ਸਟਾਫ ਰਿਪੋਰਟਰ, ਤਰਨਤਾਰਨ : ਕੋਵਿਡ-19 ਮਹਾਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ 861 ਸੈਂਪਲ ਹੋਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਅਜ ਕੀਤੇ ਗਏ 347 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਅੰਮਿ੍ਤਸਰ ਵਿਖੇ ਲੈਬ ਵਿਚ 1 ਅਗਸਤ ਨੂੰ ਭੇਜੇ ਗਏ 340 ਸੈਂਪਲਾਂ ਵਿੱਚੋਂ 2 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 338 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 7974 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤਕ ਕੋਰੋਨਾ ਵਾਇਰਸ ਤੋਂ ਪੀੜਤ 7593 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਉਨਾਂ੍ਹ ਦੱਸਿਆ ਕਿ ਜ਼ਿਲ੍ਹੇ 'ਚ ਕੋਵਿਡ-19 ਦੀ ਜਾਂਚ ਲਈ ਹੁਣ ਤਕ ਆਰਟੀਪੀਸੀਆਰ, ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3 ਲੱਖ 16 ਹਜਾਰ 991 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿੱਚੋਂ 3 ਲੱਖ 8 ਹਜਾਰ 895 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 514 ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ੍ਹ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 8 ਰਹਿ ਗਈ ਹੈ, ਜਿਨ੍ਹਾਂ 'ਚੋਂ 6 ਵਿਅਕਤੀ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ੍ਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਮਾਰੀ 'ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਨਾਂ੍ਹ ਕਿਹਾ ਕਿ ਜ਼ਿਲ੍ਹਾ ਵਾਸੀ ਕੋਵਿਡ-19 ਮਹਾਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।