ਕਾਂਗਰਸ ਪਾਰਟੀ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਮੰਚ ‘ਤੇ ਆਵਾਜ਼ ਉਠਾਉਂਦੀ ਰਹੇਗੀ : ਸੰਧੂ
ਭਾਜਪਾ ਦੀਆਂ ਨੀਤੀਆਂ ਕਾਰਨ ਗਰੀਬ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ
Publish Date: Sat, 28 Feb 2026 05:41 PM (IST)
Updated Date: Sun, 01 Mar 2026 04:05 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ‘ਮਹਾ ਰੈਲੀ ਮਨਰੇਗਾ ਬਚਾਓ ਸੰਗਰਾਮ’ ’ਚ ਸ਼ਮੂਲੀਅਤ ਕਰਨ ਲਈ ਪੱਟੀ ਹਲਕੇ ਤੋਂ ਕਾਂਗਰਸੀ ਵਰਕਰਾਂ ਦਾ ਜਥਾ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਵਰਕਰਾਂ ਵਿਚ ਭਾਰੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਭਾਜਪਾ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਮਨਰੇਗਾ ਯੋਜਨਾ ਪਿੰਡਾਂ ਦੇ ਗਰੀਬ ਅਤੇ ਮਜ਼ਦੂਰ ਵਰਗ ਲਈ ਰੁਜ਼ਗਾਰ ਦੀ ਸਭ ਤੋਂ ਵੱਡੀ ਗਾਰੰਟੀ ਹੈ, ਪਰ ਭਾਜਪਾ ਸਰਕਾਰ ਵੱਲੋਂ ਇਸ ਦੇ ਬਜਟ ਵਿਚ ਕਟੌਤੀਆਂ ਕਰਕੇ ਤੇ ਭੁਗਤਾਨਾਂ ’ਚ ਲੰਬੀ ਦੇਰੀ ਕਰਕੇ ਮਜ਼ਦੂਰਾਂ ਨਾਲ ਨਿਆਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਜਾਣ-ਬੁੱਝ ਕੇ ਮਨਰੇਗਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਲਈ ਇਸ ਦਾ ਨਾਮ ਬਦਲ ਦਿੱਤਾ ਗਿਆ ਹੈ। ਜਿਸ ਨਾਲ ਪਿੰਡਾਂ ਦੀ ਅਰਥ ਵਿਵਸਥਾ ‘ਤੇ ਨਕਾਰਾਤਮਕ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਮਹੀਨਿਆਂ ਤੱਕ ਆਪਣੀ ਮਿਹਨਤ ਦੀ ਮਜ਼ਦੂਰੀ ਲਈ ਉਡੀਕ ਕਰਨੀ ਪੈਂਦੀ ਹੈ, ਜੋ ਕਿ ਬਿਲਕੁਲ ਗਲਤ ਹੈ। ਕਾਂਗਰਸ ਪਾਰਟੀ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਮੰਚ ‘ਤੇ ਆਵਾਜ਼ ਉਠਾਉਂਦੀ ਰਹੇਗੀ ਅਤੇ ਭਾਜਪਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਦਾ ਡੱਟ ਕੇ ਵਿਰੋਧ ਕਰੇਗੀ। ਸੰਧੂ ਨੇ ਕਿਹਾ ਕਿ ਪੱਟੀ ਹਲਕੇ ਦੇ ਵਰਕਰ ਇਸ ਸੰਘਰਸ਼ ਵਿਚ ਅੱਗੇ ਰਹਿ ਕੇ ਭਾਗ ਲੈਣਗੇ ਅਤੇ ਮਨਰੇਗਾ ਬਚਾਉਣ ਲਈ ਲੜਾਈ ਜਾਰੀ ਰੱਖਣਗੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀਆਂ ਨੀਤੀਆਂ ਕਾਰਨ ਗਰੀਬ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਲਈ ਜਨਤਾ ਨੂੰ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਅਖੀਰ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਗਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਹਮੇਸ਼ਾਂ ਸੰਘਰਸ਼ ਕਰਦੀ ਰਹੇਗੀ ਅਤੇ ਮਨਰੇਗਾ ਵਰਗੀਆਂ ਲੋਕ-ਹਿੱਤ ਯੋਜਨਾਵਾਂ ਨੂੰ ਬਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਗੁਰਬੀਰ ਸਿੰਘ ਗਲੈਡੀ ਮੰਡ, ਮਨਦੀਪ ਸਿੰਘ ਉਦੇ, ਅਜੀਤ ਪੁਰੀ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜਰ ਸਨ।