ਮੁੱਖ ਮੰਤਰੀ ਸਿਹਤ ਯੋਜਨਾ ਨੂੰ ਤਰਨਤਾਰਨ ਜ਼ਿਲ੍ਹੇ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ
ਮੰਤਰੀ ਭੁੱਲਰ ਨੇ ਅੱਗੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ।
Publish Date: Sun, 25 Jan 2026 07:24 PM (IST)
Updated Date: Mon, 26 Jan 2026 04:13 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਸੂਬੇ ਦੇ ਟਰਾਂਸਪੋਰਟ ਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਲਗਾਤਾਰ ਜਾਰੀ ਹੈ। ਕੈਬਨਿਟ ਮੰਤਰੀ ਵੱਲੋਂ ਪੱਟੀ ਸ਼ਹਿਰ ਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸਿਹਤ ਕਾਰਡ ਜਾਰੀ ਕਰਨ ਵਾਲੇ ਕੇਂਦਰਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਹ ਯੋਜਨਾ ਸੂਬੇ ਦੇ ਹਰ ਮੂਲ ਨਿਵਾਸੀ ਨੂੰ ਯੂਨੀਵਰਸਲ ਹੈਲਥ ਕਵਰੇਜ਼ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਤੇ ਸਮਾਜ ਦੇ ਆਰਥਿਕ ਤੌਰ ’ਤੇ ਗ਼ਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ’ਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ। ਮੰਤਰੀ ਭੁੱਲਰ ਨੇ ਅੱਗੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਤੇ ਹੋਰ ਉੱਨਤ ਮੈਡੀਕਲ ਸ੍ਰੇਣੀਆਂ ’ਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ’ਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ’ਚ ਅਹਿਮ ਸਾਬਤ ਹੋਵੇਗਾ।