ਹਨ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਵਾਮ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਬਦੌਲਤ ਸੂਬਾ ਪੰਜਾਬ ਦੇ ਵਾਸੀ ਸਾਲ 2027 ’ਚ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।