ਸਠਿਆਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਸਹਿਣਯੋਗ : ਐਡਵੋਕੇਟ ਕਰਮਵੀਰ ਸਿੰਘ
ਪੰਜਾਬ ਵਿਚ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸੂਬੇ ਦੀ ਕਾਨੂੰਨ-ਵਿਵਸਥਾ ਤੇ ਸਰਕਾਰ ਦੀ ਨੀਅਤ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ
Publish Date: Mon, 09 Mar 2026 03:59 PM (IST)
Updated Date: Tue, 10 Mar 2026 04:00 AM (IST)

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਅਕਾਲੀ ਦਲ ਵਾਰਸ ਪੰਜਾਬ ਦੇ ਬੁਲਾਰੇ ਐਡਵੋਕੇਟ ਕਰਮਵੀਰ ਸਿੰਘ ਨੇ ਪਿੰਡ ਸਠਿਆਲਾ ਵਿਖੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਕੇਵਲ ਇਕ ਧਾਰਮਿਕ ਅਸਥਾਨ ਉੱਤੇ ਹੋਈ ਘਟਨਾ ਨਹੀਂ, ਸਗੋਂ ਪੂਰੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾਵਾਂ ’ਤੇ ਕੀਤਾ ਗਿਆ ਗੰਭੀਰ ਅਤੇ ਅਸਹਿਣਯੋਗ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸੂਬੇ ਦੀ ਕਾਨੂੰਨ-ਵਿਵਸਥਾ ਤੇ ਸਰਕਾਰ ਦੀ ਨੀਅਤ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਬੇਅਦਬੀ ਦੇ ਮਾਮਲਿਆਂ ’ਚ ਇਨਸਾਫ਼ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ। ਪਰ ਅੱਜ ਤੱਕ ਨਾ ਤਾਂ ਦੋਸ਼ੀਆਂ ਨੂੰ ਕਾਨੂੰਨ ਦੇ ਕਟਿਹਰੇ ’ਚ ਲਿਆਂਦਾ ਗਿਆ ਹੈ ਤੇ ਨਾ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੋਈ ਪ੍ਰਭਾਵਸ਼ਾਲੀ ਤੇ ਸਖ਼ਤ ਕਾਨੂੰਨ ਬਣਾਇਆ ਗਿਆ ਹੈ। ਐਡਵੋਕੇਟ ਕਰਮਵੀਰ ਸਿੰਘ ਨੇ ਕਿਹਾ ਕਿ ਸਮਾਣਾ ਮੋਰਚੇ ਨੂੰ ਨਜ਼ਰ ਅੰਦਾਜ਼ ਕਰਨਾ ਤੇ ਬੇਅਦਬੀ ਦੇ ਮਾਮਲਿਆਂ ’ਚ ਸਖ਼ਤ ਕਾਨੂੰਨੀ ਪ੍ਰਬੰਧ ਨਾ ਕਰਨਾ ਦਰਸਾਉਂਦਾ ਹੈ ਕਿ ਸਰਕਾਰ ਸਿੱਖ ਕੌਮ ਦੇ ਜਜ਼ਬਾਤਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਸ ਤਰ੍ਹਾਂ ਦੀ ਲਾਪਰਵਾਹੀ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਪ੍ਰਸ਼ਾਸਨਿਕ ਨਾਕਾਮੀ ਨਹੀਂ, ਸਗੋਂ ਇਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਜਾਪਦੀ ਹੈ, ਜਿਸ ਨੂੰ ਸਰਕਾਰੀ ਢਿੱਲ ਤੇ ਲਾਪਰਵਾਹੀ ਹੌਸਲਾ ਦੇ ਰਹੀ ਹੈ। ਜੇਕਰ ਸਰਕਾਰ ਨੇ ਤੁਰੰਤ ਕਾਰਵਾਈ ਕਰ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਮਿਸਾਲੀ ਸਖ਼ਤ ਤੋਂ ਸਖ਼ਤ ਸਜ਼ਾਵਾਂ ਨਾ ਦਿੱਤੀਆਂ, ਤਾਂ ਸਿੱਖ ਕੌਮ ਇਸ ਬੇਇਨਸਾਫ਼ੀ ਦੇ ਖ਼ਿਲਾਫ਼ ਵੱਡਾ ਲੋਕਤੰਤਰਿਕ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਣ ਡਰਾਮੇਬਾਜ਼ੀ ਤੇ ਖਾਲੀ ਬਿਆਨਬਾਜ਼ੀ ਦਾ ਸਮਾਂ ਲੰਘ ਚੁੱਕਾ ਹੈ। ਸਿੱਖ ਕੌਮ ਆਪਣੇ ਗੁਰੂ ਦੀ ਬੇਅਦਬੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰ ਸਕਦੀ।