ਸਾਬਕਾ ਮੰਤਰੀ ਭੁੱਲਰ ਦੀ ਅਗਵਾਈ ਹੇਠ ਪੱਟੀ ਹਲਕੇ ’ਚ ਵਿਕਾਸ ਕਾਰਜ ਜਾਰੀ : ਚੀਮਾ
ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ ’ਚ ਵੀ ਕਈ ਲੋਕਪੱਖੀ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ।
Publish Date: Mon, 04 May 2026 05:18 PM (IST)
Updated Date: Tue, 05 May 2026 04:05 AM (IST)

ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਤੇ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਕਰਵਾਏ ਜਾ ਰਹੇ ਕੰਮਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਟਰੱਕ ਯੂਨੀਅਨ ਪੱਟੀ ਦੇ ਪ੍ਰਧਾਨ ਸਿਕੰਦਰ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੱਟੀ ਹਲਕੇ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਤੇ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਵਚਨਬੱਧ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਯੋਜਨਾਵਾਂ ਤਿਆਰ ਕੀਤੀਆਂ ਹਨ। ਪੱਟੀ ਹਲਕੇ ’ਚ ਸੜਕਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਦਾ ਨਿਰਮਾਣ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ, ਸਟਰੀਟ ਲਾਈਟਾਂ ਤੇ ਹੋਰ ਜਨਤਕ ਸੁਵਿਧਾਵਾਂ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਹਲਕੇ ਦੇ ਵਿਕਾਸ ਲਈ ਜੋ ਵੀ ਮੰਗਾਂ ਲੋਕਾਂ ਵੱਲੋਂ ਰੱਖੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਹਮੇਸ਼ਾ ਹੀ ਹਲਕੇ ਦੇ ਲੋਕਾਂ ਨਾਲ ਜੁੜੇ ਰਹੇ ਹਨ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਯਤਨਸ਼ੀਲ ਹਨ। ਉਨ੍ਹਾਂ ਦੀ ਅਗਵਾਈ ਹੇਠ ਪੱਟੀ ਹਲਕੇ ’ਚ ਹੋ ਰਹੇ ਵਿਕਾਸ ਕਾਰਜਾਂ ਕਾਰਨ ਲੋਕਾਂ ’ਚ ਸੰਤੁਸ਼ਟੀ ਦਾ ਮਾਹੌਲ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ ’ਚ ਵੀ ਕਈ ਲੋਕਪੱਖੀ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਚੀਮਾ ਨੇ ਕਿਹਾ ਕਿ ਟਰੱਕ ਯੂਨੀਅਨ ਪੱਟੀ ਵੱਲੋਂ ਵੀ ਹਮੇਸ਼ਾ ਲੋਕ ਭਲਾਈ ਦੇ ਕੰਮਾਂ ’ਚ ਸਹਿਯੋਗ ਦਿੱਤਾ ਜਾਂਦਾ ਹੈ ਤੇ ਭਵਿੱਖ ’ਚ ਵੀ ਵਿਕਾਸ ਕਾਰਜਾਂ ਲਈ ਸਰਕਾਰ ਦੇ ਨਾਲ ਖੜ੍ਹੇ ਰਹਾਂਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਤੇ ਤਰੱਕੀ ਦੀ ਸੋਚ ਨੂੰ ਮਜ਼ਬੂਤ ਕਰਨ ਲਈ ਸਰਕਾਰ ਦਾ ਸਾਥ ਦੇਣ ਤਾਂ ਜੋ ਪੱਟੀ ਹਲਕੇ ਨੂੰ ਹੋਰ ਤਰੱਕੀਸ਼ੀਲ ਬਣਾਇਆ ਜਾ ਸਕੇ।