ਕਾਂਗਰਸ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਕੀਤਾ ਰੋਸ ਮਾਰਚ
ਲੋਕਾਂ ਨਾਲ ਕੀਤੇ ਗਏ ਕਈ ਵਾਅਦੇ ਅਜੇ ਤਕ ਪੂਰੇ ਨਹੀਂ ਹੋਏ ਅਤੇ ਸਰਕਾਰ ਹਰ ਮੋਰਚੇ ’ਤੇ ਅਸਫ਼ਲ ਸਾਬਿਤ ਹੋ ਰਹੀ ਹੈ।
Publish Date: Sun, 31 May 2026 04:38 PM (IST)
Updated Date: Mon, 01 Jun 2026 04:05 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਤਰਨਤਾਰਨ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ਼ ਦੀ ਅਗਵਾਈ ਹੇਠ ਤਰਨਤਾਰਨ ਸ਼ਹਿਰ ’ਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਮਾਰਚ ਦੌਰਾਨ ਪਾਰਟੀ ਵਰਕਰਾਂ ਤੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਧਦੀ ਮਹਿੰਗਾਈ ਨੂੰ ਆਮ ਲੋਕਾਂ ਲਈ ਵੱਡੀ ਚੁਣੌਤੀ ਕਰਾਰ ਦਿੱਤਾ। ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਬੋਹੜੀ ਚੌਕ ਪਹੁੰਚਿਆ, ਜਿੱਥੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਰੱਖੇ ਗਏ ਪ੍ਰਦਰਸ਼ਨ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਹੋ ਰਹੇ ਲਗਾਤਾਰ ਵਾਧੇ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ ਤੇ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ’ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਇਸ ਦਾ ਅਸਰ ਆਵਾਜਾਈ, ਖੇਤੀਬਾੜੀ ਅਤੇ ਰੋਜ਼ਮਰਾ ਦੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਤੇ ਵੀ ਪੈਂਦਾ ਹੈ, ਜਿਸ ਨਾਲ ਮਹਿੰਗਾਈ ਹੋਰ ਵਧਦੀ ਹੈ। ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਕਾਰਨ ਘਰੇਲੂ ਮਹਿਲਾਵਾਂ ਤੇ ਮੱਧ ਵਰਗ ਦੇ ਪਰਿਵਾਰ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਕਰਨਬੀਰ ਸਿੰਘ ਬੁਰਜ਼ ਨੇ ਕਿਹਾ ਕਿ ਦੇਸ਼ ਵਿਚ ਬੇਰੁਜ਼ਗਾਰੀ ਅਤੇ ਮਹਿੰਗਾਈ ਦੋਵੇਂ ਗੰਭੀਰ ਮੁੱਦੇ ਬਣ ਚੁੱਕੇ ਹਨ, ਪਰ ਕੇਂਦਰ ਸਰਕਾਰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕੋਈ ਪ੍ਰਭਾਵਸ਼ਾਲੀ ਕਦਮ ਚੁੱਕਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਕਈ ਵਾਅਦੇ ਅਜੇ ਤਕ ਪੂਰੇ ਨਹੀਂ ਹੋਏ ਅਤੇ ਸਰਕਾਰ ਹਰ ਮੋਰਚੇ ’ਤੇ ਅਸਫ਼ਲ ਸਾਬਿਤ ਹੋ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਤੁਰੰਤ ਕਟੌਤੀ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ। ਰੋਸ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ, ਸਥਾਨਕ ਆਗੂ ਅਤੇ ਸਮਰਥਕ ਮੌਜੂਦ ਰਹੇ, ਜਿਨ੍ਹਾਂ ਨੇ ਮਹਿੰਗਾਈ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਪਾਰਟੀ ਆਗੂਆਂ ਨੇ ਲੋਕਾਂ ਨੂੰ ਮਹਿੰਗਾਈ ਦੇ ਮੁੱਦੇ ’ਤੇ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ।