ਗਣਤੰਤਰ ਦਿਵਸ ਮੌਕੇ ਤਰਨਤਾਰਨ ’ਚ ਡਿਪਟੀ ਕਮਿਸ਼ਨਰ ਰਾਹੁਲ ਲਹਿਰਾਉਣਗੇ ਤਿਰੰਗਾ ਝੰਡਾ
ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵੱਖ-ਵੱਖ ਸੁਰੱਖਿਆ ਸੈਨਾਵਾਂ ਵਿਚ ਸੇਵਾ ਨਿਭਾਉਂਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
Publish Date: Sun, 25 Jan 2026 07:26 PM (IST)
Updated Date: Mon, 26 Jan 2026 04:13 AM (IST)

ਜਸਪਾਲ ਸਿੰਘ ਜੱਸੀ,•ਪੰਜਾਬੀ ਜਾਗਰਣ, ਤਰਨਤਾਰਨ : ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪੁਲਿਸ ਸਟੇਡੀਅਮ ਤਰਨਤਾਰਨ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। 26 ਜਨਵਰੀ ਨੂੰ ਤਰਨਤਾਰਨ ਦੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਐੱਸਡੀਐੱਮ ਤਰਨਤਾਰਨ ਗੁਰਮੀਤ ਸਿੰਘ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜ਼ਾਇਜਾ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਵੇਰੇ 10 ਵਜੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਕੌਮੀ ਝੰਡਾ ਲਹਿਰਾਉਣਗੇ। ਇਸ ਉਪਰੰਤ ਮੁੱਖ ਮਹਿਮਾਨ ਵਲੋਂ ਪਰੇਡ ਦਾ ਮੁਆਇਨਾ ਕੀਤਾ ਜਾਵੇਗਾ ਅਤੇ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨਸੀਸੀ ਕੈਡਿਟਸ, ਪੰਜਾਬ ਪੁਲਿਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਨੇ ਮਾਰਚ ਪਾਸਟ ਵਿਚ ਹਿੱਸਾ ਲਿਆ ਜਾਵੇਗਾ। ਉਪਰੰਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਐੱਸਡੀਐੱਮ ਗੁਰਮੀਤ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵੱਖ-ਵੱਖ ਸੁਰੱਖਿਆ ਸੈਨਾਵਾਂ ਵਿਚ ਸੇਵਾ ਨਿਭਾਉਂਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਲੋੜ੍ਹਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆਂ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਗਣਤੰਤਰ ਦਿਵਸ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰ ਰਾਹੁਲ।