ਪੱਤਰ ਪ੍ਰੇਰਕ, ਤਰਨਤਾਰਨ : ਪਿੰਡ ਵਾਂ ਤਾਰਾ ਸਿੰਘ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪੰਜ ਲੋਕਾਂ ਨੇ ਦੋ ਲੋਕਾਂ ਉੱਪਰ ਰਾਈਫਲ ਨਾਲ ਗੋਲੀ ਚਲਾ ਦਿੱਤੀ। ਇਸ ਦੌਰਾਨ ਉਨ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਬਾਅਦ ਵਿਚ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਘਟਨਾ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਹਮਲਾਵਰਾਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਜਦੋਂਕਿ ਜ਼ਖ਼ਮੀ ਸਰਕਾਰੀ ਹਸਪਤਾਲ ਖੇਮਕਰਨ ਦਾਖ਼ਲ ਹਨ।

ਗੁਰਸਾਹਿਬ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਵਾਂ ਤਾਰਾ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਦਾ ਕੁਝ ਸਮਾਂ ਪਹਿਲਾਂ ਤਰਸੇਮ ਸਿੰਘ ਪੁੱਤਰ ਬਲਦੇਵ ਸਿੰਘ, ਕਰਨਦੀਪ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਵਾਂ ਤਾਰਾ ਸਿੰਘ ਨਾਲ ਝਗੜਾ ਹੋਇਆ ਸੀ। ਜਿਸ ਦੌਰਾਨ ਉਨ੍ਹਾਂ ਨੇ ਪਹਿਲਾਂ ਵੀ ਉਨ੍ਹਾਂ ਉੱਪਰ ਗੋਲੀ ਚਲਾਈ ਸੀ। ਗੁਰਸਾਹਿਬ ਸਿੰਘ ਨੇ ਦੱਸਿਆ ਕਿ ਲੰਘੇ ਦਿਨ ਉਹ ਅਤੇ ਸਿਮਰਨਜੀਤ ਸਿੰਘ ਉਰਫ ਬਿੱਲਾ ਪੁੱਤਰ ਗੁਰਦੇਵ ਸਿੰਘ ਆਪਣੇ ਖੇਤਾਂ ਵੱਲ ਜਾ ਰਹੇ ਸੀ। ਇਸ ਦੌਰਾਨ ਜਿੰਨ ਕਾਰ 'ਚ ਸਵਾਰ ਤਰਸੇਮ ਸਿੰਘ ਅਤੇ ਕਰਨਦੀਪ ਆਪਣੇ ਤਿੰਨ ਅਣਪਛਾਤੇ ਵਿਅਕਤੀ ਨੂੰ ਨਾਲ ਲੈ ਕੇ ਆ ਗਏ। ਜਿਨ੍ਹਾਂ ਨੇ ਆਉਂਦਿਆਂ ਹੀ 12 ਬੋਰ ਰਾਈਫਲ ਨਾਲ ਉਸ 'ਤੇ ਫਾਇਰ ਕਰ ਦਿੱਤੇ। ਜਿਸ ਨੇ ਭੱਜ ਕੇ ਆਪਣੀ ਜਾਨ ਬਚਾਈ। ਘਟਨਾ ਸਬੰਧੀ ਰਾਜੀਨਾਮੇ ਦੀ ਗੱਲ ਪਿੰਡ ਦੇ ਮੋਹਤਬਰ ਲੋਕਾਂ ਵਿਚ ਚੱਲ ਰਹੀ ਸੀ। ਪਰ ਉਕਤ ਲੋਕਾਂ ਨੇ ਮੁੜ ਇਕੱਠੇ ਹੋ ਕੇ ਉਸ ਉੱਪਰ ਦਾਤਰਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਹੋਣ 'ਤੇ ਜਦੋਂ ਉਸਨੇ ਰੌਲਾ ਪਾਇਆ ਤਾਂ ਉਸ ਦੇ ਤਾਏ ਦਾ ਲੜਕਾ ਜਗਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਵਾਂ ਤਾਰਾ ਸਿੰਘ ਉਸ ਨੂੰ ਛੁਡਾਉਣ ਲਈ ਆਇਆ। ਹਮਲਾਵਰਾਂ ਨੇ ਉਸ ਉੱਪਰ ਵੀ ਦਾਤਰ ਨਾਲ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਏਐੱਸਆਈ ਤਰਸੇਮ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ। ਜਦੋਂਕਿ ਜ਼ਖ਼ਮੀ ਹੋਏ ਵਿਅਕਤੀ ਸਰਕਾਰੀ ਹਸਪਤਾਲ ਖੇਮਕਰਨ ਵਿਖੇ ਜੇਰੇ ਇਲਾਜ ਹਨ।

Posted By: Sarabjeet Kaur