ਡਿਪਟੀ ਕਮਿਸ਼ਨਰ ਦੀ ਚਿਤਾਵਨੀ: ਮਨੁੱਖੀ ਜਾਨਾਂ ਨਾਲ ਖੇਡਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਈਨਾ ਡੋਰ 'ਤੇ ਪ੍ਰਸ਼ਾਸਨ ਦੀ ਤਿੱਖੀ ਨਜ਼ਰ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਇਸ ਸੰਬੰਧੀ ਵਿਸ਼ੇਸ਼ ਛਾਪੇਮਾਰੀ ਕੀਤੀ ਜਾ ਰਹੀ ਹੈ।
Publish Date: Mon, 05 Jan 2026 03:45 PM (IST)
Updated Date: Mon, 05 Jan 2026 03:51 PM (IST)
ਜਸਪਾਲ ਸਿੰਘ ਜੱਸੀ,ਪੰਜਾਬੀ ਜਾਗਰਣ, ਤਰਨਤਾਰਨ : ਡਿਪਟੀ ਕਮਿਸ਼ਨਰ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਾੜੇ ਰੁਝਾਨ ਨੂੰ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਇਸ ਸੰਬੰਧੀ ਵਿਸ਼ੇਸ਼ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ-ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ। ਉਸ ਖਿਲਾਫ਼ ਸਖਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਪਾਬੰਦੀਸ਼ੁਦਾ ਸਿੰਥੈਟਿਕ ਡੋਰ ਨੂੰ ਵੇਚਣ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵਲੋਂ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਥੈਟਿਕ-ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ।