ਨਗਰ ਕੌਂਸਲ ਪੱਟੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਤੇਜ਼ ਕੀਤੀਆਂ ਸਰਗਰਮੀਆਂ
ਹਰਮਨ ਸੇਖੋਂ ਨੇ ਕਿਹਾ ਕਿ ਪੱਟੀ ਸ਼ਹਿਰ ਦੇ ਲੋਕ ਹੁਣ ਵਿਕਾਸ ਅਤੇ ਸਾਫ਼ ਸੁਥਰੀ ਰਾਜਨੀਤੀ ਚਾਹੁੰਦੇ ਹਨ।
Publish Date: Sun, 03 May 2026 06:32 PM (IST)
Updated Date: Mon, 04 May 2026 04:12 AM (IST)

ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਨਗਰ ਕੌਂਸਲ ਪੱਟੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਇਕ ਅਹਿਮ ਮੀਟਿੰਗ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਮਨ ਸੇਖੋਂ ਅਤੇ ਨੌਜਵਾਨ ਆਗੂ ਸਰਪ੍ਰੀਤ ਸਿੰਘ ਜੋਤੀ ਸੇਖੋਂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨਾਲ ਵਿਸਥਾਰ ਪੂਰਵਕ ਚੋਣ ਚਰਚਾ ਕੀਤੀ। ਮੀਟਿੰਗ ਦੌਰਾਨ ਪੱਟੀ ਸ਼ਹਿਰ ਦੀ ਮੌਜੂਦਾ ਰਾਜਨੀਤਿਕ ਸਥਿਤੀ, ਲੋਕਾਂ ਦੀਆਂ ਮੁੱਖ ਸਮੱਸਿਆਵਾਂ, ਵਾਰਡ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਹਰਮਨ ਸੇਖੋਂ ਨੇ ਕਿਹਾ ਕਿ ਪੱਟੀ ਸ਼ਹਿਰ ਦੇ ਲੋਕ ਹੁਣ ਵਿਕਾਸ ਅਤੇ ਸਾਫ਼ ਸੁਥਰੀ ਰਾਜਨੀਤੀ ਚਾਹੁੰਦੇ ਹਨ। ਪਿਛਲੇ ਕੁਝ ਸਾਲਾਂ ਦੌਰਾਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਲਈ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਸ਼ਹਿਰ ਦੀਆਂ ਟੁੱਟੀਆਂ ਸੜਕਾਂ, ਸੀਵਰੇਜ ਦੀ ਸਮੱਸਿਆ, ਸਫ਼ਾਈ ਪ੍ਰਬੰਧਾਂ ਦੀ ਕਮੀ, ਪੀਣ ਵਾਲੇ ਪਾਣੀ ਦੀਆਂ ਦਿੱਕਤਾਂ ਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਦੀ ਘਾਟ ਵਰਗੇ ਮੁੱਦੇ ਅੱਜ ਵੀ ਲੋਕਾਂ ਲਈ ਚਿੰਤਾ ਦਾ ਕਾਰਨ ਬਣੇ ਹੋਏ ਹਨ। ਕਾਂਗਰਸ ਪਾਰਟੀ ਲੋਕਾਂ ਦੇ ਹਰ ਮੁੱਦੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਸਰਪ੍ਰੀਤ ਸਿੰਘ ਜੋਤੀ ਸੇਖੋਂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਸਿਰਫ਼ ਸਿਆਸੀ ਲੜਾਈ ਨਹੀਂ, ਸਗੋਂ ਪੱਟੀ ਸ਼ਹਿਰ ਦੇ ਭਵਿੱਖ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਨੌਜਵਾਨਾਂ ਨੂੰ ਅੱਗੇ ਲਿਆਉਣ ਤੇ ਜ਼ਮੀਨੀ ਪੱਧਰ ’ਤੇ ਮਜ਼ਬੂਤ ਟੀਮ ਤਿਆਰ ਕਰਨ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ’ਚ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਹਰ ਵਰਗ ਦੀ ਰਾਏ ਨੂੰ ਧਿਆਨ ’ਚ ਰੱਖ ਕੇ ਚੋਣ ਰਣਨੀਤੀ ਬਣਾਈ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਪੂਰੀ ਇਮਾਨਦਾਰੀ ਨਾਲ ਮੈਦਾਨ ’ਚ ਉਤਰ ਰਹੀ ਹੈ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੱਟੀ ਹਲਕੇ ’ਚ ਕਾਂਗਰਸ ਪਾਰਟੀ ਦੀ ਮਜ਼ਬੂਤ ਪਕੜ ਹੈ ਤੇ ਵਰਕਰਾਂ ਦੀ ਮਿਹਨਤ ਸਦਕਾ ਪਾਰਟੀ ਨੂੰ ਵੱਡਾ ਸਮੱਰਥਨ ਮਿਲ ਰਿਹਾ ਹੈ। ਪਾਰਟੀ ਹਾਈਕਮਾਨ ਦੇ ਨਿਯਮਾਂ ਅਨੁਸਾਰ ਚੋਣਾਂ ਲਈ ਤਿਆਰੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਤੇ ਆਉਣ ਵਾਲੀਆਂ ਚੋਣਾਂ ’ਚ ਵੀ ਪਾਰਟੀ ਲੋਕ ਹਿੱਤਾਂ ਨੂੰ ਮੁੱਖ ਰੱਖ ਕੇ ਮੈਦਾਨ ’ਚ ਉਤਰੇਗੀ। ਮੀਟਿੰਗ ਦੌਰਾਨ ਪਾਰਟੀ ਦੇ ਆਗੂਆਂ ਨੇ ਇਹ ਵੀ ਜ਼ੋਰ ਦਿੱਤਾ ਕਿ ਚੋਣਾਂ ’ਚ ਉਨ੍ਹਾਂ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ ਜੋ ਲੋਕਾਂ ’ਚ ਚੰਗੀ ਪਹਿਚਾਣ ਰੱਖਦੇ ਹੋਣ ਤੇ ਜਿਨ੍ਹਾਂ ਦਾ ਜਨਤਾ ਨਾਲ ਸਿੱਧਾ ਸੰਪਰਕ ਹੋਵੇ। ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਰਾਏ ਤੇ ਜਨਤਾ ਦੇ ਸੁਝਾਵਾਂ ਨੂੰ ਧਿਆਨ ’ਚ ਰੱਖ ਕੇ ਹੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਚੋਣ ਮਾਹੌਲ ਨੂੰ ਵੇਖਦਿਆਂ ਪੱਟੀ ਸ਼ਹਿਰ ’ਚ ਰਾਜਨੀਤਕ ਸਰਗਰਮੀਆਂ ਲਗਾਤਾਰ ਵਧ ਰਹੀਆਂ ਹਨ ਤੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣਾ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।