ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ - ਲਾਲਜੀਤ ਸਿੰਘ ਭੁੱਲਰ
ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਦੇ ਕੁੱਲ ਤਿੰਨ ਕਰੋੜ ਨਾਗਰਿਕਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ।
Publish Date: Sat, 24 Jan 2026 05:38 PM (IST)
Updated Date: Sun, 25 Jan 2026 04:10 AM (IST)

-ਕਿਹਾ, ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਆਮ ਆਦਮੀ ਪਾਰਟੀ ਨੇ ਪੰਜਾਬ ’ਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 22 ਜਨਵਰੀ ਨੂੰ ਮੋਹਾਲੀ ’ਚ `ਮੁੱਖ ਮੰਤਰੀ ਸਿਹਤ ਯੋਜਨਾ` ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਵਿਧਾਨ ਸਭਾ ਹਲਕਾ ਪੱਟੀ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਮੌਕੇ ਗੱਲ ਕਰਦਿਆਂ ਸੂਬੇ ਦੇ ਟਰਾਂਸਪੋਰਟ ਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ’ਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗ਼ਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ’ਚ ਫੈਸਲਾਕੁੰਨ ਬਦਲਾਅ ਹੈ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਤੇ ਮੁਫ਼ਤ ਬੱਸ ਯਾਤਰਾ ਦੀ ਗਾ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ’ਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਤੇ ਹਰ ਨਾਗਰਿਕ ਲਈ ਮੁਫ਼ਤ ਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਚਾਰ ਸਾਲਾਂ ’ਚ ਸਰਕਾਰ ਨੇ ਪਿੰਡਾਂ ਤੇ ਮੁਹੱਲਿਆਂ ’ਚ ਲਗਭਗ 1 ਹਜ਼ਾਰ ਆਮ ਆਦਮੀ ਕਲੀਨਿਕ ਬਣਾਏ ਹਨ। ਜਦੋਂਕਿ ਪਿਛਲੇ 75 ਸਾਲਾਂ ’ਚ ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਸਨ। ਹੁਣ ਹੋਰ 500 ਆਮ ਆਦਮੀ ਕਲੀਨਿਕ ਨਿਰਮਾਣ ਅਧੀਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਤਹਿਤ ਵੱਡੀਆਂ ਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ’ਚ ਦਾਖ਼ਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲਿਆਉਣ । ਪੰਜਾਬ ’ਚ ਲਗਭਗ 65 ਲੱਖ ਪਰਿਵਾਰ ਹਨ, ਜਿਨ੍ਹਾਂ ’ਚ ਅਮੀਰ ਤੇ ਗ਼ਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਤੇ ਸਾਰੇ ਧਰਮਾਂ ਤੇ ਜਾਤਾਂ ਦੇ ਲੋਕ ਸ਼ਾਮਲ ਹਨ। ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ। ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਦੇ ਕੁੱਲ ਤਿੰਨ ਕਰੋੜ ਨਾਗਰਿਕਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਤੇ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਦਾ ਲਾਭ ਲੈਣ ਲਈ ਆਪਣਾ ਨਾਮ ਜ਼ਰੂਰ ਰਜਿਸਟਰ ਕਰਵਾਉਣ।