ਪੱਤਰ ਪ੍ਰੇਰਕ, ਤਰਨਤਾਰਨ : ਪਿੰਡ ਰਾਹਲ ਚਾਹਲ ਵਿਖੇ ਘਰ ਦੇ ਬਾਹਰ ਖੜ੍ਹੇ ਪਿਓ-ਪੁੱਤ 'ਤੇ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਨੌਜਵਾਨ ਦੀ ਲੱਤ 'ਤੇ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਸਰਕਾਰੀ ਹਸਪਤਾਲ ਸਰਹਾਲੀ ਵਿਖੇ ਦਾਖਲ ਕਰਵਾਇਆ ਗਿਆ। ਘਟਨਾ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਦਲੇਰ ਸਿੰਘ ਪੁੱਤਰ ਗੁਰਨੇਕ ਸਿੰਘ ਵਾਸੀ ਰਾਹਲ ਚਾਹਲ ਨੇ ਪੁਲਿਸ ਦੱਸਿਆ ਕਿ ਉਹ ਆਪਣੇ ਪਿਤਾ ਨਾਲ ਸ਼ਾਮ 6:30 ਵਜੇ ਦੇ ਕਰੀਬ ਘਰ ਦੇ ਬਾਹਰ ਖੜ੍ਹਾ ਸੀ। ਇਸੇ ਦੌਰਾਨ ਪਲਸਰ ਮੋਟਰਸਾਈਕਲ ਸਾਈਕਲ 'ਤੇ ਸਵਾਰ ਤਿੰਨ ਅਣਪਛਾਤੇ ਲੋਕਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇਕ ਗੋਲੀ ਉਸਦੀ ਲੱਤ ਵਿਚ ਲੱਗੀ। ਘਟਨਾ ਸਥਾਨ ਤੋਂ ਅਣਪਛਾਤੇ ਵਿਅਕਤੀ ਫਰਾਰ ਹੋਣ ਵਿਚ ਸਫਲ ਹੋ ਗਏ। ਜ਼ਖ਼ਮੀ ਹੋਏ ਨੂੰ ਪਰਿਵਾਰ ਮੈਂਬਰਾਂ ਨੇ ਸਰਹਾਲੀ ਹਸਪਤਾਲ ਦਾਖਲ ਕਰਵਾਇਆ। ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਗੋਲੀਆਂ ਚਲਾਉਣ ਵਾਲਿਆਂ ਨੂੰ ਬੇਨਕਾਬ ਕੀਤਾ ਜਾਵੇਗਾ।

Posted By: Rajnish Kaur