ਪ੍ਰਤਾਪ ਸਿੰਘ, ਤਰਨਤਾਰਨ : ਲੋਕ ਸਭਾ ਚੋਣਾਂ ਦੌਰਾਨ ਪਿੰਡ ਦਦੇਹਰ ਸਾਹਿਬ ਵਿਖੇ ਰੱਖੀ ਗਈ ਚੋਣ ਪ੍ਰਚਾਰ ਮੀਟਿੰਗ ਦੌਰਾਨ ਅੱਠ ਲੋਕਾਂ ਵੱਲੋਂ ਇਕ ਵਿਅਕਤੀ ਦੀ ਕੁੱਟਮਾਰ ਕਰ ਕੇ ਉਸ ਦੀ ਪੱਗ ਲਾਹੁਣ ਦੇ ਕਥਿਤ ਦੋਸ਼ 'ਚ ਪੱਟੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਦੱਸਣਾ ਬਣਦਾ ਹੈ ਕਿ ਇਸ ਮੀਟਿੰਗ ਵਿਚ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਸੰਬੋਧਨ ਕਰਨ ਪੁੱਜੇ ਹੋਏ ਸਨ। ਪੁਲਿਸ ਨੇ ਜਾਂਚ ਉਪਰੰਤ ਉਕਤ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।

ਪ੍ਰਗਟ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਦਦੇਹਰ ਸਾਹਿਬ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਪਿੰਡ ਦਦਹੇਰ ਸਾਹਿਬ ਵਿਖੇ ਚੋਣ ਪ੍ਰਚਾਰ ਮੀਟਿੰਗ ਰੱਖੀ ਗਈ ਸੀ। ਇਸ ਮੀਟਿੰਗ ਵਿਚ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੀ ਪਹੁੰਚੇ ਹੋਏ ਸੀ। ਇਸ ਮੌਕੇ ਕੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ, ਪ੍ਰਗਟ ਸਿੰਘ ਪੁੱਤਰ ਸੁਲੱਖਣ ਸਿੰਘ ਅਤੇ ਮਨਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਦਦੇਹਰ ਸਾਹਿਬ ਵੱਲੋਂ ਕਿਸੇ ਗੱਲ ਨੂੰ ਲੈ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਵੇਖਦੇ ਹੀ ਵੇਖਦੇ ਉਕਤ ਲੋਕਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਿਸ ਕਾਰਨ ਉਸ ਦੀ ਪੱਗ ਵੀ ਲੱਥ ਗਈ। ਰੌਲਾ ਪਾਉਣ 'ਤੇ ਹਮਲਾਵਰ ਫ਼ਰਾਰ ਹੋ ਗਏ। ਇਸ ਦੀ ਸ਼ਿਕਾਇਤ ਥਾਣਾ ਸਰਹਾਲੀ ਪੁਲਿਸ ਨੂੰ ਕਰ ਦਿੱਤੀ ਗਈ। ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਾਂਚ ਉਪਰੰਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Posted By: Seema Anand