ਸਟਾਫ ਰਿਪੋਰਟਰ, ਤਰਨਤਾਰਨ : ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ 'ਚ ਅੱਜ 2913 ਹੋਰ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ। ਉਨਾਂ੍ਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ੍ਹ ਲਾਭਪਾਤਰੀਆਂ ਦੇ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ ਤਾਂ ਜੋ ਇਸ ਮਹਾਮਾਰੀ ਦੇ ਖਤਰੇ ਨੂੰ ਟਾਲਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ 1423 ਸੈਂਪਲ ਹੋਰ ਲਏ ਗਏ ਹਨ। ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੀਤੇ ਗਏ 537 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ ਅੰਮਿ੍ਤਸਰ ਵਿਖੇ ਲੈਬ ਵਿਚ 26 ਅਕਤੂਬਰ ਨੂੰ ਭੇਜੇ ਗਏ 810 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 8043 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤਕ ਕੋਰੋਨਾ ਵਾਇਰਸ ਤੋਂ ਪੀੜਤ 7657 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।

ਉਨਾਂ੍ਹ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ-19 ਦੀ ਜਾਂਚ ਲਈ ਹੁਣ ਤਕ 4 ਲੱਖ 22 ਹਜਾਰ 473 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ 'ਚੋਂ 4 ਲੱਖ 9 ਹਜਾਰ 969 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 805 ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ੍ਹ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 6 ਹੈ, ਜਿੰਨਾਂ ਵਿੱਚੋਂ 5 ਮਰੀਜ਼ਾਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ੍ਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਮਾਰੀ 'ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।