ਜਸਪਾਲ ਸਿੰਘ ਜੱਸੀ, ਤਰਨਤਾਰਨ : ਤਰਨਤਾਰਨ ਦੇ ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਹੈਰੋਇਨ ਬਰਾਮਦ ਕਰਕੇ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਗਿ੍ਫਤਾਰੀ ਟੀਮ ਨੇ ਗਸ਼ਤ ਦੇ ਦੌਰਾਨ ਕੀਤੀ ਹੈ। ਮੁਲਜ਼ਮਾਂ ਖਿਲਾਫ ਥਾਣਾ ਵਲਟੋਹਾ ਵਿਖੇ ਐੱਨਡੀਪਐੱਸ ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਐੱਸਐੱਸਪੀ ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਤਰਨਤਾਰਨ ਤੋਂ ਪੱਟੀ, ਵਲਟੋਹਾ, ਅਮਰਕੋਟ ਅਤੇ ਭਿੱਖੀਵਿੰਡ ਆਦਿ ਵੱਲ ਗਸ਼ਤ 'ਤੇ ਸਨ। ਇਸੇ ਦੌਰਾਨ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਡੀਐੱਸਪੀ ਭਿੱਖੀਵਿੰਡ ਰਾਜਬੀਰ ਸਿੰਘ ਦੀ ਮੌਜੂਦਗੀ ਵਿਚ ਤਲਾਸ਼ੀ ਲਈ ਤਾਂ ਉਨਾਂ੍ਹ ਦੇ ਕੋਲੋਂ 387 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨਾਂ੍ਹ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਦੀਪਕ ਸਿੰਘ ਪੁੱਤਰ ਤਰਸੇਮ ਸਿੰਘ ਅਤੇ ਮਨਪ੍ਰਰੀਤ ਸਿੰਘ ਉਰਫ ਪੀਤਾ ਪੁੱਤਰ ਚਾਨਣ ਸਿੰਘ ਵਾਸੀ ਪੱਤੀ ਮਲਵਈਆਂ ਦੀ ਵਲਹੋਹਾ ਵਜੋਂ ਹੋਈ ਹੈ। ਉਨਾਂ੍ਹ ਦੱਸਿਆ ਕਿ ਥਾਣਾ ਵਲਟੋਹਾ 'ਚ ਕੇਸ ਦਰਜ ਕਰਕੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੋਂ ਉਨਾਂ੍ਹ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਇਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।