ਕਾਸੋ ਆਪ੍ਰੇਸ਼ਨ ਤਹਿਤ ਸ਼ੱਕੀ ਘਰਾਂ ਦੀ ਚੈਕਿੰਗ, 18 ਜਣੇ ਲਏ ਹਿਰਾਸਤ ’ਚ, ਤਿੰਨ ਭਗੌੜੇ ਕਾਬੂ
ਡੀਆਈਜੀ ਸਨੇਹਦੀਪ ਸ਼ਰਮਾ ਦੀ ਅਗਵਾਈ ਹੇਠ ਤਰਨਤਾਰਨ ‘ਚ ਚਲਾਇਆ ਕਾਸੋ ਆਪ੍ਰੇਸ਼ਨ
Publish Date: Thu, 19 Mar 2026 06:22 PM (IST)
Updated Date: Fri, 20 Mar 2026 04:11 AM (IST)

ਡੀਆਈਜੀ ਸਨੇਹਦੀਪ ਸ਼ਰਮਾ ਦੀ ਅਗਵਾਈ ਹੇਠ ਤਰਨਤਾਰਨ ‘ਚ ਚਲਾਇਆ ਕਾਸੋ ਆਪ੍ਰੇਸ਼ਨ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤੇ ਗੈਂਗਸਟਰਾਂ ‘ਤੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਡੀਜੀਪੀ ਗੌਰਵ ਯਾਦਵ ਦੇ ਆਦੇਸ਼ਾਂ ਤਹਿਤ ਵੀਰਵਾਰ ਨੂੰ ਕਾਰਵਾਈ ਕਰਦਿਆਂ ਤਰਨਤਾਰਨ ’ਚ ‘ਕਾਸੋ ਆਪ੍ਰੇਸ਼ਨ’ ਡੀਆਈਜੀ ਫਿਰੋਜਪੁਰ ਰੇਂਡ ਸਨੇਹਦੀਪ ਸ਼ਰਮਾ ਦੀ ਅਗਵਾਈ ਵਿਚ ਚਲਾਇਆ ਗਿਆ। ਇਸ ਕਾਸੋ ਆਪ੍ਰੇਸ਼ਨ ਦੌਰਾਨ ਐੱਸਐੱਸਪੀ ਸੁਰੇਂਦਰ ਲਾਂਬਾ ਦੀ ਨਿਗਰਾਨੀ ਹੇਠ ਵੱਡੀ ਗਿਣਤੀ ਵਿਚ ਪੁਲਿਸ ਦੇ ਅਧਿਕਾਰੀ ਅਤੇ ਪੁਲਿਸ ਕਰਮਚਾਰੀ ਸ਼ਾਮਿਲ ਹੋਏ। ਕਾਸੋ ਆਪ੍ਰੇਸ਼ਨ ਦੌਰਾਨ ਡੀਆਈਜੀ ਸਨੇਹਦੀਪ ਸ਼ਰਮਾ ਵਲੋਂ ਪੁਲਿਸ ਟੀਮਾਂ ਨਾਲ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਧੀਨ ਪੈਂਦੇ ਇਲਾਕਿਆਂ ਵਿਚ ਤਸਕਰੀ ਨਾਲ ਜੁੜੇ ਵਿਅਕਤੀਆਂ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਤਸਕਰੀ ਖਿਲਾਫ਼ ਵੱਡੀ ਮੁਹਿੰਮ ਚਲਾਈ ਹੋਈ ਹੈ, ਜਿਸ ਦੌਰਾਨ ਪੰਜਾਬ ਭਰ ’ਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਹੈ। ਉਥੇ ਹੀ ਫਿਰੋਜ਼ਪੁਰ ਰੇਂਜ ਅਧੀਨ ਪੈਂਦੇ ਜ਼ਿਲ੍ਹਿਆਂ ਵਿਚ ਇਸ ਮੁਹਿੰਮ ਤਹਿਤ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਵਿਚ ਤਰਨਤਾਰਨ ਜ਼ਿਲ੍ਹੇ ਦੇ ਚਾਰੇ ਸਬ ਡਵੀਜ਼ਨਾਂ ਦੇ ਡੀਐੱਸਪੀਜ, ਐੱਸਐੱਚਓ, ਚੌਂਕੀ ਇੰਚਾਰਜਾਂ ਦੀ ਅਗਵਾਈ ਵਿਚ ਪੁਲਿਸ ਟੀਮਾਂ ਵਲੋਂ ਆਪਣੇ-ਆਪਣੇ ਇਲਾਕਿਆਂ ਵਿਚ ਸ਼ੱਕੀ ਘਰਾਂ ਦੀ ਚੈਕਿੰਗ ਕੀਤੀ ਗਈ, ਉਥੇ ਹੀ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਕਾਰਵਾਈ ਦੌਰਾਨ 18 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਜਦੋਂਕਿ ਤਿੰਨ ਭਗੌੜੇ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ ਅਤੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਕਾਬੂ ਕਰਕੇ ਜੇਲ੍ਹਾਂ ਵਿਚ ਸੁੱਟਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਦੀ ਇਸ ਮੁਹਿੰਮ ਨਾਲ ਜੁੜਨ ਅਤੇ ਨਸ਼ਾ ਤਸਕਰਾਂ ਸੰਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਇਸ ਮੌਕੇ ਐੱਸਪੀ ਮਨਿੰਦਰ ਸਿੰਘ, ਡੀਐੱਸਪੀਡੀ ਜਗਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਦੇ ਜਵਾਨ ਵੀ ਮੌਜੂਦ ਸਨ।